ਅਣਪਛਾਤਿਆਂ ਵੱਲੋਂ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ

02/10/2020 6:44:26 PM

ਮੋਗਾ,(ਆਜ਼ਾਦ)- ਜ਼ਿਲੇ ਦੇ ਪਿੰਡ ਰਾਜੇਆਣਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਇਕ 70-75 ਸਾਲਾ ਬਜ਼ੁਰਗ ਸਰਦਾਰਾ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਲੱਗਣ 'ਤੇ ਐੱਸ. ਐੱਸ. ਪੀ. ਮੋਗਾ ਅਮਰਜੀਤ ਸਿੰਘ ਬਾਜਵਾ, ਐੱਸ. ਪੀ. ਡੀ. ਹਰਿੰਦਰਪਾਲ ਸਿੰਘ ਪਰਮਾਰ, ਡੀ. ਐੱਸ. ਪੀ. ਰਵਿੰਦਰ ਸਿੰਘ, ਥਾਣਾ ਮੁਖੀ ਕੁਲਵਿੰਦਰ ਸਿੰਘ, ਸਹਾਇਕ ਥਾਣੇਦਾਰ ਪਰਮਜੀਤ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਜਾਂਚ ਦੇ ਇਲਾਵਾ ਆਸ-ਪਾਸ ਦੇ ਲੋਕਾਂ ਤੋਂ ਪੁੱਛ-ਗਿੱਛ ਕੀਤੀ।
ਹੱਤਿਆ ਦਾ ਪਤਾ ਉਸ ਸਮੇਂ ਲੱਗਾ, ਜਦ ਮ੍ਰਿਤਕ ਦਾ ਭਤੀਜਾ ਹਰਭਜਨ ਸਿੰਘ ਸਵੇਰੇ ਉਸ ਨੂੰ ਚਾਹ ਦੇਣ ਲਈ ਆਇਆ ਕਿਉਂਕਿ ਸਰਦਾਰਾ ਸਿੰਘ ਪੁੱਤਰ ਗੁਰਨਾਮ ਸਿੰਘ ਇਕੱਲਾ ਹੀ ਰਹਿੰਦਾ ਸੀ, ਜਿਸ 'ਤੇ ਉਸ ਨੇ ਰੌਲਾ ਪਾਇਆ ਅਤੇ ਲੋਕ ਇਕੱਠੇ ਹੋ ਗਏ। ਉਪਰੰਤ ਪੁਲਸ ਨੂੰ ਸੂਚਿਤ ਕੀਤਾ। ਘਰ ਦੇ ਕਮਰੇ 'ਚ ਸਾਮਾਨ ਖਿੱਲਰਿਆ ਪਿਆ ਸੀ ਅਤੇ ਉਸ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਦੇ ਕਈ ਨਿਸ਼ਾਨ ਸਨ। ਪੁਲਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਇਲਾਕੇ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਚੈੱਕ ਕਰ ਰਹੀ ਹੈ। ਥਾਣਾ ਮੁਖੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜਿਆ ਗਿਆ ਹੈ ਅਤੇ ਉਸ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ 'ਤੇ ਮਾਮਲਾ ਦਰਜ ਕੀਤਾ ਜਾਵੇਗਾ।