ਜਥੇਦਾਰ ਹਰਪ੍ਰੀਤ ਸਿੰਘ ਦਾ ਬਿਆਨ- ਸਿੱਖ ਸੰਸਥਾਵਾਂ ਨੂੰ ਖ਼ਤਮ ਕਰਨ ਦੇ ਯਤਨ, ਕੌਮ ਹੋਵੇ ਸੁਚੇਤ
Tuesday, Dec 13, 2022 - 01:59 PM (IST)
ਤਲਵੰਡੀ ਸਾਬੋ (ਮੁਨੀਸ਼) : ਮਾਲਵੇ ਅੰਦਰ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਨੂੰ ਪੇਸ਼ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਦੀ ਇੱਕ ਅਹਿਮ ਮੀਟਿੰਗ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਗਈ, ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਭਾਈ ਰਜਿੰਦਰ ਸਿੰਘ ਮਹਿਤਾ ਇੰਚਾਰਜ ਆਲ ਇੰਡੀਆਂ ਧਰਮ ਪ੍ਰਚਾਰ ਕਮੇਟੀ, ਭਾਈ ਗੁਰਪ੍ਰੀਤ ਸਿੰਘ ਝੱਬਰ ਇੰਚਾਰਜ ਤਖ਼ਤ ਸਾਹਿਬ ਜੋਨ ਧਰਮ ਪ੍ਰਚਾਰ ਵਿਸ਼ੇਸ਼ ਤੌਰ ’ਤੇ ਪੁੱਜੇ। ਮੀਟਿੰਗ ਦੌਰਾਨ ਸਮੂਹ ਪ੍ਰਚਾਰਕਾਂ, ਕਥਾ ਵਾਚਕ, ਢਾਡੀ, ਕਵੀਸ਼ਰ ਨੇ ਸਿੱਖੀ ਦੇ ਪ੍ਰਚਾਰ ਨੂੰ ਹੋਰ ਤੇਜ਼ ਕਰਨ ਲਈ ਵਿਚਾਰ ਸਾਂਝੇ ਕੀਤੇ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਖਾਲਸਾ ਪੰਥ ਨੂੰ ਇਸ ਮੌਕੇ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿੱਖ ਸੰਸਥਾਵਾਂ ਨੂੰ ਖ਼ਤਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਅੰਦਰੋਂ ਅਤੇ ਬਾਹਰੋਂ ਸੰਸਥਾਵਾਂ ਨੂੰ ਖੋਰਾ ਲਗਾਇਆ ਜਾ ਰਿਹਾ ਹੈ ਤੇ ਇਸ ਤੋਂ ਇਲਾਵਾ ਵੱਡੇ ਪੱਧਰ 'ਤੇ ਸਿੱਖ ਕੌਮ ਨੂੰ ਸੁਚੇਤ ਅਤੇ ਸਾਵਧਾਨ ਹੋਣ ਦੀ ਜ਼ਰੂਰਤ ਹੈ। ਇਸ ਮਕਸਦ ਲਈ ਸਿੱਖ ਪ੍ਰਚਾਰਕਾਂ ਦੀ ਬਹੁਤ ਵੱਡੀ ਜ਼ਰੂਰਤ ਹੈ।
ਇਹ ਵੀ ਪੜ੍ਹੋ- ਬਠਿੰਡਾ 'ਚ ਮੁੜ ਖ਼ੌਫ਼ਨਾਕ ਵਾਰਦਾਤ, 4 ਸਾਲਾ ਬੱਚੇ ਦੀ ਮਾਂ ਨੂੰ ਦਿੱਤੀ ਦਰਦਨਾਕ ਮੌਤ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਪ੍ਰਚਾਰਕਾਂ ਨੂੰ ਜੋ ਪ੍ਰੋਗਰਾਮ ਦਿੱਤੇ ਗਏ ਹਨ, ਪ੍ਰਚਾਰਕ ਸਾਹਿਬਾਨ ਬੜੀ ਤਨਦੇਹੀ ਨਾਲ ਨਿਭਾਉਣਗੇ ਕਿਉਂਕਿ ਅੱਜ ਦੇ ਸਮੇਂ ਦੀ ਬਹੁਤ ਵੱਡੀ ਜ਼ਰੂਰਤ ਸਿੱਖੀ ਦੇ ਪ੍ਰਚਾਰ ਕਰਕੇ ਨੌਜਵਾਨ ਪੀੜ੍ਹੀ ਅਤੇ ਸੰਗਤਾਂ ਨੂੰ ਸਿੱਖੀ ਨਾਲ ਜੋੜਨਾ ਹੈ। ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਤੇਜ਼ ਕਰਨ ਲਈ 3 ਜ਼ੋਨਾਂ ਵਿਚ ਵੰਡ ਕੇ ਪ੍ਰੋਗਰਾਮ ਕੀਤੇ ਜਾ ਰਹੇ ਹਨ, ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸਿੱਖੀ ਪ੍ਰਚਾਰ ਲਈ ਇਨ੍ਹਾਂ ਤਿੰਨ ਖੇਤਰਾਂ ਵਿੱਚ ਵੱਖਰੇ-ਵੱਖਰੇ ਰੂਪ ਵਿੱਚ ਧਰਮ ਪ੍ਰਚਾਰ ਲਹਿਰ ਆਉਣ ਵਾਲੇ ਸਮੇਂ ਵਿਚ ਪੇਸ਼ ਕੀਤੀ ਜਾ ਰਹੀ ਹੈ, ਧਰਮ ਪ੍ਰਚਾਰ ਤਖ਼ਤ ਸਾਹਿਬ ਜ਼ੋਨ ਇੰਚਾਰਜ ਭਾਈ ਗੁਰਪ੍ਰੀਤ ਸਿੰਘ ਝੱਬਰ ਨੇ ਸੋਸ਼ਲ ਮੀਡੀਆਂ ਰਾਹੀ ਸ਼੍ਰੋਮਣੀ ਕਮੇਟੀ ਵੱਲੋ ਕੀਤੇ ਜਾ ਰਹੇ ਕਾਰਜਾ ਨੂੰ ਸੰਗਤਾਂ ਤੱਕ ਪਹੁੰਚਾਉੇਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- ਫਾਜ਼ਿਲਕਾ ਦੀ ਹੈਰਾਨੀਜਨਕ ਘਟਨਾ, ਅਦਲਾ-ਬਦਲੀ ਹੋਈ ਲਾਸ਼, ਸਸਕਾਰ ਮਗਰੋਂ ਪਹੁੰਚਿਆ ਪਰਿਵਾਰ ਤਾਂ ਪਿਆ ਬਖੇੜਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।