ਨਹਿਰੀ ਬੰਦੀ ਕਾਰਨ ਕਿਸਾਨ ਮੁਸ਼ਕਲ ’ਚ, ਕਣਕ ਦੀ ਬਿਜਾਈ ਪ੍ਰਭਾਵਿਤ ਹੋਣ ਦਾ ਖਦਸ਼ਾ

Saturday, Oct 29, 2022 - 07:25 PM (IST)

ਬਠਿੰਡਾ (ਜ.ਬ.) : ਨਹਿਰੀ ਵਿਭਾਗ ਵੱਲੋਂ ਕੀਤੀ ਜਾ ਰਹੀ ਨਹਿਰਬੰਦੀ ਕਾਰਨ ਆਮ ਲੋਕਾਂ ਦੇ ਨਾਲ-ਨਾਲ ਕਣਕ ਉਤਪਾਦਕ ਕਿਸਾਨਾਂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਵਿਭਾਗ ਵੱਲੋਂ 29 ਅਕਤੂਬਰ ਤੋਂ 17 ਸਤੰਬਰ ਤਕ ਨਹਿਰੀ ਪਾਣੀ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਇਨ੍ਹਾਂ 21 ਦਿਨਾਂ ਦੌਰਾਨ ਕਿਸਾਨਾਂ ਨੂੰ ਕਣਕ ਦੀ ਫ਼ਸਲ ਦੀ ਬਿਜਾਈ ਲਈ ਨਹਿਰੀ ਪਾਣੀ ਨਹੀਂ ਮਿਲੇਗਾ। ਕਣਕ ਦੀ ਬਿਜਾਈ ਨਵੰਬਰ ਦੇ ਸ਼ੁਰੂ ’ਚ ਸ਼ੁਰੂ ਹੁੰਦੀ ਹੈ ਅਤੇ ਕਿਸਾਨਾਂ ਨੂੰ ਬਿਜਾਈ ਲਈ ਖੇਤ ਤਿਆਰ ਕਰਨ ਲਈ ਪਾਣੀ ਦੀ ਲੋੜ ਹੁੰਦੀ ਹੈ ਪਰ ਇਸ ਦੌਰਾਨ ਨਹਿਰ ਬੰਦ ਹੋਣ ਕਾਰਨ ਉਨ੍ਹਾਂ ਨੂੰ ਲੋੜੀਂਦਾ ਪਾਣੀ ਨਹੀਂ ਮਿਲੇਗਾ, ਜਿਸ ਕਾਰਨ ਬਿਜਾਈ ਪ੍ਰਭਾਵਿਤ ਹੋਣ ਦਾ ਡਰ ਬਣਿਆ ਹੋਇਆ ਹੈ। ਕਿਸਾਨ ਮਹਿੰਗਾ ਡੀਜ਼ਲ ਫੂਕ ਕੇ ਕਣਕ ਦੀ ਬਿਜਾਈ ਲਈ ਖੇਤ ਤਿਆਰ ਕਰਨ ਲਈ ਮਜਬੂਰ ਹੋਣਗੇ।

ਸਰਕਾਰ ਕਿਸਾਨਾਂ ਨੂੰ ਲੋੜੀਂਦਾ ਪਾਣੀ ਦੇਵੇ : ਸਿੱਧੂ

ਭਾਕਿਯੂ ਲੱਖੋਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਹਰ ਸਾਲ ਕਣਕ ਦੀ ਬਿਜਾਈ ਦੇ ਸੀਜ਼ਨ ਦੌਰਾਨ ਸਰਕਾਰ ਵੱਲੋਂ ਨਹਿਰੀ ਬੰਦੀ ਕੀਤੀ ਜਾਂਦੀ ਹੈ, ਜਿਸ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਬਿਜਾਈ ਲਈ ਲੋੜੀਂਦਾ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਬਿਜਾਈ ਦੇ ਕੰਮ ਵਿਚ ਕੋਈ ਪ੍ਰੇਸ਼ਾਨੀ ਨਾ ਆਵੇ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਯੂਨੀਅਨ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।

ਸ਼ਹਿਰ ’ਚ ਪਾਣੀ ਦੀ ਸਪਲਾਈ ਵੀ ਹੋਵੇਗੀ ਪ੍ਰਭਾਵਿਤ

ਲੰਬੀ ਨਹਿਰ ਬੰਦ ਹੋਣ ਕਾਰਨ ਜਿੱਥੇ ਖੇਤਾਂ ਨੂੰ ਪਾਣੀ ਨਹੀਂ ਮਿਲੇਗਾ, ਉੱਥੇ ਹੀ ਸ਼ਹਿਰ ਵਿਚ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋਵੇਗੀ। ਆਮ ਤੌਰ ’ਤੇ ਨਹਿਰ ਬੰਦ ਹੋਣ ਦੌਰਾਨ, ਸ਼ਹਿਰ ਵਿਚ ਪਾਣੀ ਦੀ ਸਪਲਾਈ ਵਿਚ 50 ਫੀਸਦੀ ਤਕ ਦੀ ਕਟੌਤੀ ਕੀਤੀ ਜਾਂਦੀ ਹੈ। ਅਕਤੂਬਰ ਮਹੀਨੇ ਦੌਰਾਨ ਹੀ ਪਹਿਲਾਂ ਨਹਿਰ ਵਿਚ ਪਾਣੀ ਘੱਟ ਗਿਆ ਸੀ, ਜਿਸ ਕਾਰਨ ਲੋਕਾਂ ਨੂੰ ਕੁੱਝ ਦਿਨ ਪਾਣੀ ਦੀ ਘਾਟ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਫਿਰ 21 ਦਿਨਾਂ ਤੋਂ ਨਹਿਰੀ ਬੰਦ ਹੋਣ ਕਾਰਨ ਲੋਕਾਂ ਨੂੰ ਪਾਣੀ ਦੀ ਘਾਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ - ਸ਼ਰਮਨਾਕ : ਕਵਾਰੇ ਮਾਪਿਆਂ ਨੇ ਬੋਰੀ 'ਚ ਪਾ ਕੇ ਨਾਲੀ 'ਚ ਸੁੱਟਿਆ ਨਵਜੰਮਿਆ ਬੱਚਾ, ਮੌਤ, ਪ੍ਰੇਮੀ ਜੋੜਾ ਗ੍ਰਿਫ਼ਤਾਰ

ਸ਼ਹਿਰ ਦੇ ਕਈ ਹਿੱਸੇ ਅਜੇ ਵੀ ਪਾਣੀ ਦੀ ਕਿੱਲਤ ਦਾ ਸਾਹਮਣਾ ਕਰ ਰਹੇ ਹਨ ਅਤੇ ਪਾਣੀ ਦੀ ਕਿੱਲਤ ਕਾਰਨ ਅਜਿਹੇ ਇਲਾਕਿਆਂ ਦੇ ਲੋਕਾਂ ਨੂੰ ਹੋਰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਵਿਭਾਗ ਵੱਲੋਂ ਉਸੇ ਸਮੇਂ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਾਣੀ ਦੀ ਸਪਲਾਈ ਵਿਚ ਕੁਝ ਕਟੌਤੀ ਕੀਤੀ ਜਾ ਸਕਦੀ ਹੈ ਪਰ ਵਿਭਾਗ ਕੋਲ ਲੋੜੀਂਦਾ ਪਾਣੀ ਲੋਕਾਂ ਨੂੰ ਸਪਲਾਈ ਕਰਨ ਲਈ ਹੈ ਅਤੇ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।


Anuradha

Content Editor

Related News