ਹਾੜ੍ਹੀ ਦੇ ਸੀਜ਼ਨ ’ਚ ਵੀ ਅੰਦੋਲਨ ਨੂੰ ਨਹੀਂ ਹੋਣ ਦੇਵਾਂਗੇ ਕਮਜ਼ੋਰ : ਕਿਸਾਨ ਆਗੂ

04/13/2021 5:24:25 PM

ਭਵਾਨੀਗੜ੍ਹ (ਕਾਂਸਲ, ਵਿਕਾਸ, ਜ.ਬ.): ਖਾਲਸਾ ਪੰਥ ਦੇ ਸਥਾਪਨਾ ਦਿਵਸ ਅਤੇ ਜਲਿਆਂਵਾਲਾ ਬਾਗ ਖੂਨੀ ਸਾਕੇ ਨੂੰ ਸਮਰਪਿਤ ਅੱਜ ਟੋਲ ਪਲਾਜ਼ਾ ਕਾਲਾਝਾੜ ਧਰਨੇ ’ਚ ਸ਼ਾਮਲ ਵੱਡੀ ਗਿਣਤੀ ’ਚ ਕਿਸਾਨਾਂ ਤੇ ਔਰਤਾਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ।ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜ਼ਿਲ੍ਹਾ ਆਗੂ ਜਗਤਾਰ ਸਿੰਘ ਕਾਲਾਝਾੜ ਤੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਨੇ ਕਿਹਾ ਕਿ ਹਾੜ੍ਹੀ ਦੇ ਸੀਜ਼ਨ ’ਚ ਵੀ ਅੰਦੋਲਨ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ ਸਗੋਂ ਇਸ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਖਨੌਰੀ ਬਾਰਡਰ ਰਾਹੀਂ 20 ਹਜ਼ਾਰ ਤੋਂ ਵੱਧ ਕਿਸਾਨਾਂ ਦਾ ਕਾਫ਼ਲਾ ਦਿੱਲੀ ਮੋਰਚੇ ਵਿਚ ਡੱਟੇਗਾ।

ਆਗੂਆਂ ਨੇ ਕਿਹਾ ਕਿ ਸਰਕਾਰ ਕੋਰੋਨਾ ਦੀ ਆੜ ਹੇਠ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ ਪਰ ਕਿਸਾਨ ਤਿੰਨੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਬਿਨਾਂ ਪਿੱਛੇ ਨਹੀਂ ਹੱਟਣਗੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਕਾਰਪੋਰੇਟ ਘਰਾਣਿਆਂ ਦੀ ਬੋਲੀ ਬੋਲ ਰਿਹਾ ਹੈ।ਆਗੂਆਂ ਨੇ ਕਿਹਾ ਕਿ ਮੋਦੀ ਹਕੂਮਤ ਦੇ ਫ਼ਿਰਕੂ ਫਾਸ਼ੀ ਹਮਲੇ ਖਿਲਾਫ ਜੂਝਦੇ ਲੋਕਾਂ ਲਈ ਜਲਿਆਂਵਾਲੇ ਦੌਰ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।

ਇਸ ਮੌਕੇ ਕਿਸਾਨ ਆਗੂ ਹਰਜਿੰਦਰ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾ, ਸੰਦੀਪ ਸਿੰਘ ਘਰਾਚੋਂ, ਗੁਰਚੇਤ ਸਿੰਘ ਭੱਟੀਵਾਲ ਕਲਾਂ, ਸੁਖਦੇਵ ਸਿੰਘ ਘਰਾਚੋਂ, ਨਰੈਣ ਸਿੰਘ ਕਾਲਾਝਾੜ, ਅਧਿਆਪਕ ਆਗੂ ਗੁਰਲਾਭ ਸਿੰਘ ਆਲੋਅਰਖ ਤੇ ਤਰਕਸ਼ੀਲ ਆਗੂ ਚਮਕੌਰ ਸਿੰਘ ਮਹਿਲਾ ਆਦਿ ਨੇ ਸੰਬੋਧਨ ਕੀਤਾ।

Shyna

This news is Content Editor Shyna