ਡਵੀਜ਼ਨਲ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਅਪਣਾਉਣ ਦਾ ਸੱਦਾ
Monday, Apr 11, 2022 - 05:45 PM (IST)

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਅੱਜ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਝੋਨੇ ਦੀ ਪਨੀਰੀ ਦੀ ਬਿਜਾਈ ਲਈ ਰਵਾਇਤੀ ਢੰਗ ਨਾਲ ਬਿਜਾਈ ਕਰਨ ਦੀ ਬਜਾਏ ਵੱਟਾਂ ਪਾ ਕੇ ਸਿੱਧੀ ਬਿਜਾਈ ਵਾਲੀ ਤਕਨੀਕ ਅਪਣਾਉਣ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ 50 ਫ਼ੀਸਦੀ ਤੱਕ ਪਾਣੀ ਦੀ ਬੱਚਤ ਹੋਵੇਗੀ, ਸਗੋਂ ਝਾੜ ਵਧਾਉਣ ਅਤੇ ਲਾਗਤ ਖਰਚੇ ਘਟਾਉਣ ਵਿਚ ਵੀ ਮਦਦ ਮਿਲੇਗੀ। ਸ਼੍ਰੀ ਗੈਂਦ ਖੇਤੀਬਾੜੀ ਵਿਭਾਗ ਦੇ ਪ੍ਰਬੰਧਾਂ ਹੇਠ ਆਯੋਜਿਤ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੇ ਉਦਘਾਟਨੀ ਸੈਸ਼ਨ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨ ਲਈ ਪਹੁੰਚੇ ਸਨ।
ਇਹ ਵੀ ਪੜ੍ਹੋ : ਲੜਕੀ ਦੀ ਵਿਗੜੀ ਸਿਹਤ, ਚੈੱਕਅਪ ਕਰਨ ’ਤੇ ਡਾਕਟਰ ਨੇ ਕੀਤਾ ਹੈਰਾਨੀਜਨਕ ਖੁਲਾਸਾ
ਉਨ੍ਹਾਂ ਇਸ ਮੌਕੇ ਅਗਾਂਹਵਧੂ ਕਿਸਾਨ ਕ੍ਰਿਸ਼ੀ ਕਰਮਨ ਐਵਾਰਡੀ ਸੁਰਜੀਤ ਸਿੰਘ ਸਾਧੂਗੜ੍ਹ ਦੁਆਰਾ ਸਿੱਧੀ ਬਿਜਾਈ ਦੇ ਖੇਤਰ 'ਚ ਹਾਸਲ ਕੀਤੀਆਂ ਉਪਲਬਧੀਆਂ ਦੀ ਸੂਚੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਅੱਜ ਸਮੇਂ ਦੀ ਲੋੜ ਮੁਤਾਬਕ ਆਧੁਨਿਕ ਖੇਤੀ ਤਕਨੀਕਾਂ ਦੀ ਵਰਤੋਂ ਕਰਦਿਆਂ ਖੇਤਾਂ 'ਚ ਪਾਣੀ ਖੜ੍ਹਾ ਕੀਤੇ ਬਿਨਾਂ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਲੋੜ ਹੈ ਤਾਂ ਜੋ ਜੀਵਨ ਲਈ ਬੇਹੱਦ ਕੀਮਤੀ ਸੋਮਾ ਪਾਣੀ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਆਸਾਨੀ ਨਾਲ ਉਪਲਬਧ ਰਹਿ ਸਕੇ।
ਇਹ ਵੀ ਪੜ੍ਹੋ : ਮਾਂ ਨੇ ਦੱਸੇ ਹੈਲਮੇਟ ਦੇ ਫਾਇਦੇ ਤਾਂ 7 ਸਾਲ ਦੀ ਬੱਚੀ ਹੈਲਮੇਟ ਪਾ ਲੋਕਾਂ ਨੂੰ ਕਰਨ ਲੱਗੀ ਜਾਗਰੂਕ
ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਕਿਸਾਨ ਵੀਰਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਅਪਣਾਉਣ ਦੀ ਲੋੜ ਲਈ ਪ੍ਰੇਰਿਆ ਗਿਆ ਹੈ। ਮੁੱਖ ਮੰਤਰੀ ਦੀ ਇਸ ਸੋਚ ਨੂੰ ਹਰ ਕਿਸਾਨ ਤੱਕ ਪਹੁੰਚਾਉਣ ਦੀ ਲੋੜ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ 'ਚ ਹਰ ਨਾਗਰਿਕ ਆਪਣਾ ਯੋਗਦਾਨ ਪਾ ਸਕੇ। ਉਨ੍ਹਾਂ ਕਿਹਾ ਕਿ ਵਾਤਾਵਰਣ ਅਤੇ ਪਾਣੀ ਦੀ ਸੰਭਾਲ ਲਈ ਲੋਕ ਲਹਿਰ ਚਲਾਉਣ ਦੀ ਲੋੜ ਹੈ ਕਿਉਂਕਿ ਇਨ੍ਹਾਂ ਮੁੱਦਿਆਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਹੀ ਸਾਡੇ ਭਵਿੱਖ ਨੂੰ ਸੁਰੱਖਿਅਤ ਰੱਖ ਸਕਦੀ ਹੈ। ਗੈਂਦ ਨੇ ਦੱਸਿਆ ਕਿ ਉਨ੍ਹਾਂ ਦੀ ਕੁਝ ਦਿਨ ਪਹਿਲਾਂ ਫ਼ਤਿਹਗੜ੍ਹ ਸਾਹਿਬ ਵਿਖੇ ਕਿਸਾਨ ਸੁਰਜੀਤ ਸਿੰਘ ਸਾਧੂਗੜ੍ਹ ਨਾਲ ਮੁਲਾਕਾਤ ਹੋਈ ਸੀ, ਜਿਨ੍ਹਾਂ ਨੇ ਆਧੁਨਿਕ ਖੇਤੀ ਤਕਨੀਕਾਂ ਰਾਹੀਂ ਪਾਣੀ ਬਚਾਉਣ ਦੇ ਨਾਲ-ਨਾਲ ਵਾਤਾਵਰਣ ਨੂੰ ਬਚਾਉਣ ਦੇ ਕਾਮਯਾਬ ਤਰੀਕੇ ਦੱਸੇ ਸਨ।
ਇਹ ਵੀ ਪੜ੍ਹੋ : ਅਵਾਰਾ ਸਾਨ੍ਹ ਨੇ ਬਜ਼ੁਰਗ ਔਰਤ ਨੂੰ ਪਟਕਾ ਕੇ ਮਾਰਿਆ, ਸਿਰ 'ਚ ਲੱਗੇ 18 ਟਾਂਕੇ
ਉਨ੍ਹਾਂ ਦੱਸਿਆ ਕਿ ਇਸ ਕਿਸਾਨ ਨੇ ਸਿੱਧੀ ਬਿਜਾਈ ਦਾ ਸੰਕਲਪ ਲਿਆ ਹੈ, ਜਿਸ ਦੇ ਤਹਿਤ ਖੇਤਾਂ ਵਿਚ ਪਾਣੀ ਖੜ੍ਹਾ ਕੀਤੇ ਬਿਨਾਂ ਝੋਨੇ ਦੀ ਸਿੱਧੀ ਬਿਜਾਈ ਖੇਤਾਂ 'ਚ ਕੀਤੀ ਜਾਂਦੀ ਹੈ। ਡਵੀਜ਼ਨਲ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਅਗਾਂਹਵਧੂ ਕਿਸਾਨਾਂ ਵੱਲੋਂ ਅਪਣਾਏ ਗਏ ਇਨਸੀਟੂ ਪ੍ਰਬੰਧਨ ਅਭਿਆਸਾਂ ਨੂੰ ਪਟਿਆਲਾ ਡਵੀਜ਼ਨ ਅਧੀਨ ਆਉਂਦੇ ਸਾਰੇ ਜ਼ਿਲ੍ਹਿਆਂ ਦੀਆਂ ਅਨਾਜ ਮੰਡੀਆਂ 'ਚ ਵੱਡੀਆਂ ਡਿਸਪਲੇ ਸਕਰੀਨਾਂ ਤੋਂ ਪ੍ਰਦਰਸ਼ਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ 'ਚ ਇਨ੍ਹਾਂ ਤਕਨੀਕਾਂ ਦਾ ਪ੍ਰਦਰਸ਼ਨ ਕਰਨ ਦਾ ਉਦੇਸ਼ ਕਿਸਾਨਾਂ ਨੂੰ ਅਗਾਂਹਵਧੂ ਕਿਸਾਨਾਂ ਦੇ ਮਾਰਗ 'ਤੇ ਚੱਲਣ ਲਈ ਜਾਗਰੂਕ ਕਰਨਾ ਹੈ, ਜਿਸ ਨਾਲ ਪਾਣੀ ਦੀ ਸੰਭਾਲ ਅਤੇ ਵਾਤਾਵਰਣ ਦੀ ਸੁਰੱਖਿਆ ਵਿਚ ਯੋਗਦਾਨ ਪਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਬਹਿਬਲ ਕਲਾਂ ਦੇ ਸ਼ਹੀਦਾਂ ਸਮੇਤ 7 ਸ਼ਖ਼ਸੀਅਤਾਂ ਦੇ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ
ਕੈਂਪ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੀ ਸੰਭਾਲ 'ਚ ਸਹਾਈ ਹੋਣ ਵਾਲੀਆਂ ਖੇਤੀ ਤਕਨੀਕਾਂ ਨੂੰ ਅਪਣਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿਖੇ ਕਿਸਾਨਾਂ ਅਤੇ ਖੇਤੀਬਾੜੀ ਦੀ ਬਿਹਤਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾ ਵਚਨਬੱਧ ਹੈ। ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਦੀ ਵਰਤੋਂ ਕਰਨ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਵੀ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਕ੍ਰਿਸ਼ੀ ਕਰਮਨ ਐਵਾਰਡੀ ਕਿਸਾਨ ਸੁਰਜੀਤ ਸਿੰਘ ਅਤੇ ਉਸ ਦੇ ਪੁੱਤਰ ਅਮਰਿੰਦਰ ਸਿੰਘ ਨੇ ਆਪਣੇ ਤਜਰਬੇ ਕਿਸਾਨਾਂ ਨਾਲ ਸਾਂਝੇ ਕੀਤੇ ਤੇ ਇਸ ਤਕਨੀਕ ਨਾਲ ਝਾੜ ਵਧਾਉਣ ਦੀ ਗਾਰੰਟੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਤਕਨੀਕ ਬੇਹੱਦ ਲਾਹੇਵੰਦ ਹੈ, ਜੋ ਪਾਣੀ ਦੀ ਖਪਤ ਅਤੇ ਲਾਗਤ ਖਰਚਿਆਂ ਨੂੰ ਘਟਾਏਗੀ ਤੇ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ ਵਿਚ ਵੀ ਸਹਾਈ ਹੋਵੇਗੀ। ਸਮਾਗਮ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਵਰਗੀਆਂ ਤਕਨੀਕਾਂ ਦੀ ਵੀਡੀਓ ਵੀ ਦਿਖਾਈ ਗਈ।
ਇਹ ਵੀ ਪੜ੍ਹੋ : ਪਾਰਟੀ ’ਚੋਂ ਕੱਢੇ ਜਾਣ ਤੋਂ ਬਾਅਦ ਖੁਸ਼ੀ ’ਚ ਖੀਵੇ ਹੋਏ ਸੁਰਜੀਤ ਧੀਮਾਨ, ਲੱਡੂ ਵੰਡਦਿਆਂ ਦਿੱਤਾ ਵੱਡਾ ਬਿਆਨ
ਡਵੀਜ਼ਨਲ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੁਆਰਾ ਲਗਾਈ ਪ੍ਰਦਰਸ਼ਨੀ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਪ੍ਰਬੰਧਕਾਂ ਵੱਲੋਂ ਡਵੀਜ਼ਨਲ ਕਮਿਸ਼ਨਰ ਤੇ ਡਿਪਟੀ ਕਮਿਸ਼ਨਰ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਜ਼ਿਲ੍ਹਾ ਸਿਖਲਾਈ ਅਫਸਰ ਡਾ. ਸਤਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਤੇ ਇੰਚਾਰਜ ਕੇ. ਵੀ. ਕੇ. ਮਨਦੀਪ ਸਿੰਘ ਵੀ ਹਾਜ਼ਰ ਸਨ।