ਬਿਜਲੀ-ਪਾਣੀ ਦੇ ਰੇਟ ਘਟਾਉਣ ਲਈ ਸੰਘਰਸ਼,ਲੋਕਾਂ ਨੇ ਕੀਤਾ ਮੋਤੀ ਮਹਿਲ ਤੱਕ ਰੋਸ ਮਾਰਚ

09/14/2019 1:25:54 PM

ਪਟਿਆਲਾ (ਜੋਸਨ, ਬਲਜਿੰਦਰ, ਰਾਣਾ)—ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਪੰਜਾਬ ਰਾਜ ਕਮੇਟੀ ਨੇ ਬਿਜਲੀ ਅਤੇ ਪਾਣੀ ਦੇ ਰੇਟ ਘਟਾਉਣ ਅਤੇ ਹੋਰ ਲੋਕ ਮੰਗਾਂ ਖਾਤਰ ਅੱਜ ਮੋਤੀ ਮਹਿਲ ਤੱਕ ਜ਼ੋਰਦਾਰ ਰੋਸ ਮਾਰਚ ਕੀਤਾ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਲੋਕਾਂ ਨਾਲ ਨਿਆਂ ਕਰੇ। ਪੰਜਾਬ ਭਰ 'ਚੋਂ ਪੁੱਜੇ ਹਜ਼ਾਰਾਂ ਲੋਕ ਕੇਂਦਰੀ ਅਤੇ ਸੂਬਾ ਸਰਕਾਰ ਦੀਆਂ ਲੋਕ-ਦੋਖੀ ਨੀਤੀਆਂ ਖਿਲਾਫ਼ ਰੋਸ ਪ੍ਰਗਟਾਉਂਦਿਆਂ ਮੰਗ ਕਰ ਰਹੇ ਸਨ ਕਿ ਸੂਬੇ ਦੇ ਲੋਕਾਂ ਨੂੰ ਬਿਜਲੀ 2 ਰੁਪਏ ਪ੍ਰਤੀ ਯੂਨਿਟ ਦਿੱਤੀ ਜਾਵੇ, ਨਿੱਜੀ ਬਿਜਲੀ ਕਾਰੋਬਾਰੀਆਂ ਨਾਲ ਬਿਜਲੀ ਖਰੀਦ ਦੇ ਬਦਨੀਅਤੀ ਵਾਲੇ ਕੀਤੇ ਸਮਝੌਤੇ ਰੱਦ ਕਰ ਕੇ ਸਰਕਾਰੀ ਮਾਲਕੀ ਵਾਲੇ ਤਿੰਨੇ ਥਰਮਲ ਪੂਰੀ ਸਮਰੱਥਾ ਨਾਲ ਚਲਾਏ ਜਾਣ ਅਤੇ ਰੱਜੇ-ਪੁੱਜੇ ਲੋਕਾਂ ਨੂੰ ਮੁਫਤ ਬਿਜਲੀ ਅਤੇ ਸਬਸਿਡੀ ਦੇਣੀ ਤੁਰੰਤ ਬੰਦ ਕਰ ਕੇ ਇਹ ਲਾਭ ਹਕੀਕੀ ਲੋੜਵੰਦਾਂ ਨੂੰ ਦਿੱਤਾ ਜਾਵੇ।

ਲੋਕਾਂ ਨੇ ਇਹ ਵੀ ਮੰਗ ਕੀਤੀ ਕਿ ਸੂਬੇ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਸਰਕਾਰ ਮੁਫਤ ਮੁਹੱਈਆ ਕਰਵਾਏ, ਪਾਣੀ ਨਾਲ ਪੈਦਾ ਹੋਣ ਵਾਲੀਆਂ ਬੀਮਾਰੀਆਂ ਦੇ ਇਲਾਜ ਲਈ ਵਿਸ਼ੇਸ਼ ਫੰਡ ਕਾਇਮ ਕਰਦਿਆਂ ਹੰਗਾਮੀ ਨੀਤੀ ਬਣਾਈ ਜਾਵੇ, ਧਰਤੀ ਹੇਠਲੇ ਅਤੇ ਦਰਿਆਈ ਪਾਣੀਆਂ ਵਿਚ ਸਨਅਤੀ ਤੇ ਮੈਡੀਕਲ ਰਹਿੰਦ-ਖੂੰਹਦ ਦੀ ਮਿਲਾਵਟ ਬੰਦ ਕੀਤੀ ਜਾਵੇ, ਬਾਰਸ਼ਾਂ ਦਾ ਪਾਣੀ ਸੰਭਾਲ ਕੇ ਮੁੜ ਵਰਤਣਯੋਗ ਬਣਾਉਣ ਲਈ ਜੰਗੀ ਪੱਧਰ 'ਤੇ ਉਪਰਾਲੇ ਕੀਤੇ ਜਾਣ ਅਤੇ ਧਰਤੀ ਹੇਠਲੇ ਪਾਣੀਆਂ 'ਤੇ ਨਿਰਭਰਤਾ ਘਟਾ ਕੇ ਦਰਿਆਈ ਪਾਣੀਆਂ ਰਾਹੀਂ ਖੇਤੀ ਲੋੜਾਂ ਪੂਰੀਆਂ ਕਰਨ ਦਾ ਐਕਸ਼ਨ ਪਲਾਨ ਉਲੀਕਿਆ ਜਾਵੇ।
ਮੋਤੀ ਮਹਿਲ ਵੱਲ ਮਾਰਚ ਕਰਨ ਤੋਂ ਪਹਿਲਾ ਹੋਏ ਇਕੱਠ ਦੀ ਪ੍ਰਧਾਨਗੀ ਸਾਥੀ ਰਤਨ ਸਿੰਘ ਰੰਧਾਵਾ, ਵਿਜੇ ਮਿਸ਼ਰਾ, ਨੱਥਾ ਸਿੰਘ ਡਡਵਾਲ, ਦਰਸ਼ਨ ਨਾਹਰ, ਸਤਨਾਮ ਸਿੰਘ ਅਜਨਾਲਾ, ਨੀਲਮ ਘੁਮਾਣ, ਸ਼ਮਸ਼ੇਰ ਸਿੰਘ ਬਟਾਲਾ, ਮਨਜਿੰਦਰ ਢੇਸੀ ਅਤੇ ਪੂਰਨ ਚੰਦ ਨਨਹੇੜਾ 'ਤੇ ਆਧਾਰਤ ਪ੍ਰਧਾਨਗੀ ਮੰਡਲ ਨੇ ਕੀਤੀ। ਮੰਚ ਸੰਚਾਲਨ ਦੀ ਭੂਮਿਕਾ ਸਾਥੀ ਪ੍ਰਗਟ ਸਿੰਘ ਜਾਮਾਰਾਏ ਨੇ ਨਿਭਾਈ।

ਪਾਰਟੀ ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ, ਸਾਥੀ ਰਘਬੀਰ ਸਿੰਘ ਬਟਾਲਾ, ਗੁਰਨਾਮ ਸਿੰਘ ਦਾਊਦ, ਕੁਲਵੰਤ ਸਿੰਘ ਸੰਧੂ, ਮਹੀਪਾਲ (ਮੈਂਬਰਾਨ ਕੇਂਦਰੀ ਕਮੇਟੀ), ਲਾਲ ਚੰਦ ਕਟਾਰੂ ਚੱਕ, ਪ੍ਰੋ. ਜੈਪਾਲ, ਵਿਜੇ ਮਿਸ਼ਰਾ, ਵੇਦ ਪ੍ਰਕਾਸ਼, ਰਵੀ ਕੰਵਰ, ਭੀਮ ਸਿੰਘ ਆਲਮਪੁਰ (ਮੈਂਬਰਾਨ ਸੂਬਾ ਸਕੱਤਰੇਤ) ਅਤੇ ਹੋਰਨਾਂ ਸੂਬਾਈ ਆਗੂਆਂ ਨੇ ਐਲਾਨ ਕੀਤਾ ਕਿ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਪਾਰਟੀ ਆਰ-ਪਾਰ ਦਾ ਸੰਗਰਾਮ ਲੜੇਗੀ।ਇਸ ਦੌਰਾਨ ਭਾਰਤੀ ਕਮਿਊਨਿਸਟ ਪਾਰਟੀ (ਸੀ. ਪੀ. ਆਈ.) ਦੇ ਸੂਬਾ ਸਕੱਤਰ ਸਾਥੀ ਬੰਤ ਬਰਾੜ ਅਤੇ ਪੰਜਾਬ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਵੀ ਸੰਘਰਸ਼ ਦੀ ਹਮਾਇਤ ਕੀਤੀ। ਬੁਲਾਰਿਆਂ ਨੇ ਕਿਹਾ ਕਿ ਪਟਿਆਲਾ ਮੋਰਚਾ ਵੱਖ-ਵੱਖ ਰੂਪਾਂ 'ਚ ਵਿਸ਼ਾਲ ਪੈਮਾਨੇ 'ਤੇ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਮੰਗਾਂ ਲਾਗੂ ਨਹੀਂ ਕਰ ਦਿੰਦੀ।


Shyna

Content Editor

Related News