ਫਰੀਦਕੋਟ ਜ਼ਿਲ੍ਹੇ ''ਚ ਦੋ ਹੋਰ ਰਿਪੋਰਟਾਂ ਕੋਰੋਨਾ ਪਾਜ਼ੇਟਿਵ ਆਈਆਂ
Sunday, Jun 21, 2020 - 06:14 PM (IST)
ਕੋਟਕਪੂਰਾ (ਨਰਿੰਦਰ ਬੈੜ): ਜ਼ਿਲ੍ਹਾ ਫਰੀਦਕੋਟ 'ਚ ਦੋ ਹੋਰ ਵਿਅਕਤੀਆਂ ਦੀ ਰਿਪੋਰਟ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਡਾ.ਰਜਿੰਦਰ ਸਿਵਲ ਸਰਜਨ ਫਰੀਦਕੋਟ ਨੇ ਦੱਸਿਆ ਕਿ ਕੋਵਿਡ-19 ਦੇ ਅੱਜ ਤੱਕ 8262 ਸੈਂਪਲ ਲੈਬ 'ਚ ਭੇਜੇ ਜਾ ਚੁੱਕੇ ਹਨ, ਜਿਨ੍ਹਾਂ 'ਚੋਂ 255 ਸੈਂਪਲਾਂ ਦੇ ਨਤੀਜੇ ਆਉਣੇ ਬਾਕੀ ਹਨ।ਪ੍ਰਾਪਤ ਨਤੀਜਿਆਂ 'ਚ 2 ਰਿਪੋਰਟਾਂ ਕੋਰੋਨਾ ਪਾਜ਼ੇਟਿਵ ਆਈਆਂ ਹਨ, ਜਿਸ 'ਚ ਪਿੰਡ ਰਣ ਸਿੰਘ ਵਾਲਾ ਦਾ ਇਕ 31 ਸਾਲਾ ਕਿਸਾਨ ਅਤੇ 45 ਸਾਲਾ ਮਜਦੂਰ ਹੈ ਜੋ ਝੋਨਾ ਲਾਉਣ ਲਈ ਆਇਆ ਹੋਇਆ ਸੀ।ਜ਼ਿਲ੍ਹੇ 'ਚ ਕੁੱਲ ਕੋਰੋਨਾ ਕੇਸ 95 ਹੋ ਗਏ ਹਨ, ਜਿਨ੍ਹਾਂ 'ਚੋਂ 86 ਵਿਅਕਤੀਆਂ ਨੂੰ ਤੰਦਰੁਸਤ ਹੋਣ ਤੇ ਹਸਪਤਾਲ ਤੋਂ ਛੁੱਟੀ ਮਿਲ ਚੁੱਕੀ ਹੈ ਤੇ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਐਕਟਿਵ ਕੇਸ 9 ਹੋ ਗਏ ਹਨ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ਅੰਦਰ ਕੋਰੋਨਾ ਮਹਾਮਾਰੀ ਨੂੰ ਕਾਬੂ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਤੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਟੀਮਾਂ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਸਥਾਨਾਂ ਤੇ ਕਿਸੇ ਐਂਮਰਜੈਂਸੀ ਨਾਲ ਨਜਿੱਠਣ ਲਈ ਆਈਸੋਲੇਸ਼ਨ ਵਾਰਡ ਵੀ ਸਥਾਪਿਤ ਕੀਤੇ ਗਏ ਹਨ।ਕੋਵਿਡ-19 ਦੇ ਜ਼ਿਲ੍ਹਾ ਨੋਡਲ ਅਫਸਰ ਡਾ.ਮਨਜੀਤ ਕ੍ਰਿਸ਼ਨ ਭੱਲਾ ਅਤੇ ਮੀਡੀਆ ਇੰਚਾਰਜ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਦੱਸਿਆ ਕਿ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੀ ਭਾਲ ਲਈ ਵਿਭਾਗ ਵਲੋਂ ਵਿਸ਼ੇਸ਼ ਸਰਵੇ ਘਰ-ਘਰ ਨਿਗਰਾਨੀ ਸ਼ੁਰੂ ਕੀਤਾ ਗਿਆ ਹੈ।ਜ਼ਿਲ੍ਹਾ ਐਪੀਡਿਮੋਲੋਜਿਸਟ ਡਾ.ਵਿਕਰਮਜੀਤ ਸਿੰਘ ਅਤੇ ਡਾ.ਅਨੀਤਾ ਚੌਹਾਨ ਨੇ ਕਿਹਾ ਕਿ ਪਾਜ਼ੇਟਿਵ ਆਏ ਕੇਸਾਂ ਦੇ ਸੰਪਰਕ 'ਚ ਆਏ ਵਿਅਕਤੀਆਂ ਅਤੇ ਪਰਿਵਾਰਕ ਮੈਂਬਰਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਸੈਂਪਲ ਇਕੱਤਰ ਕਰਕੇ ਉਨ੍ਹਾਂ ਨੂੰ ਇਕਾਂਤਵਾਸ ਕੀਤਾ ਜਾ ਸਕੇ।