ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ 23 ਕਿਸਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦੇ ਸੌਂਪੇ ਨਿਯੁਕਤੀ ਪੱਤਰ

11/02/2021 5:44:32 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਬਿਲਾਂ ਖ਼ਿਲਾਫ਼ ਚੱਲ ਰਹੇ ਵੱਡੇ ਕਿਸਾਨ ਅੰਦੋਲਨ ਵਿੱਚ ਸ਼ਿਰਕਤ ਕਰਦੇ ਹੋਏ ਜਾਨਾਂ ਗੁਆਉਣ ਵਾਲੇ 23 ਕਿਸਾਨਾਂ ਦੇ ਵਾਰਸਾਂ ਨੂੰ ਅੱਜ ਪੰਜਾਬ ਸਰਕਾਰ ਦੀ ਤਰਫੋਂ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ।  ਇਸ ਮੌਕੇ ਪੀੜਤ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੋਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਸੰਘਰਸ਼ ਦੇ ਯੋਧਿਆਂ ਦੇ ਵਾਰਸਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਸੌਂਪਣ ਦੇ ਨਾਲ-ਨਾਲ ਵਾਰਸਾਂ ਨੂੰ ਇੱਕ-ਇੱਕ ਸਰਕਾਰੀ ਨੌਕਰੀ ਦੇਣ ਦਾ ਕੀਤਾ ਗਿਆ ਵਾਅਦਾ ਨਾਲੋਂ-ਨਾਲ ਪੂਰਾ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੇ ਦਰਦ ਨੂੰ ਦਿਲੋਂ ਮਹਿਸੂਸ ਕੀਤਾ ਹੈ ਅਤੇ ਹਰ ਵਾਅਦੇ ਨੂੰ ਤਰਜ਼ੀਹ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਤਿਹਾਸਕ ਕਿਸਾਨੀ ਅੰਦੋਲਨ ਵਿੱਚ ਹਰ ਇਨਸਾਨ ਨੇ ਆਪੋ-ਆਪਣੇ ਤਰੀਕੇ ਨਾਲ ਬਣਦਾ ਯੋਗਦਾਨ ਪਾਇਆ ਹੈ ਅਤੇ ਉਹ ਖੁਦ ਵੀ ਕਿਸਾਨੀ ਅੰਦੋਲਨ ਦੇ ਪਹਿਲੇ ਦਿਨ ਤੋਂ ਹੀ ਦੇਸ਼ ਦੇ ਅੰਨਦਾਤਾ ਕਿਸਾਨ ਦੇ ਨਾਲ ਪੂਰੇ ਤਨ ਮਨ ਤੋਂ ਖੜ੍ਹੇ ਹੋਏ ਹਨ ਅਤੇ ਭਵਿੱਖ ਵਿੱਚ ਵੀ ਪੰਜਾਬ ਸਰਕਾਰ ਕਿਸਾਨੀ ਹੱਕਾਂ ਲਈ ਡਟ ਕੇ ਪਹਿਰਾ ਦੇਣ ਲਈ ਵਚਨਬੱਧ ਹੈ।  

ਕਿਸਾਨੀ ਅੰਦੋਲਨ ਦੇ ਮ੍ਰਿਤਕ ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਵਿਸ਼ੇਸ ਤੌਰ ’ਤੇ ਸ਼ਾਮਲ ਹੋਏ ਵਿਧਾਇਕ ਧੂਰੀ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਕਿਸਾਨੀ ਸੰਘਰਸ਼ ਵਿੱਚ ਆਪਣੀ ਜਾਨ ਗਵਾਉਣ ਵਾਲਿਆਂ ਦੀ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਰ ਜ਼ਿਲ੍ਹੇ ਵਿੱਚ ਅਜਿਹੇ ਸਮਾਗਮਾਂ ਦੌਰਾਨ ਮ੍ਰਿਤਕ ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਜਾ ਰਹੀ ਹੈ। ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ  ਰਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਕਿਸਾਨੀ ਅੰਦੋਲਨ ਦੇ ਅਮਰ ਯੋਧਿਆਂ ਨੂੰ ਸਲਾਮ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਹਰ ਪੱਧਰ ’ਤੇ ਉਨ੍ਹਾਂ ਦੇ ਨਾਲ ਖੜ੍ਹੀ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਦਾਮਨ ਥਿੰਦ ਬਾਜਵਾ ਨੇ ਕਿਹਾ ਕਿ ਜਿਹੜੇ ਪਰਿਵਾਰ ਆਪਣੇ ਜੀਅ ਗੁਆ ਚੁੱਕੇ ਹਨ ਉਨ੍ਹਾਂ ਦੀ ਕਮੀ ਨੂੰ ਕੋਈ ਪੂਰਾ ਨਹੀਂ ਕਰ ਸਕਦਾ ਪਰ ਪੀੜਤ ਪਰਿਵਾਰਾਂ ਦੀ ਮਦਦ ਲਈ ਸਰਕਾਰ ਕਿਸੇ ਪ੍ਰਕਾਰ ਦੀ ਕਮੀ ਨਹੀਂ ਛੱਡੇਗੀ।  
 


Shyna

Content Editor

Related News