ਬੇਅਦਬੀਆਂ ਦਾ ਇਨਸਾਫ਼ ਲੈਣ ਦੇ ਲਈ ਸੰਘਰਸ਼ ਤੇਜ਼ ਕਰਾਂਗੇ : ਮਾਨ

07/24/2021 1:21:37 PM

ਬਠਿੰਡਾ (ਵਰਮਾ): ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਸਿੱਖ ਕੌਮ ਨੂੰ 6 ਸਾਲਾਂ ਤੋਂ ਬਾਅਦ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਸਰਕਾਰ ਦੋਵੇਂ ਹੀ ਸਿੱਖਾਂ ਵਿਰੋਧੀ ਹਨ ਅਤੇ ਇਨ੍ਹਾਂ ਦਾ ਰਾਜ ਵਿਚ ਵੀ ਸਿੱਖਾਂ ਨੂੰ ਇਨਸਾਫ਼ ਦੀ ਕੋਈ ਉਮੀਦ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਬੇਅਦਬੀ ਦੀ ਘਟਨਾਵਾਂ ਵਿਚ ਇਨਸਾਫ਼ ਲੈਣ ਲਈ ਐੱਸ.ਜੀ.ਪੀ.ਸੀ. ਚੋਣਾਂ ਕਰਵਾਉਣ ਦੇ ਲਈ 2 ਅਗਸਤ ਨੂੰ ਡਿਪਟੀ ਕਮਿਸ਼ਨਰਾਂ ਨੂੰ ਮੰਗ-ਪੱਤਰ ਸੌਂਪ ਕੇ ਅਲਟੀਮੇਟਮ ਦਿੱਤੇ ਜਾਣਗੇ।ਇਸ ਤੋਂ ਬਾਅਦ 8 ਅਗਸਤ ਨੂੰ ਬਰਗਾੜੀ ਵਿਚ ਵੱਡਾ ਇਕੱਠ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਬਰਗਾੜੀ ਮੋਰਚੇ ਵਿਚ 20 ਦਿਨਾਂ ਤੋਂ 5-5 ਮੈਂਬਰਾਂ ਦਾ ਜਥਾ ਲਗਾਤਾਰ ਗ੍ਰਿਫ਼ਤਾਰੀਆਂ ਦੇ ਰਿਹਾ ਹੈ ਪਰ ਸਰਕਾਰ ਇਸ ਮਾਮਲੇ ਵਿਚ ਕੋਈ ਕਦਮ ਨਹੀਂ ਚੁੱਕ ਰਹੀ । ਨਵਜੋਤ ਸਿੰਘ ਸਿੱਧੂ ਕਾਂਗਰਸ ਦੇ ਪ੍ਰਧਾਨ ਬਣਨ ’ਤੇ ਤੰਜ ਕੱਸਦਿਆਂ ਮਾਨ ਨੇ ਕਿਹਾ ਕਿ ਜਿਵੇਂ ਕੈਪਟਨ ਨੇ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਵਾਅਦੇ ਪੂਰੇ ਨਹੀਂ ਕੀਤੇ, ਠੀਕ ਉਸੇ ਤਰ੍ਹਾਂ ਸਿੱਧੂ ਵੀ ਇਨਸਾਫ਼ ਦੇਵੇਗਾ।ਇਸ ਮੌਕੇ ਪ੍ਰੋ. ਮਹਿੰਦਰ ਪਾਲ ਸਿੰਘ ਖ਼ਾਲਸਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਸੇਵਕ ਸਿੰਘ ਜਵਾਹਰਕੇ, ਪਰਮਿੰਦਰ ਸਿੰਘ ਬਾਲਿਆਂਵਾਲੀ, ਯਾਦਵਿੰਦਰ ਸਿੰਘ ਭਾਗੀਵਾਂਦਰ, ਮਨਜੀਤ ਸਿੰਘ ਸੀਰਾ, ਸਿਮਰਨਜੋਤ ਸਿੰਘ ਖਾਲਸਾ, ਸੁਖਦੇਵ ਸਿੰਘ ਕਾਲਾ ਆਦਿ ਹਾਜ਼ਰ ਸਨ।

Shyna

This news is Content Editor Shyna