ਫਰੀਦਕੋਟ ਪੁਲਸ ਦਾ ਐਕਸ਼ਨ, 100 ਮੁਲਜ਼ਮ ਕਾਬੂ, 30 ਤੋਂ ਵੱਧ ਨਸ਼ਾ ਤਸਕਰ ਤੇ 3 ਭਗੌੜੇ ਗ੍ਰਿਫ਼ਤਾਰ

Saturday, Jul 04, 2026 - 06:28 PM (IST)

ਫਰੀਦਕੋਟ ਪੁਲਸ ਦਾ ਐਕਸ਼ਨ, 100 ਮੁਲਜ਼ਮ ਕਾਬੂ, 30 ਤੋਂ ਵੱਧ ਨਸ਼ਾ ਤਸਕਰ ਤੇ 3 ਭਗੌੜੇ ਗ੍ਰਿਫ਼ਤਾਰ

ਫਰੀਦਕੋਟ (ਰਾਜਨ) : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਫਰੀਦਕੋਟ ਪੁਲਸ ਨੇ ਸ਼ਨੀਵਾਰ ਨੂੰ ਆਪ੍ਰੇਸ਼ਨ ‘ਪ੍ਰਹਾਰ 3.0’ ਅਧੀਨ ਜ਼ਿਲ੍ਹਾ ਭਰ ਵਿਚ ਵੱਡੇ ਪੱਧਰ ’ਤੇ ਇੱਕੋ ਸਮੇਂ ਛਾਪੇਮਾਰੀ ਕਰਦਿਆਂ ਅਪਰਾਧਿਕ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ। ਇਸ ਵਿਸ਼ੇਸ਼ ਮੁਹਿੰਮ ਦੌਰਾਨ ਪੁਲਸ ਨੇ ਕਰੀਬ 100 ਮੁਲਜ਼ਮਾਂ ਨੂੰ ਕਾਬੂ ਕਰਨ ਦੇ ਨਾਲ-ਨਾਲ 30 ਤੋਂ ਵੱਧ ਨਸ਼ਾ ਤਸਕਰਾਂ ਅਤੇ ਤਿੰਨ ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਦੋ ਨਾਜਾਇਜ਼ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਮਾਣਯੋਗ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਆਈ.ਜੀ. ਫਰੀਦਕੋਟ ਰੇਂਜ ਨਿਲਾਂਬਰੀ ਜਗਦਲੇ (ਆਈ.ਪੀ.ਐੱਸ.) ਦੀ ਰਹਿਨੁਮਾਈ ਹੇਠ ਐੱਸ.ਐੱਸ.ਪੀ. ਫਰੀਦਕੋਟ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਵਿਚ ਪੁਲਸ ਦੀਆਂ ਵੱਖ-ਵੱਖ ਟੀਮਾਂ ਨੇ ਜ਼ਿਲ੍ਹੇ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿਚ ਅਪਰਾਧਿਕ ਅਨਸਰਾਂ ਦੇ ਸ਼ੱਕੀ ਟਿਕਾਣਿਆਂ ’ਤੇ ਇੱਕੋ ਵੇਲੇ ਦਬਿਸ਼ਾਂ ਦਿੱਤੀਆਂ।

ਵਿਸ਼ੇਸ਼ ਮੁਹਿੰਮ ਦੌਰਾਨ ਸੰਗੀਨ ਅਪਰਾਧਾਂ ਨਾਲ ਸਬੰਧਤ ਚਾਰ ਦਰਜਨ ਤੋਂ ਵੱਧ ਅਜਿਹੇ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਦੀ ਗ੍ਰਿਫ਼ਤਾਰੀ ਬਾਕੀ ਸੀ। ਇਸ ਤੋਂ ਇਲਾਵਾ ਕਰੀਬ 100 ਹੋਰ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਵੱਖ-ਵੱਖ ਮੁਕੱਦਮੇ ਦਰਜ ਕਰਦਿਆਂ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਨਸ਼ਾ ਤਸਕਰੀ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ 30 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਕਾਰਵਾਈ ਦੌਰਾਨ ਦੋ ਨਾਜਾਇਜ਼ ਪਿਸਤੌਲ ਵੀ ਬਰਾਮਦ ਕੀਤੇ ਗਏ। ਇਸ ਦੇ ਨਾਲ ਹੀ ਵੱਖ-ਵੱਖ ਅਦਾਲਤਾਂ ਵੱਲੋਂ ਭਗੌੜੇ ਕਰਾਰ ਦਿੱਤੇ ਗਏ ਤਿੰਨ ਅਪਰਾਧੀਆਂ ਨੂੰ ਵੀ ਕਾਬੂ ਕਰਨ ਵਿਚ ਪੁਲਸ ਨੂੰ ਸਫ਼ਲਤਾ ਮਿਲੀ ਹੈ।

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਆਪ੍ਰੇਸ਼ਨ ‘ਪ੍ਰਹਾਰ 3.0’ ਹਾਲੇ ਵੀ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਅਪਰਾਧੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਹੋਰ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚੋਂ ਅਪਰਾਧ ਅਤੇ ਨਸ਼ਾ ਤਸਕਰੀ ਦਾ ਪੂਰੀ ਤਰ੍ਹਾਂ ਖ਼ਾਤਮਾ ਕਰਕੇ ਲੋਕਾਂ ਨੂੰ ਸੁਰੱਖਿਅਤ, ਨਿਸ਼ਚਿੰਤ ਅਤੇ ਡਰ-ਮੁਕਤ ਮਾਹੌਲ ਮੁਹੱਈਆ ਕਰਵਾਉਣਾ ਫਰੀਦਕੋਟ ਪੁਲਸ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਹਰ ਦੋਸ਼ੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।


author

Gurminder Singh

Content Editor

Related News