ਕਿਸਾਨਾਂ ਦੀ ਹਮਾਇਤ ਕਰਨ ਲਈ ਜਥੇ ਲਗਾਤਾਰ ਜਾ ਰਹੇ ਹਨ ਦਿੱਲੀ ਦੇ ਟਿਕਰੀ ਅਤੇ ਸਿੰਘੂ ਬਾਰਡਰ ’ਤੇ

2/28/2021 3:25:49 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ): ਖੇਤੀ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ਤੇ ਲਗਾਏ ਗਏ ਰੋਸ ਧਰਨਿਆਂ ਦੀ ਹਮਾਇਤ ਕਰਨ ਲਈ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਵੱਲੋਂ ਲਗਾਤਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਜਥੇ ਦਿੱਲੀ ਦੇ ਟਿਕਰੀ ਬਾਰਡਰ ਅਤੇ ਸਿੰਘੂ ਬਾਰਡਰ ਤੇ ਭੇਜੇ ਜਾ ਰਹੇ ਹਨ।

ਇਹ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਜਿਸ ਦਿਨ ਤੋਂ ਕਿਸਾਨੀ ਸੰਘਰਸ਼ ਸ਼ੁਰੂ ਹੋਇਆ ਹੈ , ਉਸੇ ਦਿਨ ਤੋਂ ਜਥੇਬੰਦੀ ਕਿਸਾਨੀ ਸੰਘਰਸ਼ ਦਾ ਸਾਥ ਦੇ ਰਹੀ ਹੈ ਤੇ ਹਰ ਥਾਂ ਵਰਕਰਾਂ ਤੇ ਹੈਲਪਰਾਂ ਧਰਨਿਆਂ ਮੁਜ਼ਾਹਰਿਆਂ ਵਿਚ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਰਕਰਾਂ ਤੇ ਹੈਲਪਰਾਂ ਦਿੱਲੀ ਧਰਨੇ ਵਿੱਚ ਜਾ ਕੇ ਲੰਗਰਾਂ ਦੀ ਸੇਵਾ ਵੀ ਕਰ ਰਹੀਆਂ ਹਨ। ਯੂਨੀਅਨ ਵੱਲੋਂ ਵਾਰੀ ਸਿਰ ਵੱਖ-ਵੱਖ ਜ਼ਿਲ੍ਹਿਆਂ ਅਤੇ ਬਲਾਕਾਂ ਵਿਚੋਂ ਵਰਕਰਾਂ ਤੇ ਹੈਲਪਰਾਂ ਨੂੰ ਭੇਜਿਆ ਜਾ ਰਿਹਾ ਹੈ ਤੇ ਹੁਣ ਤੱਕ ਲਗਭਗ 25 ਬਲਾਕਾਂ ਤੋਂ ਜਥੇ ਜਾ ਚੁੱਕੇ ਹਨ। ਜਥੇਬੰਦੀ ਨੇ ਕੇਂਦਰ ਸਰਕਾਰ ਦੀ ਸਖ਼ਤ ਨਿੰਦਾ ਕਰਦੇ ਹੋਏ ਮੰਗ ਕੀਤੀ ਹੈ ਕਿ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕੀਤਾ ਜਾਵੇ ਤੇ ਜਿਨ੍ਹਾਂ ਕਿਸਾਨਾਂ ਤੇ ਝੂਠੇ ਪਰਚੇ ਪੁਲਸ ਨੇ ਦਰਜਜ ਕੀਤੇ ਹਨ , ਉਹ ਰੱਦ ਕੀਤੇ ਜਾਣ।


Shyna

Content Editor Shyna