ਖੇਤਾਂ ''ਚ ਪਹੁੰਚੀ ਅਧਿਕਾਰੀਆਂ ਦੀ ਟੀਮ ਦਾ ਕਿਸਾਨਾਂ ਕੀਤਾ ਘਿਰਾਓ

11/12/2019 11:57:01 AM

ਭਵਾਨੀਗੜ੍ਹ (ਵਿਕਾਸ, ਕਾਂਸਲ, ਸੰਜੀਵ) : ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਕਾਰਵਾਈ ਕਰਨ ਪਹੁੰਚੇ ਖੇਤੀਬਾੜੀ ਵਿਭਾਗ ਦੇ ਜ਼ਿਲਾ ਅਫ਼ਸਰ ਸਮੇਤ ਡੀ. ਆਰ. ਸੰਗਰੂਰ ਦੀ ਟੀਮ ਦਾ ਅੱਜ ਪਿੰਡ ਘਰਾਚੋਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਕਿਸਾਨਾਂ ਨੇ ਘਿਰਾਓ ਕਰ ਦਿੱਤਾ, ਜਿਸ ਉਪਰੰਤ ਕਿਸਾਨਾਂ ਨੇ ਪੂਰੀ ਟੀਮ ਨੂੰ ਨਜ਼ਰਬੰਦ ਕਰ ਲਿਆ ਅਤੇ ਧਰਨੇ 'ਤੇ ਬੈਠਿਆਂ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ। ਹਾਲਾਂਕਿ ਅਧਿਕਾਰੀਆਂ ਨੇ ਕਿਸਾਨਾਂ ਨੂੰ ਦੱਸਿਆ ਕਿ ਉਹ ਕੋਈ ਕਾਰਵਾਈ ਲਈ ਨਹੀਂ ਬਲਕਿ ਹੈਪੀ ਸੀਡਰ ਨਾਲ ਕਣਕ ਦੀ ਬੀਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਤ ਕਰਨ ਲਈ ਪਿੰਡਾਂ ਦੇ ਦੌਰੇ 'ਤੇ ਹਨ ਪਰ ਕਿਸਾਨਾਂ ਨੇ ਅਧਿਕਾਰੀਆਂ ਦੀ ਇਕ ਨਾ ਸੁਣੀ।

ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਸਰਕਾਰ ਕੋਲ ਕਿਸਾਨਾਂ ਕੋਲ ਬਚੀ ਪਰਾਲੀ ਨੂੰ ਟਿਕਾਣੇ ਲਾਉਣ ਲਈ ਕੋਈ ਯੋਜਨਾ ਜਾਂ ਬਦਲਾਅ ਨਹੀਂ ਹੈ, ਜਿਸ ਕਰਕੇ ਕਿਸਾਨ ਮਜਬੂਰੀਵਸ ਪਰਾਲੀ ਨੂੰ ਸਾੜ ਰਹੇ ਹਨ ਪਰ ਪ੍ਰਸ਼ਾਸਨ ਅਤੇ ਪੁਲਸ ਵੱਲੋਂ ਧੜਾਧੜ ਉਨ੍ਹਾਂ ਖਿਲਾਫ ਮਾਮਲੇ ਦਰਜ ਕਰਨ ਅਤੇ ਹੋਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਜੋ ਸਰਕਾਰ ਦੀ ਸਰਾਸਰ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਸਬੂਤ ਹੈ।

ਇਸ ਮੌਕੇ ਕਿਸਾਨ ਆਗੂ ਮਨਜੀਤ ਸਿੰਘ ਘਰਾਚੋਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਪਰਾਲੀ ਸਾੜਣ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਤੋਂ ਬਾਜ਼ ਨਹੀਂ ਆਉਂਦੀ ਤਾਂ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਇਸੇ ਤਰ੍ਹਾਂ ਵਿਰੋਧ ਕੀਤਾ ਜਾਵੇਗਾ ਅਤੇ ਸਰਕਾਰ ਖਿਲਾਫ਼ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਓਧਰ ਜ਼ਿਲਾ ਖੇਤੀਬਾੜੀ ਮੁੱਖ ਅਫ਼ਸਰ ਜਸਵਿੰਦਰ ਪਾਲ ਸਿੰਘ ਗਰੇਵਾਲ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਦੀ ਟੀਮ ਰੁਟੀਨ ਚੈਕਿੰਗ 'ਤੇ ਸੀ ਅਤੇ ਹੈਪੀ ਸੀਡਰ ਨਾਲ ਕਣਕ ਦੀ ਬੀਜਾਈ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰ ਰਹੀ ਸੀ ਪਰ ਕਿਸਾਨਾਂ ਨੇ ਬਿਨਾਂ ਵਜ੍ਹਾ ਉਨ੍ਹਾਂ ਨੂੰ ਰੋਕ ਲਿਆ ਅਤੇ ਘਿਰਾਓ ਕਰ ਦਿੱਤਾ। ਖਬਰ ਲਿਖੇ ਜਾਣ ਸਮੇਂ ਤੱਕ ਕਿਸਾਨਾਂ ਦਾ ਧਰਨਾ ਅਤੇ ਘਿਰਾਓ ਜਾਰੀ ਸੀ ਅਤੇ ਪੁਲਸ ਫੋਰਸ ਮੌਕੇ 'ਤੇ ਪਹੁੰਚੀ ਹੋਈ ਸੀ।

cherry

This news is Content Editor cherry