ਜ਼ਿਲ੍ਹਾ ਪੁਲਸ ਨਾਗਰਿਕਾਂ ਨੂੰ ਬਿਹਤਰੀਨ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : SSP ਸ਼ਰਮਾ

03/21/2022 6:14:43 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਜ਼ਿਲ੍ਹਾ ਪੁਲਸ ਨਾਗਰਿਕਾਂ ਨੂੰ ਬਿਹਤਰੀਨ ਪੁਲਸ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜੇਕਰ ਕੋਈ ਵੀ ਪੁਲਸ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਨਾਗਰਿਕ ਦੇ ਕੰਮ ਨੂੰ ਮੁਕੰਮਲ ਕਰਨ ’ਚ ਜਾਣਬੁੱਝ ਕੇ ਦੇਰੀ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਨਿਯਮਾਂ ਤਹਿਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਹ ਹਦਾਇਤ ਐੱਸ. ਐੱਸ. ਪੀ. ਸਵਪਨ ਸ਼ਰਮਾ ਨੇ ਜ਼ਿਲ੍ਹੇ ਦੇ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦਿੱਤੀ। ਐੱਸ. ਐੱਸ. ਪੀ. ਨੇ ਪੁਲਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮੇਂ ਦਾ ਪਾਬੰਦ ਰਹਿਣ ਤੇ ਲੋਕਾਂ ਦੀਆਂ ਦਰਖਾਸਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਦੀ ਹਦਾਇਤ ਵੀ ਕੀਤੀ ਹੈ। ਪੁਲਸ ਲਾਈਨ ਸਟੇਡੀਅਮ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਐੱਸ. ਐੱਸ. ਪੀ.  ਨੇ ਕਿਹਾ ਕਿ ਨਾਗਰਿਕਾਂ ਨੂੰ ਬਿਹਤਰੀਨ ਪੁਲਸ ਸੇਵਾਵਾਂ ਪ੍ਰਦਾਨ ਕਰਨ ਦੇ ਟੀਚੇ ਨੂੰ ਆਪਸੀ ਸਹਿਯੋਗ ਨਾਲ ਹੀ ਪੂਰਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੁਲਸ ਚੌਕੀਆਂ ਤੇ ਥਾਣਿਆਂ ’ਚ ਆਉਣ ਵਾਲੇ ਹਰ ਉਮਰ ਵਰਗ ਦੇ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦਿਆਂ ਘੱਟ ਤੋਂ ਘੱਟ ਸਮੇਂ ਅੰਦਰ ਸ਼ਿਕਾਇਤਾਂ ਦਾ ਯੋਗ ਹੱਲ ਕਰਨਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ, ਕਿਹਾ-ਕਈ ਵਾਰ ਝੂਠਾ ਪ੍ਰਚਾਰ ਲੋਕਾਂ ’ਤੇ ਕਰ ਜਾਂਦੈ ਅਸਰ

ਉਨ੍ਹਾਂ ਕਿਹਾ ਕਿ ਪੁਲਸ ਥਾਣਿਆਂ ’ਚ ਆਉਣ ਵਾਲੇ ਹਰੇਕ ਵਿਅਕਤੀ ਦਾ ਮਾਣ-ਸਤਿਕਾਰ ਕੀਤਾ ਜਾਵੇ ਅਤੇ ਜਨਤਾ ਨਾਲ ਪੂਰਾ ਤਾਲਮੇਲ ਰੱਖਦਿਆਂ ਜ਼ਿਲ੍ਹੇ ’ਚ ਹਰੇਕ ਤਰ੍ਹਾਂ ਦੇ ਸ਼ਰਾਰਤੀ ਅਨਸਰਾਂ ਨੂੰ ਸਖ਼ਤੀ ਨਾਲ ਠੱਲ੍ਹ ਪਾਈ ਜਾਵੇ। ਐੱਸ. ਐੱਸ. ਪੀ. ਨੇ ਕਿਹਾ ਕਿ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਇੰਤਜ਼ਾਮਾਂ ਤੇ ਚੌਕਸੀ ’ਚ ਕੋਈ ਵੀ ਢਿੱਲ ਨਾ ਵਰਤੀ ਜਾਵੇ। ਮੀਟਿੰਗ ’ਚ ਸ਼ਾਮਲ ਚੌਕੀ ਇੰਚਾਰਜਾਂ, ਥਾਣਾ ਮੁਖੀਆਂ, ਡੀ. ਐੱਸ. ਪੀਜ਼ ਤੇ ਐੱਸ. ਪੀਜ਼ ਨੂੰ ਵਿਸਥਾਰ ’ਚ ਦਿਸ਼ਾ-ਨਿਰਦੇਸ਼ ਦਿੰਦਿਆਂ ਐੱਸ. ਐੱਸ. ਪੀ. ਨੇ ਨਸ਼ਿਆਂ ਦੀ ਮੁਕੰਮਲ ਰੋਕਥਾਮ ਲਈ ਸਾਰਥਕ ਕਦਮ ਪੁੱਟਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਚੌਕੀਆਂ, ਥਾਣਿਆਂ, ਦਫ਼ਤਰਾਂ ’ਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮੌਜੂਦਗੀ ਮਹੱਤਵਪੂਰਨ ਹੈ ਅਤੇ ਲੋਕਾਂ ਦੀਆਂ ਦਰਖਾਸਤਾਂ ਦਾ ਸਮੇਂ ਸਿਰ ਨਿਪਟਾਰਾ ਹੋਣ ਨਾਲ ਜਿਥੇ ਕੀਮਤੀ ਸਮੇਂ ਦੀ ਬੱਚਤ ਹੋਵੇਗੀ, ਉਥੇ ਹੀ ਪੁਲਸ ਦੀ ਸਾਖ ਵੀ ਪਹਿਲਾਂ ਨਾਲੋਂ ਵਧੇਰੇ ਮਜ਼ਬੂਤ ਹੋਵੇਗੀ। ਮੀਟਿੰਗ ਦੌਰਾਨ ਐੱਸ. ਪੀ. ਪਲਵਿੰਦਰ ਸਿੰਘ ਚੀਮਾ, ਕਰਨਵੀਰ ਸਿੰਘ, ਜਸਬੀਰ ਸਿੰਘ ਸਮੇਤ ਡੀ. ਐੱਸ. ਪੀਜ਼ ਸਬ-ਡਵੀਜ਼ਨ, ਐੱਸ. ਐੱਚ. ਓਜ਼ ਤੇ ਚੌਕੀ ਇੰਚਾਰਜ ਵੀ ਹਾਜ਼ਰ ਸਨ।
 


Manoj

Content Editor

Related News