ਬਿਜਲੀ ਲੋਡ ਵਧਾਉਣ ਦੀ ਅਰਜ਼ੀ ਲਟਕਾਉਣ ’ਤੇ ਪੀ. ਐੱਸ. ਪੀ. ਸੀ. ਐੱਲ. ਦੀ ਕਾਰਗੁਜ਼ਾਰੀ ’ਤੇ ਸਵਾਲ

Friday, Aug 28, 2026 - 04:58 PM (IST)

ਬਿਜਲੀ ਲੋਡ ਵਧਾਉਣ ਦੀ ਅਰਜ਼ੀ ਲਟਕਾਉਣ ’ਤੇ ਪੀ. ਐੱਸ. ਪੀ. ਸੀ. ਐੱਲ. ਦੀ ਕਾਰਗੁਜ਼ਾਰੀ ’ਤੇ ਸਵਾਲ

ਮੋਗਾ (ਗੋਪੀ ਰਾਊਕੇ) : ਇੰਦਰ ਸਿੰਘ ਗਿੱਲ ਨਗਰ, ਮੋਗਾ ਦੇ ਵਸਨੀਕ ਬਲਕਰਨ ਸਿੰਘ ਭੁੱਲਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀ. ਐੱਸ. ਪੀ. ਸੀ. ਐੱਲ.) ਦੇ ਸਬੰਧਤ ਅਧਿਕਾਰੀਆਂ ਦੀ ਕਥਿਤ ਲਾਪ੍ਰਵਾਹੀ ਅਤੇ ਗੈਰ-ਜ਼ਿੰਮੇਵਾਰਾਨਾ ਰਵੱਈਏ ਵਿਰੁੱਧ ਤਿੱਖਾ ਰੋਸ ਪ੍ਰਗਟ ਕੀਤਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਬਿਜਲੀ ਲੋਡ ਵਧਾਉਣ ਲਈ ਨਿਯਮਾਂ ਅਨੁਸਾਰ ਅਰਜ਼ੀ ਅਤੇ ਬਣਦੀ ਫੀਸ ਜਮ੍ਹਾ ਕਰਵਾਉਣ ਦੇ ਬਾਵਜੂਦ ਕਰੀਬ ਡੇਢ ਮਹੀਨਾ ਬੀਤ ਚੁੱਕਾ ਹੈ ਪਰ ਅਜੇ ਤੱਕ ਉਨ੍ਹਾਂ ਦੇ ਮਾਮਲੇ ਵਿਚ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਬਲਕਰਨ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਬਿਜਲੀ ਖਾਤਾ ਨੰਬਰ 4731114000 ਦਾ ਲੋਡ ਵਧਾਉਣ ਲਈ ਵਿਭਾਗ ਕੋਲ ਅਰਜ਼ੀ ਦਿੱਤੀ ਸੀ।

ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਖਪਤਕਾਰ ਵੱਲੋਂ ਲੋੜੀਂਦੀ ਕਾਰਵਾਈ ਅਤੇ ਫੀਸ ਜਮ੍ਹਾ ਕਰਵਾਉਣ ਤੋਂ ਬਾਅਦ ਵਿਭਾਗ ਵੱਲੋਂ ਨਿਰਧਾਰਿਤ ਪ੍ਰਕਿਰਿਆ ਤਹਿਤ ਮਾਮਲੇ ਦਾ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ ਪਰ ਉਨ੍ਹਾਂ ਦੇ ਮਾਮਲੇ ਵਿਚ ਅਰਜ਼ੀ ਨੂੰ ਬੇਵਜ੍ਹਾ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਬ-ਡਵੀਜ਼ਨ ਦੇ ਐੱਸ. ਡੀ. ਓ. ਅਤੇ ਸਬੰਧਤ ਅਧਿਕਾਰੀਆਂ ਨੂੰ ਕਈ ਵਾਰ ਇਸ ਮਾਮਲੇ ਬਾਰੇ ਜਾਣੂ ਕਰਵਾਇਆ ਗਿਆ, ਪਰ ਇਸ ਦੇ ਬਾਵਜੂਦ ਨਾ ਤਾਂ ਉਨ੍ਹਾਂ ਨੂੰ ਕੋਈ ਸੰਤੋਸ਼ਜਨਕ ਜਵਾਬ ਮਿਲਿਆ ਅਤੇ ਨਾ ਹੀ ਲੋਡ ਵਧਾਉਣ ਸਬੰਧੀ ਕਾਰਵਾਈ ਅੱਗੇ ਵਧੀ। ਇਸ ਕਾਰਨ ਉਨ੍ਹਾਂ ਨੂੰ ਕਥਿਤ ਤੌਰ ’ਤੇ ਵਾਰ-ਵਾਰ ਦਫ਼ਤਰਾਂ ਦੇ ਚੱਕਰ ਲਾਉਣੇ ਪੈ ਰਹੇ ਹਨ।

ਬਲਕਰਨ ਸਿੰਘ ਭੁੱਲਰ ਨੇ ਸਵਾਲ ਉਠਾਉਂਦਿਆਂ ਕਿਹਾ ਕਿ ਜੇਕਰ ਖਪਤਕਾਰ ਆਪਣੀ ਬਣਦੀ ਫੀਸ ਅਤੇ ਦਸਤਾਵੇਜ਼ ਸਮੇਂ ਸਿਰ ਜਮ੍ਹਾ ਕਰਵਾ ਸਕਦਾ ਹੈ ਤਾਂ ਵਿਭਾਗ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਡੇਢ ਮਹੀਨਾ ਕਿਉਂ ਲਗਾ ਰਿਹਾ ਹੈ? ਉਨ੍ਹਾਂ ਤਿੱਖੇ ਲਹਿਜ਼ੇ ਵਿਚ ਕਿਹਾ, “ਕੀ ਬਿਨਾਂ ਰਿਸ਼ਵਤ ਦੇ ਇੱਥੇ ਕੋਈ ਕੰਮ ਨਹੀਂ ਹੋਵੇਗਾ?” ਹਾਲਾਂਕਿ ਉਨ੍ਹਾਂ ਵੱਲੋਂ ਲਾਏ ਗਏ ਇਸ ਦੋਸ਼ ਦੀ ਸੁਤੰਤਰ ਪੁਸ਼ਟੀ ਨਹੀਂ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦਾ ਬਿਜਲੀ ਲੋਡ ਤੁਰੰਤ ਵਧਾਇਆ ਜਾਵੇ, ਅਰਜ਼ੀ ਲਟਕਾਉਣ ਦਾ ਲਿਖਤੀ ਕਾਰਨ ਦੱਸਿਆ ਜਾਵੇ ਅਤੇ ਜੇਕਰ ਕਿਸੇ ਅਧਿਕਾਰੀ ਦੀ ਲਾਪ੍ਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇ। ਬਲਕਰਨ ਸਿੰਘ ਭੁੱਲਰ ਨੇ ਕਿਹਾ ਕਿ ਜੇਕਰ ਮਾਮਲੇ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਉਹ ਖਪਤਕਾਰ ਸ਼ਿਕਾਇਤ ਨਿਵਾਰਨ ਫੋਰਮ, ਬਿਜਲੀ ਲੋਕਪਾਲ ਅਤੇ ਹੋਰ ਸਬੰਧਤ ਸਰਕਾਰੀ ਮੰਚਾਂ ’ਤੇ ਸ਼ਿਕਾਇਤ ਦਰਜ ਕਰਵਾਉਣ ਦੇ ਨਾਲ-ਨਾਲ ਲੋੜ ਪੈਣ ’ਤੇ ਕਾਨੂੰਨੀ ਲੜਾਈ ਵੀ ਲੜਨਗੇ। ਉਨ੍ਹਾਂ ਕਿਹਾ ਕਿ ਖਪਤਕਾਰਾਂ ਨੂੰ ਬੇਵਜਹਾ ਖੱਜਲ-ਖੁਆਰ ਕਰਨ ਦੀ ਬਜਾਏ ਵਿਭਾਗ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣੀਆਂ ਚਾਹੀਦੀਆਂ ਹਨ।


author

Gurminder Singh

Content Editor

Related News