ਕਿਸਾਨਾਂ ਨੇ ਸੰਗਰੂਰ ਵਿਖੇ ਘੇਰਿਆ ਡੀ.ਸੀ. ਦਫ਼ਤਰ, ਸਰਕਾਰ ਖ਼ਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ

10/04/2021 1:59:10 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ’ਚ ਭਾਜਪਾ ਵੱਲੋਂ ਯੂ.ਪੀ. ਦੇ ਲਖੀਮਪੁਰ ਖੀਰੀ ’ਚ ਦਿਨ-ਦਿਹਾੜੇ ਕਿਸਾਨਾਂ ਨੂੰ ਕੁਚਲ ਕੇ ਸ਼ਹੀਦ ਕਰਨ ਦੇ ਰੋਸ ਵਜੋਂ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਧਰਨੇ ’ਚ ਜਿੱਥੇ ਵੱਡੀ ਗਿਣਤੀ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ, ਉੱਥੇ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨ ਔਰਤ ਬੀਬੀਆਂ ਨੇ ਵੀ ਸ਼ਾਮਲ ਹੋ ਕੇ ਭਾਜਪਾ ਆਗੂਆਂ ਦੀ ਗੁੰਡਾਗਰਦੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੇ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਅਤੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

ਧਰਨੇ ਨੂੰ ਸੰਬੋਧਨ ਕਰਦਿਆਂ ਜਨਕ ਸਿੰਘ ਭੁਟਾਲ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਬੇਰਹਿਮੀ ਨਾਲ ਗੱਡੀਆਂ ਚਾੜ੍ਹ ਕੇ ਉਨ੍ਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਆਗੂ ਪਹਿਲਾਂ ਵੀ ਅਪਮਾਨ ਜਨਕ ਭਾਸ਼ਨ ਦਿੰਦਾ ਸੀ। ਇਹ ਸਾਰੀ ਘਟਨਾ ਗਿਣੀ ਮਿਥੀ ਸਾਜ਼ਿਸ਼ ਤਹਿਤ ਕੀਤੀ ਗਈ ਹੈ।ਹਰਿਆਣਾ ਦਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਲਾਠੀਆਂ ਚੁੱਕਣ ਅਤੇ ਹਿੰਸਾ ਲਈ ਉਕਸਾ ਰਿਹਾ ਹੈ ਹੁਣ ਸਿੱਧ ਹੁੰਦਾ ਹੈ ਕਿ ਸਰਕਾਰਾਂ ਚਲਾਉਣ ਵਾਲੇ ਸੰਵਿਧਾਨ ਦੀ ਕਿੰਨੀ ਕੁ ਪਾਲਣਾ ਕਰਦੇ ਹਨ। ਆਗੂਆਂ ਨੇ ਮੰਗ ਕੀਤੀ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਅਹੁਦੇ ਤੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ ਅਤੇ ਨਫ਼ਰਤ ਤੇ ਹਿੰਸਾ ਫੈਲਾਉਣ ਦੇ ਤਹਿਤ ਮੁਕੱਦਮਾ ਦਰਜ ਕੀਤਾ ਜਾਵੇ। ਮੰਤਰੀ ਦੇ ਬੇਟੇ ਅਸ਼ੀਸ਼ ਮਿਸ਼ਰਾ ਤੇ ਕਤਲ ਦਾ ਮੁਕੱਦਮਾ ਦਰਜ ਕਰਕੇ ਤੁਰੰਤ ਗ੍ਰਿਫਤਾਰ ਕੀਤਾ ਜਾਵੇ।ਆਗੂਆਂ ਨੇ ਕਿਹਾ ਕਿ ਸ਼ਹੀਦਾਂ ਦਾ ਡੁੱਲ੍ਹਿਆ ਖੂਨ ਵਿਅਰਥ ਨਹੀਂ ਜਾਵੇਗਾ, ਸਗੋਂ ਇਨਕਲਾਬੀ ਲਹਿਰ ਨੂੰ ਹੋਰ ਬਲ ਮਿਲੇਗਾ। ਇਸ ਮੌਕੇ ਜਥੇਬੰਦੀ ਵੱਲੋਂ ਡੀ.ਸੀ. ਸੰਗਰੂਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਧਰਨੇ ਨੂੰ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਆਗੂ ਬਹਾਲ ਸਿੰਘ ਢੀਂਡਸਾ, ਗੋਬਿੰਦਰ ਸਿੰਘ ਮੰਗਵਾਲ, ਅਜੈਬ ਸਿੰਘ ਲੱਖੋਵਾਲ, ਹਰਪਾਲ ਸਿੰਘ ਪੇਧਨੀ, ਬਲਵਿੰਦਰ ਸਿੰਘ ਭੂਦਨ, ਕਰਨੈਲ  ਸਿੰਘ ਅਜਾਇਬ ਸਿੰਘ ਜਖੇਪਲ ਅਤੇ ਦਰਬਾਰਾ ਸਿੰਘ ਲੋਹਾ ਖੇੜਾ ਤੋਂ ਇਲਾਵਾ ਵੱਡੀ ਗਿਣਤੀ ਆਗੂਆਂ ਨੇ ਸੰਬੋਧਨ ਕੀਤਾ। 


Shyna

Content Editor

Related News