ਬੇਅਦਬੀ ਕਾਂਡ: ਤਿੰਨ ਡੇਰਾ ਪ੍ਰੇਮੀਆਂ ਦੇ ਵਾਰੰਟ ਜਾਰੀ

10/28/2020 10:39:24 AM

ਫਰੀਦਕੋਟ (ਜਗਦੀਸ਼): ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਚੋਂ ਪਹਿਲੀ ਜੂਨ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਕੇ ਉਸ ਦੀ ਬੇਅਦਬੀ ਕਰਨ ਦੇ ਮਾਮਲੇ ਦੀ ਅੱਜ ਇੱਥੇ ਇਲਾਕਾ ਮੈਜਿਸਟ੍ਰੇਟ ਸੁਰੇਸ਼ ਕੁਮਾਰ ਦੀ ਅਦਾਲਤ ਵਿਚ ਸੁਣਵਾਈ ਹੋਈ।ਇਸ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਸਿਰਸਾ ਦੀ ਕੌਮੀ ਕਾਰਜਕਾਰੀ ਕਮੇਟੀ ਦੇ ਤਿੰਨ ਮੈਂਬਰਾਂ ਹਰੀਸ਼ ਧੁਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬੱਤਰਾ ਦੀ ਗ੍ਰਿਫਤਾਰੀ ਲਈ ਅਦਾਲਤ ਨੂੰ ਇਕ ਵਾਰ ਫਿਰ ਵਾਰੰਟ ਜਾਰੀ ਕਰਨ ਦੀ ਬੇਨਤੀ ਕੀਤੀ।

ਅਦਾਲਤ ਨੇ ਇਨ੍ਹਾਂ ਤਿੰਨਾਂ ਮੁਲਜ਼ਮਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਦਿਆਂ ਜਾਂਚ ਟੀਮ ਨੂੰ ਆਦੇਸ਼ ਦਿੱਤਾ ਕਿ ਇਨ੍ਹਾਂ ਨੂੰ 20 ਨਵੰਬਰ ਤੱਕ ਗ੍ਰਿਫਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇ।ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਤਿੰਨ ਡੇਰਾ ਪ੍ਰੇਮੀਆਂ ਦੀ ਗ੍ਰਿਫ਼ਤਾਰੀ ਲਈ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿਚ ਛਾਪੇ ਮਾਰੇ ਜਾ ਰਹੇ ਹਨ ਪਰ ਮੁਲਜ਼ਮ ਅਜੇ ਤੱਕ ਪੁਲਸ ਦੀ ਗ੍ਰਿਫ਼ਤ ਵਿਚ ਨਹੀਂ ਆਏ। ਮੁੱਖ ਮਾਮਲੇ ਦੀ ਸੁਣਵਾਈ ਅਦਾਲਤ ਨੇ ਪਹਿਲੀ ਦਸੰਬਰ ਤੱਕ ਮੁਲਤਵੀ ਕਰ ਦਿੱਤੀ। ਅੱਜ ਸੁਣਵਾਈ ਦੌਰਾਨ ਕੋਈ ਵੀ ਡੇਰਾ ਪ੍ਰੇਮੀ ਅਦਾਲਤ ਵਿਚ ਹਾਜ਼ਰ ਨਹੀਂ ਸੀ।ਇਸ ਕੇਸ ਵਿਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।6 ਜੁਲਾਈ ਨੂੰ ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਮੁਖੀ ਅਤੇ ਬੇਅਦਬੀ ਦੀ ਸਾਜਿਸ਼ ਰਚਣ ਦੇ ਦੋਸ਼ ਹੇਠ ਚਲਾਨ ਵੀ ਅਦਾਲਤ ਵਿਚ ਪੇਸ਼ ਕਰ ਦਿੱਤਾ ਸੀ। ਡੇਰੇ ਦੇ ਮੁੱਖ ਮੈਂਬਰ ਮਹਿੰਦਰਪਾਲ ਬਿੱਟੂ ਨੂੰ ਵੀ ਇਸ ਮਾਮਲੇ ਵਿਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ। ਹਾਲਾਂਕਿ ਉਸ ਦਾ ਨਾਭਾ ਜੇਲ ਵਿਚ ਅਦਾਲਤੀ ਹਿਰਾਸਤ ਵਿਚ ਕਤਲ ਹੋ ਗਿਆ ਸੀ।


Shyna

Content Editor

Related News