ਕਿਸਾਨਾਂ-ਮਜ਼ਦੂਰਾਂ ਨੇ ਰੋਸ ਮਾਰਚ ਕਰ ਕੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

09/15/2019 7:58:44 PM

ਜ਼ੀਰਾ (ਅਕਾਲੀਆਂਵਾਲਾ, ਗੁਰਮੇਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅਤੇ ਸੂਬਾ ਕੋਰ ਕਮੇਟੀ ਦੇ ਫੈਸਲੇ ਅਨੁਸਾਰ ਅੱਜ ਜ਼ੀਰਾ ਦੀ ਦਾਣਾ ਮੰਡੀ 'ਚ ਜ਼ੋਨ ਮੱਖੂ, ਮੱਲਾਂਵਾਲਾ ਅਤੇ ਜ਼ੀਰਾ ਦੇ ਵੱਖ-ਵੱਖ ਪਿੰਡਾਂ 'ਚੋਂ ਆਏ ਸੈਂਕੜਿਆਂ ਦੀ ਗਿਣਤੀ 'ਚ ਕਿਸਾਨਾਂ-ਮਜ਼ਦੂਰਾਂ ਅਤੇ ਬੀਬੀਆਂ ਵੱਲੋਂ ਵੱਡਾ ਇਕੱਠ ਕਰ ਕੇ ਮਤਾ ਪਾਸ ਕਰ ਕੇ ਕੇਂਦਰ ਦੀ ਸਰਕਾਰ ਵੱਲੋਂ 16 ਦੇਸ਼ਾਂ ਨਾਲ ਸਬੰਧਤ ਕਰ ਮੁਕਤ ਵਪਾਰ ਸਮਝੌਤੇ ਦੇ ਵਿਰੋਧ 'ਚ ਮੋਦੀ ਸਰਕਾਰ ਵਿਰੁੱਧ ਰੋਸ ਮਾਰਚ ਕਰਦੇ ਹੋਏ ਜ਼ੀਰਾ ਸ਼ਹਿਰ ਦੇ ਬਾਜ਼ਾਰਾਂ 'ਚੋਂ ਹੁੰਦੇ ਹੋਏ ਸ਼ੇਰਾਂ ਵਾਲਾ ਚੌਕ ਮੁਕੰਮਲ ਜਾਮ ਕਰ ਕੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਰੋਸ ਪ੍ਰਦਰਸ਼ਨ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜ਼ਿਲਾ ਪ੍ਰਧਾਨ ਇੰਦਰਜੀਤ ਸਿੰਘ ਕੱਲੀ ਵਾਲਾ, ਅਮਨਦੀਪ ਸਿੰਘ ਕੱਚਰ ਭੱਨਾ, ਰਛਪਾਲ ਸਿੰਘ ਗੱਟਾ ਬਾਦਸ਼ਾਹ ਅਤੇ ਸੁਖਵੰਤ ਸਿੰਘ ਲੋਹਕਾ ਨੇ ਕਿਹਾ ਕਿ 16 ਦੇਸ਼ਾਂ ਦੇ ਪ੍ਰਸ਼ਾਤ ਏਸ਼ੀਆ ਕਰ ਮੁਕਤ ਵਪਾਰ ਸਮਝੌਤੇ 'ਚੋਂ ਭਾਰਤ ਤੁਰੰਤ ਬਾਹਰ ਆਵੇ। ਕਿਸਾਨ ਆਗੂਆਂ ਨੇ ਮੋਦੀ ਸਰਕਾਰ ਦੀਆਂ ਮਾਰੂ ਨੀਤੀਆਂ ਅਤੇ ਅਮਰੀਕੀ ਸਾਮਰਾਜ ਦੇ ਦਬਾਅ ਹੇਠ ਪੂਰੀ ਤਰ੍ਹਾਂ ਤਬਾਹ ਕਰਨ ਦੀ ਨੀਤੀ ਖਿਲਾਫ ਆਰ-ਪਾਰ ਦਾ ਸੰਘਰਸ਼ ਵਿਢਣ ਦਾ ਐਲਾਨ ਕਰਦਿਆਂ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਅਤੇ ਵਿਸ਼ਵ ਬੈਂਕ ਦੇ ਦਬਾਅ ਹੇਠ ਕੇਂਦਰ ਦੀ ਮੋਦੀ ਸਰਕਾਰ 16 ਦੇਸ਼ਾਂ ਨਾਲ ਕਰ ਮੁਕਤ ਵਪਾਰ ਸਮਝੌਤੇ 'ਚ ਸ਼ਾਮਲ ਹੋ ਚੁੱਕੀ ਹੈ, ਜਿਸ ਨਾਲ ਭਾਰਤ ਅਤੇ ਪੰਜਾਬ ਦਾ ਕਿਸਾਨ, ਦੁਕਾਨਦਾਰ ਅਤੇ ਛੋਟਾ ਵਪਾਰੀ ਵਰਗ ਪੂਰੀ ਤਰ੍ਹਾਂ ਤਬਾਹ ਹੋ ਜਾਵੇਗਾ। ਇਸ ਮੌਕੇ ਅੰਗਰੇਜ਼ ਸਿੰਘ ਬੂਟੇ ਵਾਲਾ, ਬਲਜਿੰਦਰ ਸਿੰਘ ਤਲਵੰਡੀ ਨੇਪਾਲਾ, ਸੁਖਵੰਤ ਸਿੰਘ, ਸੁਰਿੰਦਰ ਸਿੰਘ, ਮਹਿਤਾਬ ਸਿੰਘ ਕੱਚਰਭੱਨ, ਲਖਵਿੰਦਰ ਸਿੰਘ, ਕਸ਼ਮੀਰ ਸਿੰਘ, ਰਣਜੀਤ ਸਿੰਘ, ਸੁਰਜੀਤ ਸਿੰਘ, ਹਰਫੂਲ ਸਿੰਘ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ, ਕੈਪਟਨ ਨਛੱਤਰ ਸਿੰਘ, ਬਲਰਾਜ ਸਿੰਘ ਆਦਿ ਹਾਜ਼ਰ ਸਨ।


Karan Kumar

Content Editor

Related News