ਜ਼ਿਲ੍ਹਾ ਚੋਣ ਅਫਸਰ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ

03/29/2024 5:33:57 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਅਤੇ ਸ਼ਰਾਬ ਵਿਕਰੇਤਾਵਾਂ ਨਾਲ ਮੀਟਿੰਗ ਕਰਦੇ ਹੋਏ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਦੀ ਹਦਾਇਤ ਕੀਤੀ। ਜ਼ਿਲ੍ਹਾ ਚੋਣ ਅਫਸਰ ਨੇ ਸ਼ਰਾਬ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਗੁਪਤ ਸੂਚਨਾ ਦੇ ਆਧਾਰ 'ਤੇ ਜਾਂ ਫਿਰ ਐਕਸਾਈਜ਼ ਵਿਭਾਗ ਵੱਲੋਂ ਸਮੇਂ ਸਮੇਂ 'ਤੇ ਕੀਤੀ ਜਾਣ ਵਾਲੀ ਛਾਪਾਮਾਰੀ ਦੌਰਾਨ ਕਿਸੇ ਠੇਕੇ 'ਤੇ ਜ਼ਿਆਦਾ ਮਾਤਰਾ ਵਿਚ ਸ਼ਰਾਬ ਦੀ ਵਿਕਰੀ ਜਾਂ ਭੰਡਾਰ ਹੋਣ ਦਾ ਕੋਈ ਵੀ ਮਾਮਲਾ ਸਾਹਮਣੇ ਆਉਣ 'ਤੇ ਸਬੰਧਤ ਸ਼ਰਾਬ ਵਿਕਰੇਤਾ ਜਾਂ ਠੇਕੇਦਾਰ ਖਿਲਾਫ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਨਸ਼ਿਆਂ ਦੀ ਤਸਕਰੀ ਨੂੰ ਸਖ਼ਤੀ ਨਾਲ ਰੋਕਣ ਅਤੇ ਚੋਣਾਂ ਦੌਰਾਨ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਵਰਤੀ ਜਾਣ ਵਾਲੀ ਸ਼ਰਾਬ, ਨਗਦੀ ਜਾਂ ਕਿਸੇ ਵੀ ਹੋਰ ਤਰ੍ਹਾਂ ਦੇ ਲਾਲਚ ਦੀ ਮੁਕੰਮਲ ਰੋਕਥਾਮ ਲਈ ਪ੍ਰਸ਼ਾਸਨ ਤੇ ਪੁਲਸ ਵੱਲੋਂ ਠੋਸ ਰਣਨੀਤੀ ਬਣਾਈ ਗਈ ਹੈ, ਇਸ ਲਈ ਲੋਕ ਸਭਾ ਚੋਣਾਂ ਸ਼ਾਂਤੀਪੂਰਵਕ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਚੋਣ ਪ੍ਰਕਿਰਿਆ ਦਾ ਸਮੁੱਚਾ ਅਮਲ ਮੁਕੰਮਲ ਹੋਣ ਤੱਕ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਜ਼ਿਲ੍ਹਾ ਚੋਣ ਅਫਸਰ ਨੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆ ਨੂੰ ਵਧੇਰੇ ਮੁਸਤੈਦੀ ਰੱਖਦੇ ਹੋਏ ਸ਼ਰਾਬ ਦੀ ਤਸਕਰੀ ਜਿਹੀਆਂ ਗੈਰ-ਕਾਨੂੰਨੀ ਜਾਂ ਨਾਜਾਇਜ਼ ਗਤੀਵਿਧੀਆਂ ’ਤੇ ਹੋਰ ਵੀ ਤਿੱਖੀ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਤਾਂ ਜੋ ਗੈਰ ਸਮਾਜਿਕ ਅਨਸਰਾਂ ਨੂੰ ਮੁਕੰਮਲ ਤੌਰ 'ਤੇ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸਬੰਧਤ ਅਧਿਕਾਰੀ ਇਹ ਵੀ ਯਕੀਨੀ ਬਣਾਉਣ ਕਿ ਜ਼ਿਲ੍ਹੇ ਦੇ ਕਿਸੇ ਵੀ ਇਲਾਕੇ ’ਚ ਸ਼ਰਾਬ ਦੀ ਕੋਈ ਵੀ ਖੇਪ ਸਟੋਰ ਕਰਕੇ ਨਾ ਰੱਖੀ ਜਾਵੇ। ਇਸ ਮੌਕੇ ਐੱਸਪੀ ਪਲਵਿੰਦਰ ਸਿੰਘ ਚੀਮਾ, ਈ. ਟੀ. ਓ. ਅਰਪਿੰਦਰ ਕੌਰ ਰੰਧਾਵਾ ਅਤੇ ਐਕਸਾਈਜ਼ ਵਿਭਾਗ ਦੇ ਹੋਰ ਅਧਿਕਾਰੀਆਂ ਤੋਂ ਇਲਾਵਾ ਸ਼ਰਾਬ ਵਿਕਰੇਤਾ ਵੀ ਹਾਜ਼ਰ ਸਨ।


Gurminder Singh

Content Editor

Related News