ਫ਼ਰੀਦਕੋਟ ਜ਼ਿਲ੍ਹੇ ''ਚ ਲਗਾਈਆਂ ਗਈਆਂ ਵਿਸ਼ੇਸ਼ ਪਾਬੰਦੀਆਂ, ਉਲੰਘਣਾ ਕਰਨ ''ਤੇ ਹੋਵੇਗੀ ਕਾਰਵਾਈ
Wednesday, May 01, 2024 - 05:41 PM (IST)

ਫ਼ਰੀਦਕੋਟ (ਬਾਂਸਲ) : ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵਲੋਂ ਜਾਰੀ ਹੋਏ ਹੁਕਮਾਂ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਵਿਨੀਤ ਕੁਮਾਰ, ਆਈ.ਏ.ਐਸ., ਜ਼ਿਲ੍ਹਾ ਮੈਜਿਸਟ੍ਰੇਟ, ਫਰੀਦਕੋਟ ਨੇ ਜ਼ਿਲ੍ਹੇ 'ਚ ਵਿਸ਼ੇਸ਼ ਪਾਬੰਦੀਆਂ ਲਗਾਈਆਂ ਹਨ। ਜਿਨ੍ਹਾਂ ਮੁਤਾਬਕ ਜਨਤਕ ਇਕੱਠਾ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਜਾਣ, ਪ੍ਰਦਰਸ਼ਨ ਕਰਨ ਅਤੇ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਮਨ ਅਤੇ ਕਾਨੂੰਨ ਦੀ ਸਥਿਤੀ ਅਤੇ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਦੌਰਾਨ ਆਪਸੀ ਭਾਈਚਾਰੇ ਅਤੇ ਮਿਲਵਰਤਣ ਨੂੰ ਕਾਇਮ ਰੱਖਣਾ ਜ਼ਰੂਰੀ ਹੈ। ਇਸ ਲਈ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਹਥਿਆਰਾਂ ਦਾ ਸਸਤੀ ਸ਼ੌਹਰਤ ਲਈ ਵਿਖਾਵਾ ਕਰਨ ਅਤੇ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ/ਸੋਸ਼ਲ ਮੀਡੀਆ ਤੇ ਵੀਡੀਓ ਅਪਲੋਡ ਕਰਨ ਜਾਂ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੀਆਂ ਵੀਡੀਓਜ਼ ਪਾਉਣ ਅਤੇ ਹੋਰ ਕਿਸੇ ਵੀ ਤਰੀਕੇ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ 'ਤੇ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਕੋਈ ਵੀ ਆਮ ਅਤੇ ਖਾਸ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰੰਤ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ 28-06-2024 ਤੱਕ ਲਾਗੂ ਰਹਿਣਗੇ।