ਕਿਸਾਨ ਜੱਥੇਬੰਦੀਆਂ ਨੇ ਡੀ. ਸੀ. ਦਫਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ

06/07/2020 2:11:35 AM

ਫਿਰੋਜ਼ਪੁਰ, (ਕੁਮਾਰ, ਪਰਮਜੀਤ)– ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਡੀ. ਸੀ. ਦਫਤਰ ਫਿਰੋਜ਼ਪੁਰ ਦੇ ਬਾਹਰ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਅਤੇ ਸਰਕਾਰ ਦੁਆਰਾ ਪਾਸ ਕੀਤੇ ਬਿਜਲੀ ਬਿੱਲ ਐਕਟ 2020 ਅਤੇ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਵਿਰੋਧ ਕੀਤਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਗੁਰਮੀਤ ਸਿੰਘ ਮਹਿਮਾ ਨੇ ਦੱਸਿਆ ਕਿ ਅੱਜ ਦੇ ਇਸ ਪ੍ਰਦਰਸ਼ਨ ’ਚ ਫਸਲਾਂ ਦੇ ਸਹੀ ਮੁੱਲ ਦੇਣ ਅਤੇ ਬਿਜਲੀ ਐਕਟ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਸਰਕਾਰੀ ਅਧਿਕਾਰੀਆਂ ਦੀ ਗੋਲੀ ਲੱਗਣ ਕਾਰਨ ਸ਼ਹੀਦ ਹੋਏ 6 ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਅੱਜ ਸਰਕਾਰ ਵੱਲੋਂ ਖੇਤੀਬਾਡ਼ੀ ਬਿੱਲ ’ਚ ਕੀਤੀ ਗਈ ਸੋਧ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਡੀਆਂ ਨੂੰ ਨਿੱਜੀ ਹੱਥਾਂ ’ਚ ਸੌਂਪਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰੀ ਮੰਡੀਆਂ ਨੂੰ ਨਿੱਜੀ ਹੱਥਾਂ ’ਚ ਦੇਣ ਲਈ ਬਿੱਲ ਪਾਸ ਕਰ ਕਰ ਦਿੱਤਾ ਗਿਆ ਹੈ, ਜਿਸ ਕਾਰਣ ਕਿਸਾਨਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਇਹ ਕਿਸਾਨ ਵਿਰੋਧੀ ਫੈਸਲਿਆਂ ਨੂੰ ਵਾਪਸ ਲਵੇ। ਜੇਕਰ ਸਰਕਾਰ ਕਿਸਾਨ ਵਿਰੋਧੀ ਫੈਸਲੇ ਵਾਪਸ ਨਹੀਂ ਲੈਂਦੀ ਅਤੇ ਕਿਸਾਨਾਂ ਦੇ ਹੱਕ ’ਚ ਕਾਨੂੰਨ ਪਾਸ ਨਹੀਂ ਕਰਦੀ ਤਾਂ ਆਉਣ ਵਾਲੇ ਸਮੇਂ ’ਚ ਉਹ ਪੰਜਾਬ ਪੱਧਰ ’ਤੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।


Bharat Thapa

Content Editor

Related News