ਕਿਸਾਨਾਂ ਦੇ ਖੇਤਾਂ ''ਚ ਬਿਜਲੀ ਵਿਭਾਗ ਦਾ ਛਾਪਾ, ਨਾਜਾਇਜ਼ ਚੱਲ ਰਹੀਆਂ ਮੋਟਰਾਂ ਦੀ ਕੀਤੀ ਪਛਾਣ

07/15/2019 11:28:37 AM

ਫਾਜ਼ਿਲਕਾ (ਨਾਗਪਾਲ) - ਸੂਬਾ ਸਰਕਾਰ ਵਲੋਂ ਜਿੱਥੇ ਇਕ ਪਾਸੇ ਕਿਸਾਨਾਂ ਨੂੰ ਫ੍ਰੀ 'ਚ ਟਿਊਬਲ ਚਲਾਉਣ ਲਈ ਬਿਜਲੀ ਦਿੱਤੀ ਜਾ ਰਹੀ ਹੈ, ਉਥੇ ਹੀ ਖੇਤਾਂ 'ਚ ਨਾਜਾਇਜ਼ ਤੌਰ 'ਤੇ ਚੱਲ ਰਹੀਆਂ ਕਿਸਾਨਾਂ ਦੀਆਂ ਮੋਟਰਾਂ 'ਤੇ ਵੀ ਸ਼ਿੰਕਜ਼ਾ ਕੱਸਿਆ ਜਾ ਰਿਹਾ ਹੈ। ਇਸੇ ਤਰ੍ਹਾਂ ਫਾਜ਼ਿਲਕਾ ਜ਼ਿਲੇ ਦੇ ਜਲਾਲਾਬਾਦ ਹਲਕੇ ਦੇ ਪਿੰਡ ਪਾਕਾ 'ਚ ਬਿਜਲੀ ਵਿਭਾਗ ਦੇ ਅਧਿਕਾਰੀਆਂ ਵਲੋਂ ਅਚਾਨਕ ਕਿਸਾਨਾਂ ਦੇ ਖੇਤਾਂ ਦੀ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਨਾਜਾਇਜ਼ ਤੌਰ 'ਤੇ ਚੱਲ ਰਹੀਆਂ ਮੋਟਰਾਂ ਦੀ ਪਛਾਣ ਕੀਤੀ ਗਈ। ਇਸ ਦੌਰਾਨ ਕਿਸਾਨਾਂ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ 'ਚ ਬਹਿਸ ਹੋਣੀ ਸ਼ੁਰੂ ਹੋ ਗਈ। ਸੂਚਨਾ ਮਿਲਣ 'ਤੇ ਪਹੁੰਚੇ ਐੱਸ.ਪੀ ਨੇ ਦੋਵਾਂ ਪੱਖਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰਦੇ ਹੋਏ ਮਾਮਲੇ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। 

ਇਸ ਦੌਰਾਨ ਗੁੱਸੇ 'ਚ ਆਏ ਕਿਸਾਨਾਂ ਨੇ ਬਿਜਲੀ ਵਿਭਾਗ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੇ ਦੱਸਿਆ ਕਿ ਇਸ ਪਿੰਡ ਦੇ ਬਹੁਤ ਸਾਰੇ ਕਿਸਾਨਾਂ ਨੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ। ਪਾਣੀ ਦਾ ਪੱਧਰ ਹੇਠਾਂ ਹੋ ਜਾਣ ਕਾਰਨ ਛੋਟੇ ਕਿਸਾਨ ਪੈਸੇ ਨਾ ਹੋਣ ਕਾਰਨ ਬੋਰਵੈੱਲ ਨਹੀਂ ਕਰਵਾ ਸਕਦੇ, ਜਿਸ ਕਾਰਨ ਉਹ ਛੋਟੀ ਮੋਟਰਾਂ ਦੇ ਸਹਾਰੇ ਖੇਤੀ ਕਰਨ ਲਈ ਮਜ਼ਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਾਣੀ ਦੀ ਸਮੱਸਿਆ ਤੋਂ ਉਕਤ ਕਿਸਾਨ ਪਹਿਲਾਂ ਹੀ ਦੁਖੀ ਹਨ ਅਤੇ ਦੂਜੇ ਪਾਸੇ ਬਿਜਲੀ ਵਿਭਾਗ ਵਾਲਿਆਂ ਨੇ ਵੀ ਉਨ੍ਹਾਂ ਨੂੰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ।


rajwinder kaur

Content Editor

Related News