ਬਿਜਲੀ ਕਰਮਚਾਰੀਆਂ ਨੇ ਗੇਟ ਰੈਲੀ ਕਰ ਫੂਕਿਆ ਭਗਵੰਤ ਮਾਨ ਦਾ ਪੁਤਲਾ
Wednesday, Feb 18, 2026 - 01:52 PM (IST)
ਮਲੋਟ (ਜੁਨੇਜਾ) : ਪਾਵਰਕਾਮ ਦੇ ਸਾਂਝੇ ਫੋਰਮ ਅਤੇ ਏਕਤਾ ਮੰਚ ਤਹਿਤ ਸਾਰੀਆਂ ਜਥੇਬੰਦੀਆਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵਿਰੋਧੀ ਫੈਸਲਿਆਂ ਤੇ ਹੱਕਾਂ ’ਤੇ ਕੀਤੇ ਜਾ ਰਹੇ ਹਮਲਿਆਂ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਅਤੇ ਕੇਂਦਰ ਸਰਕਾਰ ਤੇ ਭਗਵੰਤ ਮਾਨ ਦਾ ਪੁਤਲਾ ਫੂਕਿਆ। ਇਸ ਸਬੰਧੀ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਟਿਆਲਾ ਜ਼ਿਲ੍ਹੇ ਦੇ ਬੰਡੂਗਰ ਵਿਖੇ ਪਾਵਰਕਮ ਦੀ 50 ਏਕੜ ਜ਼ਮੀਨ ਪੁੱਡਾ ਨੂੰ ਤਬਦੀਲ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਪਾਵਰਕਾਮ ਤੇ ਹਮਲਿਆਂ ਦਾ ਕਰਮਚਾਰੀਆਂ ਦੀਆਂ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਅੰਦਰ ਵੱਖ-ਵੱਖ ਡਵੀਜ਼ਨਾਂ ਅਤੇ ਸਬ ਡਵੀਜ਼ਨਾਂ ਅੱਗੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਅਤੇ ਗੇਟ ਰੈਲੀਆਂ ਕਰ ਕੇ ਪਿੱਟ ਸਿਆਪਾ ਕੀਤਾ ਗਿਆ।
ਇਸੇ ਤਹਿਤ ਮਲੋਟ ਵਿਖੇ ਵੀ ਜਥੇਬੰਦੀਆਂ ਵੱਲੋਂ 66 ਕੇ. ਵੀ. ਸਬ-ਡਵੀਜ਼ਨ ਅੱਗੇ ਗੇਟ ਰੈਲੀ ਕੀਤੀ ਗਈ ਅਤੇ ਸਰਕਾਰ ਦੀ ਅਰਥੀ ਫੂਕੀ ਗਈ। ਬੁਲਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਪਾਵਰਕਾਮ ਦੀ 50 ਏਕੜ ਜ਼ਮੀਨ ਪੁੱਡਾ ਨੂੰ ਤਬਦੀਲ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਦਿਵਾਲਾ ਨਿਕਲ ਚੁੱਕਾ ਹੈ, ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਡੀ. ਏ. ਨਹੀਂ ਦੇ ਰਹੀ ਹੈ । ਵਾਅਦਾ ਕਰ ਕੇ ਅਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਹੈ ਨਾਂ ਹੀ ਕੱਚੇ ਮੁਲਾਜ਼ਮ ਪੱਕੇ ਕੀਤੇ ਹਨ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੋ ਜ਼ਮੀਨ ਪੁੱਡਾ ਨੂੰ ਤਬਦੀਲ ਕੀਤੀ ਹੈ ਉਸ ਫੈਸਲੇ ਨੂੰ ਵਾਪਸ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਭੁਪਿੰਦਰ ਸਿੰਘ, ਬਿੱਕਰ ਸਿੰਘ, ਨੱਥਾ ਸਿੰਘ, ਮੋੜਾ ਸਿੰਘ, ਸੁਖਰਾਜ ਸਿੰਘ, ਰਮੇਸ਼ ਕੁਮਾਰ ਸਮੇਤ ਆਗੂਆਂ ਨੇ ਸੰਬੋਧਨ ਕੀਤਾ।
