ਝਾਰਖੰਡ ਤੋਂ ਅਫੀਮ ਲਿਆ ਕੇ ਪੰਜਾਬ ''ਚ ਵੇਚਣ ਵਾਲੇ 2 ਸਮੱਗਲਰ 66 ਕਿੱਲੋ ਅਫੀਮ ਸਣੇ STF ਨੇ ਕੀਤੇ ਕਾਬੂ
Saturday, Feb 17, 2024 - 01:28 AM (IST)
ਦੋਰਾਹਾ (ਵਿਨਾਇਕ)- ਜ਼ਿਲ੍ਹਾ ਐੱਸ.ਟੀ.ਐੱਫ. ਦੀ ਟੀਮ ਨੇ ਦੋ ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 66 ਕਿਲੋਗ੍ਰਾਮ ਅਫ਼ੀਮ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਫੜੇ ਗਏ ਮੁਲਜ਼ਮ ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਨਸ਼ਾ ਸਮੱਗਲਿੰਗ ਦਾ ਨੈੱਟਵਰਕ ਚਲਾ ਰਹੇ ਸਨ। ਫੜੇ ਗਏ ਨਸ਼ਾ ਸਮੱਗਲਰਾਂ ਦੀ ਪਛਾਣ ਗੁਰਦੇਵ ਸਿੰਘ (40) ਵਾਸੀ ਬੁਡੀਜ਼ਮ ਉੜੀਸਾ ਅਤੇ ਤੇਜਿੰਦਰ ਸਿੰਘ ਵਾਸੀ ਅਗਵਾੜ ਡਾਲਾ ਵਜੋਂ ਹੋਈ ਹੈ।
ਲੁਧਿਆਣਾ ਐੱਸ.ਟੀ.ਐੱਫ. ਦੇ ਏ.ਆਈ.ਜੀ. ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਐੱਸ.ਟੀ.ਐੱਫ. ਇੰਚਾਰਜ ਹਰਬੰਸ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਇਕ ਸਕਾਰਪੀਓ ਕਾਰ ’ਚ ਦੋ ਨਸ਼ਾ ਸਮੱਗਲਰ ਅਫੀਮ ਦੀ ਸਮੱਗਲਿੰਗ ਕਰਨ ਲਈ ਆ ਰਹੇ ਹਨ। ਇਸ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ ਲਈ ਦੋਰਾਹਾ-ਸਾਹਨੇਵਾਲ ਵਿਚਕਾਰ ਸਖ਼ਤ ਨਾਕਾਬੰਦੀ ਕਰ ਕੇ ਚੈਕਿੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਜਦੋਂ ਪੁਲਸ ਨੇ ਮੁਲਜ਼ਮਾਂ ਦੀ ਕਾਰ ਨੂੰ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ ਤਾਂ ਨਸ਼ਾ ਸਮੱਗਲਰਾਂ ਨੇ ਭੱਜਣ ਦੀ ਕੋਸ਼ਿਸ਼ ਵੀ ਕੀਤੀ ਪਰ ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਦੋਵਾਂ ਸਮੱਗਲਰਾਂ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ। ਪੁਲਸ ਨੇ ਦੱਸਿਆ ਕਿ ਮੁਲਜ਼ਮਾਂ ਨੇ ਅਫੀਮ ਦੀ ਇਹ ਖੇਪ ਆਪਣੇ ਕੱਪੜਿਆਂ ਵਿਚਕਾਰ ਲੁਕੋ ਕੇ ਰੱਖੀ ਹੋਈ ਸੀ।
ਇਹ ਵੀ ਪੜ੍ਹੋ- ਸ਼ੰਭੂ ਬਾਰਡਰ ਪਹੁੰਚਿਆ ਸ਼ਹੀਦ ਗਿਆਨ ਸਿੰਘ ਦਾ ਪਾਰਥਿਵ ਸਰੀਰ, ਨਮ ਅੱਖਾਂ ਨਾਲ ਦਿੱਤੀ ਗਈ ਸ਼ਰਧਾਂਜਲੀ (ਵੀਡੀਓ)
ਏ.ਆਈ.ਜੀ. ਸਨੇਹਦੀਪ ਸ਼ਰਮਾ ਨੇ ਅੱਗੇ ਦੱਸਿਆ ਕਿ ਦੋਵੇਂ ਸਮੱਗਲਰ ਝਾਰਖੰਡ ਤੋਂ ਅਫੀਮ ਲਿਆ ਕੇ ਪੰਜਾਬ ’ਚ ਸਪਲਾਈ ਕਰਦੇ ਸਨ। ਮੁਲਜ਼ਮ ਗੁਰਦੇਵ ਸਿੰਘ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਵਾਹਨਾਂ ਦੀ ਖਰੀਦੋ-ਫਰੋਖਤ ਦਾ ਕਾਰੋਬਾਰ ਕਰਦਾ ਹੈ ਅਤੇ ਪਿਛਲੇ 5 ਸਾਲਾਂ ਤੋਂ ਅਫੀਮ ਦੀ ਸਮੱਗਲਿੰਗ ਦੇ ਧੰਦੇ ’ਚ ਸ਼ਾਮਲ ਸ਼ੀ। ਮੁਲਜ਼ਮ ਗੁਰਦੇਵ ਖੁਦ ਅਫੀਮ ਦਾ ਸੇਵਨ ਕਰਨ ਦਾ ਆਦੀ ਹੈ, ਜਦਕਿ ਮੁਲਜ਼ਮ ਤੇਜਿੰਦਰ ਸਿੰਘ ਟਰੱਕ ਡਰਾਈਵਰ ਹੈ ਅਤੇ ਉਹ ਪਿਛਲੇ 4 ਸਾਲਾਂ ਤੋਂ ਅਫੀਮ ਦੀ ਸਮੱਗਲਿੰਗ ਕਰ ਰਿਹਾ ਸੀ। ਉਸ ਨੇ ਲੁਧਿਆਣਾ ’ਚ ਕਿਸੇ ਨੂੰ ਅਫੀਮ ਪਹੁੰਚਾਉਣੀ ਸੀ।
ਮੁਲਜ਼ਮ ਨੇ ਦੱਸਿਆ ਕਿ ਉਹ ਬਨਾਰਸ ਦੇ ਧੀਰਜ ਕੁਮਾਰ ਤੋਂ 1 ਲੱਖ 10 ਹਜ਼ਾਰ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਅਫੀਮ ਖਰੀਦਦਾ ਸੀ ਅਤੇ ਆਪਣੇ ਗਾਹਕਾਂ ਨੂੰ 2 ਲੱਖ ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਅਫੀਮ ਸਪਲਾਈ ਕਰਦਾ ਸੀ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਹ ਵੀ ਪਤਾ ਲਾਇਆ ਜਾਵੇਗਾ ਕਿ ਉਹ ਇੰਨੀ ਵੱਡੀ ਖੇਪ ਕਿਸ ਨੂੰ ਦੇਣ ਆ ਰਹੇ ਸਨ, ਜਿਸ ਸਬੰਧੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਅਹਿਮ ਖੁਲਾਸੇ ਹੋਣ ਦੀ ਪੂਰੀ ਸੰਭਾਵਨਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e