ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ
Wednesday, Oct 23, 2019 - 01:09 AM (IST)

ਮਾਨਸਾ,(ਜੱਸਲ) : ਮਾਨਸਾ ਜ਼ਿਲੇ ਦੇ ਪਿੰਡ ਕਰਮਗੜ੍ਹ ਔਤਾਂਵਾਲੀ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਮਿਲੀ ਸੂਚਨਾ ਅਨੁਸਾਰ ਇਸ ਪਿੰਡ ਦੇ ਕਿਸਾਨ ਹਰਪ੍ਰੀਤ ਸਿੰਘ (28) ਸਪੁੱਤਰ ਜਗਜੀਤ ਸਿੰਘ ਦੇ ਪਰਿਵਾਰ ਕੋਲ 5 ਏਕੜ ਜ਼ਮੀਨ ਹੈ। ਉਨ੍ਹਾਂ ਦੇ ਸਿਰ ਬੈਂਕ ਅਤੇ ਸੋਸਾਇਟੀ ਦਾ 28 ਲੱਖ ਰੁਪਏ ਕਰਜ਼ਾ ਸੀ, ਜਿਸ ਕਾਰਣ ਉਹ ਮਾਨਸਿਕ ਤੌਰ 'ਤੇ ਕਾਫੀ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਕਾਰਣ ਬੀਤੇ ਦਿਨ ਉਸ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ। ਪਿੰਡ ਵਾਸੀਆਂ ਨੇ ਬਚਾਅ ਲਈ ਉਸ ਨੂੰ ਮਾਨਸਾ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾ ਦਿੱਤਾ, ਜਿਥੇ ਅੱਜ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਸਿਵਲ ਹਸਪਤਾਲ ਮਾਨਸਾ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ ਸਸਕਾਰ ਲਈ ਵਾਰਸਾਂ ਨੂੰ ਸੌਂਪ ਦਿੱਤੀ। ਜਮਹੂਰੀਅਤ ਕਿਸਾਨ ਸਭਾ ਦੇ ਜ਼ਿਲਾ ਪ੍ਰੈੱਸ ਸਕੱਤਰ ਇਕਬਾਲ ਸਿੰਘ ਫਫੜੇ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ, ਉਸ ਦੇ ਸਿਰ ਚੜ੍ਹੇ ਕਰਜ਼ੇ 'ਤੇ ਲੀਕ ਮਾਰੀ ਜਾਵੇ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।