ਨਸ਼ਾ ਤਸਕਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ : ਖੁਰਾਣਾ

07/18/2018 3:36:12 PM

ਜਲਾਲਾਬਾਦ (ਸੇਤੀਆ) - ਜ਼ਿਲਾ ਪੁਲਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਨੇ ਪਲੇਠੀ ਕਾਨਫਰੰਸ ਦੌਰਾਨ ਕਿਹਾ ਕਿ ਜ਼ਿਲੇ ਅੰਦਰ ਨਸ਼ਾ ਤਸਕਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਅਜਿਹਾ ਕਰਨ ਵਾਲੇ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤੌਰ 'ਤੇ ਚਲਾਈ ਜਾ ਰਹੀ ਤੰਦਰੁਸਤ ਪੰਜਾਬ ਅਤੇ ਨਸ਼ਾ ਮੁਕਤੀ ਮੁਹਿੰਮ ਤਹਿਤ ਜ਼ਿਲਾ ਪੁਲਸ ਮੁਖੀ ਵੱਲੋਂ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਇਕ ਟੋਲ ਫ੍ਰੀ ਨੰਬਰ 1800 180 2181 ਜਾਰੀ ਕਰ ਦਿੱਤਾ ਗਿਆ ਹੈ। ਇਸ ਮੌਕੇ ਐੱਸ.ਪੀ.ਐੱਚ. ਸ੍ਰੀ ਵਿਨੋਦ ਕੁਮਾਰ ਚੌਧਰੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਇਸ ਦੌਰਾਨ ਜ਼ਿਲਾ ਪੁਲਸ ਮੁਖੀ ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਜ਼ਿਲਾ ਵਾਸੀਆਂ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨਸ਼ਾ ਕਰਨ ਵਾਲੇ ਵਿਅਕਤੀਆਂ ਦੇ ਮਾਪਿਆਂ ਨੂੰ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਨਸ਼ਾ ਮੁਕਤੀ ਕੇਂਦਰਾਂ 'ਚ ਦਾਖਲ ਕਰਵਾਉਣ ਅਤੇ ਉਨ੍ਹਾਂ ਨੂੰ ਅੱਗੇ ਵੱਧਣ ਲਈ ਪ੍ਰੇਰਿਤ ਕਰਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਅਤੇ ਡੈਪੋ ਮੁਹਿੰਮ ਤਹਿਤ ਜ਼ਿਲੇ ਨੂੰ ਨਸ਼ਾ ਮੁਕਤ ਕਰਨ ਲਈ ਪਿੰਡਾਂ, ਸ਼ਹਿਰਾਂ ਤੇ ਕਸਬਿਆਂ 'ਚ ਨਸ਼ਾ ਵਿਰੋਧੀ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲਾ ਪੁਲਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਨੇ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਜਾਰੀ ਕੀਤੇ ਇਸ ਟੋਲ ਫ੍ਰੀ ਨੰਬਰ 'ਤੇ ਕੋਈ ਵੀ ਵਿਅਕਤੀ ਨਸ਼ੇ ਸਬੰਧੀ ਸੂਚਨਾ ਦੇ ਸਕਦਾ ਹੈ ਅਤੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।  
ਇਸ ਦੌਰਾਨ ਜ਼ਿਲਾ ਪੁਲਸ ਮੁਖੀ ਨੇ ਦੱਸਿਆ ਕਿ ਜ਼ਿਲੇ ਅੰਦਰ ਚੋਰੀ ਅਤੇ ਕਈ ਹੋਰ ਤਰ੍ਹਾਂ ਦੀਆਂ ਵਾਰਦਾਤਾਂ ਹੁੰਦੀਆਂ ਹਨ, ਜਿਨ੍ਹਾਂ ਦੀ ਰੋਕਥਾਮ ਲਈ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਸੀ.ਸੀ.ਟੀ.ਵੀ. ਕੈਮਰੇ ਲਗਾਵਾਏ ਜਾਣਗੇ। ਉਨ੍ਹਾਂ ਜ਼ਿਲੇ ਅੰਦਰ ਨਸ਼ੇ ਦੀ ਰੋਕਥਾਮ ਲਈ ਕੰਮ ਕਰ ਰਹੀਆਂ ਕਮੇਟੀਆਂ ਅਤੇ ਹੋਰ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਨਸ਼ਾ ਤਸਕਰ ਸਬੰਧੀ ਕੋਈ ਵੀ ਸੂਚਨਾ ਮਿਲਦੀ ਹੈ ਤਾਂ ਉਹ ਪੁਲਸ ਦੇ ਉੱਚ ਅਧਿਕਾਰੀਆਂ ਦੇ ਧਿਆਨ 'ਚ ਲਿਆਉਣ।


Related News