ਮੰਡੀ ਵਿਚ ਨਸ਼ੀਲੀਆਂ ਗੋਲੀਆਂ ਵੇਚਣ ਦੀ ਤਿਆਰੀ ''ਚ ਬੈਠੇ 2 ਮੁੰਡੇ ਕਾਬੂ
Monday, Sep 07, 2026 - 02:56 PM (IST)
ਤਪਾ ਮੰਡੀ (ਸ਼ਾਮ, ਗਰਗ)- ਤਪਾ ਪੁਲਸ ਨੇ ਨਸ਼ੀਲੀਆਂ ਗੋਲੀਆਂ ਦੀ ਕਥਿਤ ਤੌਰ ’ਤੇ ਵਿਕਰੀ ਕਰਨ ਦੀ ਤਿਆਰੀ ਕਰ ਰਹੇ ਦੋ ਮੁਲਜਮਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 57 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਬਰਨਾਲਾ ਸ਼੍ਰੀ ਮੁਹੰਮਦ ਸਰਫ਼ਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਤਪਾ ਜਸਕਰਨ ਸਿੰਘ ਬਰਾੜ, ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਦੀ ਅਗਵਾਈ ਹੇਠ ਪੁਲਿਸ ਵੱਲੋਂ ਇਲਾਕੇ ਵਿੱਚ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੁਰਸੇਵਕ ਸਿੰਘ ਉਰਫ਼ ਪੀਚੀ ਪੁੱਤਰ ਗੋਰਾ ਸਿੰਘ ਅਤੇ ਸੋਨੂ ਸਿੰਘ ਪੁੱਤਰ ਮਲੂਕ ਸਿੰਘ, ਵਾਸੀ ਛੱਤੀ ਖੂਹੀ ਤਪਾ, ਅਨਾਜ ਮੰਡੀ ਤਪਾ ਵਿਖੇ ਨਸ਼ੀਲੀਆਂ ਗੋਲੀਆਂ ਵੇਚਣ ਦੀ ਤਿਆਰੀ ਵਿੱਚ ਬੈਠੇ ਹਨ। ਸੂਚਨਾ ਮਿਲਣ ਉਪਰੰਤ ਏ.ਐੱਸ.ਆਈ.ਦਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਮੁਲਜਮਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 57 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
