ਗੰਨਾ ਮਿੱਲ ਦੇ ਗੇਟ ਅੱਗੇ ਲਾਇਆ ਧਰਨਾ, ਟਰਾਲੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ

12/06/2019 5:15:33 PM

ਧੂਰੀ (ਜੈਨ) : ਗੰਨਾਂ ਕਾਸ਼ਤਕਾਰ ਸੰਘਰਸ਼ ਕਮੇਟੀ ਵੱਲੋਂ ਗੰਨੇ ਦੇ ਚਾਲੂ ਸੀਜ਼ਨ ਦੀ ਅਦਾਇਗੀ ਅਤੇ ਸੰਘਰਸ਼ਸ਼ੀਲ ਕਿਸਾਨਾਂ ਦਾ ਗੰਨਾ ਬਾਊਂਡ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਗੰਨਾ ਮਿੱਲ ਦੇ ਗੇਟ ਅੱਗੇ ਧਰਨਾ ਲਾ ਕੇ ਮਿੱਲ ਅੰਦਰ ਗੰਨੇ ਦੀ ਆਮਦ ਨੂੰ ਠੱਪ ਰੱਖਿਆ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਵੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਦਿਆਂ ਅੱਜ ਦੇ ਧਰਨੇ 'ਚ ਸ਼ਮੂਲੀਅਤ ਕੀਤੀ। ਇਸ ਦੇ ਚੱਲਦਿਆਂ ਮਿੱਲ ਦੇ ਗੇਟ ਦੇ ਬਾਹਰ ਗੰਨੇ ਨਾਲ ਭਰੀਆਂ ਟਰਾਲੀਆਂ ਦੀਆਂ ਲੰਬੀਆਂ-ਲੰਬੀਆਂ ਕਤਾਰਾਂ ਲੱਗ ਗਈਆਂ। ਇਸ ਮੌਕੇ ਕਿਸਾਨਾਂ ਨੇ ਆਪਣੀਆਂ ਮੰਗਾਂ ਦੇ ਹੱਕ 'ਚ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਗੰਨੇ ਦੀ ਬਕਾਇਆ ਅਦਾਇਗੀ ਲਈ ਸੰਘਰਸ਼ ਕਰਨ ਵਾਲੇ ਕਿਸਾਨਾਂ ਖਿਲਾਫ ਮਿੱਲ ਪ੍ਰਬੰਧਕਾਂ ਵੱਲੋਂ ਬਦਲਾਖੋਰੀ ਦੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਦੇ ਚੱਲਦਿਆਂ ਉਕਤ ਸੰਘਰਸ਼ 'ਚ ਮੋਹਰੀ ਭੂਮਿਕਾ ਅਦਾ ਕਰਨ ਵਾਲੇ ਕਿਸਾਨਾਂ ਦਾ ਗੰਨਾ ਬਾਊਂਡ ਨਹੀਂ ਕੀਤਾ ਜਾ ਰਿਹਾ।

PunjabKesari

ਸੰਘਰਸ਼ ਕਮੇਟੀ ਦੇ ਕਨਵੀਨਰ ਹਰਜੀਤ ਸਿੰਘ ਧਨੋਆ ਨੇ ਦੱਸਿਆ ਕਿ ਮਿੱਲ ਪ੍ਰਬੰਧਕਾਂ ਵੱਲੋਂ ਬਦਲਾ ਲਊ ਭਾਵਨਾ ਤਹਿਤ ਸੰਘਰਸ਼ 'ਚ ਮੋਹਰੀ ਰਹੇ 11 ਗੰਨਾ ਕਾਸ਼ਤਕਾਰਾਂ ਦਾ ਗੰਨਾ ਬਾਊਂਡ ਨਹੀਂ ਕੀਤਾ ਗਿਆ ਹੈ। ਉਨ੍ਹਾਂ ਇਸ ਤੋਂ ਇਲਾਵਾ ਮਿੱਲ ਪ੍ਰਬੰਧਕਾਂ ਵੱਲੋਂ ਗੰਨੇ ਦੇ ਚਾਲੂ ਸੀਜ਼ਨ ਦੀ ਅਦਾਇਗੀ ਨੂੰ ਲੈ ਕੇ ਰੇੜਕੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਮਿੱਲ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਮੌਜੂਦਾ ਸੀਜ਼ਨ ਦੀ ਅਦਾਇਗੀ 14 ਦਿਨਾਂ 'ਚ ਕੀਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ ਜਦਕਿ ਕਿਸਾਨਾਂ ਦੀ ਇਹ ਮੰਗ ਹੈ ਕਿ ਗੰਨੇ ਦੀ ਅਦਾਇਗੀ 14 ਦਿਨਾਂ ਦੀ ਬਜਾਏ 24 ਘੰਟਿਆਂ ਦੇ ਅੰਦਰ-ਅੰਦਰ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜਦ ਤੱਕ ਮਿੱਲ ਪ੍ਰਬੰਧਕਾਂ ਵੱਲੋਂ ਸਾਰੇ ਗੰਨਾ ਕਾਸ਼ਤਕਾਰਾਂ ਦਾ ਗੰਨਾ ਬਾਊਂਡ ਨਹੀਂ ਕੀਤਾ ਜਾਂਦਾ ਅਤੇ ਗੰਨੇ ਦੇ ਮੌਜੂਦਾ ਸੀਜ਼ਨ ਦੀ ਅਦਾਇਗੀ 24 ਘੰਟਿਆਂ ਦੇ ਅੰਦਰ-ਅੰਦਰ ਕਰਨ ਦਾ ਭਰੋਸਾ ਨਹੀਂ ਦਿੱਤਾ ਜਾਂਦਾ, ਤਦ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਹਰਬੰਸ ਸਿੰਘ ਲੱਡਾ, ਅਵਤਾਰ ਸਿੰਘ ਤਾਰੀ ਭੁੱਲਰਹੇੜੀ, ਸੰਤ ਸਿੰਘ ਪਲਾਸੌਰ, ਹਰਿੰਦਰ ਸਿੰਘ ਭੀਲੋਵਾਲ ਆਦਿ ਮੌਜੂਦ ਸਨ।


cherry

Content Editor

Related News