CM ਮਾਨ ਦੀ ਕੋਠੀ ਦੇ ਬਾਹਰ ਲੱਗੇ ਪੱਕੇ ਮੋਰਚੇ ਦੇ 12ਵੇਂ ਦਿਨ ਕਿਸਾਨਾਂ ਦਾ ਸਖ਼ਤ ਐਕਸ਼ਨ, ਚੁੱਕਿਆ ਇਹ ਕਦਮ
Thursday, Oct 20, 2022 - 07:16 PM (IST)

ਸੰਗਰੂਰ (ਵਿਜੈ ਕੁਮਾਰ ਸਿੰਗਲਾ ) : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਕੀਤੇ ਗਏ ਸਖ਼ਤ ਐਕਸ਼ਨ ਦਾ ਐਲਾਨ ਲਾਗੂ ਕਰਦਿਆਂ ਪੰਜਾਬ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ 'ਚ ਲਗਾਤਾਰ ਕੀਤੇ ਜਾ ਰਹੇ ਟਾਲਮਟੋਲ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਨੂੰ ਜਾਂਦੀ ਸੜਕ ਦੇ ਇੱਕ ਪਾਸੇ ਦਾ ਘਿਰਾਓ ਸ਼ੁਰੂ ਕਰ ਦਿੱਤਾ ਗਿਆ। ਹਜ਼ਾਰ ਤੋਂ ਵੱਧ ਔਰਤਾਂ ਤੇ ਭਾਰੀ ਗਿਣਤੀ ਨੌਜਵਾਨਾਂ ਸਮੇਤ ਹਜ਼ਾਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਾਇਆ ਕਿ ਪੰਜ ਦਿਨ ਪਹਿਲਾਂ ਭੇਜੇ ਗਏ ਯਾਦ ਪੱਤਰ ਦੇ ਹੁੰਗਾਰੇ ਵਜੋਂ ਅਜੇ ਵੀ ਸਰਕਾਰ ਵੱਲੋਂ ਸਥਾਨਕ ਅਧਿਕਾਰੀਆਂ ਰਾਹੀਂ ਟਾਲਮਟੋਲ ਦਾ ਵਤੀਰਾ ਅਪਣਾਇਆ ਹੋਇਆ ਹੈ।
ਇਹ ਵੀ ਪੜ੍ਹੋ : ਮੰਤਰੀ ਜਿੰਪਾ ਵੱਲੋਂ ਵਿਸ਼ਵ ਬੈਂਕ ਦੀ ਟੀਮ ਨਾਲ ਮੀਟਿੰਗ, ਕਿਹਾ-ਸਾਫ਼ ਪਾਣੀ ਦੀ ਸਪਲਾਈ ਸੂਬਾ ਸਰਕਾਰ ਦੀ ਮੁੱਖ ਤਰਜੀਹ
ਇੱਥੋਂ ਤੱਕ ਕਿ ਚਾਰ ਦਿਨ ਪਹਿਲਾਂ ਮੋਰਚੇ ਦੇ ਸਥਾਨ 'ਤੇ ਰਾਤ ਨੂੰ ਸੱਪ ਲੜਨ ਕਾਰਨ ਸ਼ਹੀਦ ਹੋਏ ਕਿਸਾਨ ਗੁਰਚਰਨ ਸਿੰਘ ਦੇ ਵਾਰਸਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਅਤੇ ਇੱਕ ਜੀਅ ਨੂੰ ਪੱਕੀ ਨੌਕਰੀ ਤੋਂ ਇਲਾਵਾ ਪਰਿਵਾਰ ਜ਼ਿੰਮੇ ਖੜ੍ਹੇ ਸਾਰੇ ਕਰਜ਼ੇ ਦੇ ਖ਼ਾਤਮੇ ਬਾਰੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਲਈ ਨਿਰਵਿਵਾਦ ਲਾਗੂ ਹੋ ਰਹੀ ਮੰਗ ਬਾਰੇ ਵੀ ਚੁੱਪ ਧਾਰੀ ਹੋਈ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਜੇਕਰ ਮਾਨ ਸਰਕਾਰ ਦਾ ਇਹੀ ਵਤੀਰਾ ਜਾਰੀ ਰਿਹਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੜਕ ਦਾ ਦੂਜਾ ਪਾਸਾ ਵੀ ਜਾਮ ਕਰ ਦਿੱਤਾ ਜਾਵੇਗਾ ਪਰ ਉਨ੍ਹਾਂ ਸਪਸ਼ਟ ਕੀਤਾ ਕਿ ਮੁੱਖ ਮੰਤਰੀ ਦੀ ਕੋਠੀ ਦੇ ਮੁਕੰਮਲ ਘਿਰਾਓ ਸਮੇਂ ਇਸ ਸੜਕ 'ਤੇ ਵਸੀ ਹੋਈ ਗਰੀਨ ਕਲੋਨੀ ਦੇ ਵਾਸੀ ਆਮ ਲੋਕਾਂ ਦੀ ਆਵਾਜਾਈ ਵਿੱਚ ਕੋਈ ਵਿਘਨ ਨਹੀਂ ਪੈਣ ਦਿੱਤਾ ਜਾਵੇਗਾ।
ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ ਠੋਸ ਸੁਝਾਵਾਂ ਸਮੇਤ ਯਾਦ ਪੱਤਰ 'ਚ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਹਿੱਸੇ ਆਏ ਦਰਿਆਈ ਪਾਣੀ ਦੀ ਖੇਤੀ ਲਈ ਪੂਰੀ ਪੂਰੀ ਵਰਤੋਂ ਦਾ ਰੋਡ ਮੈਪ ਤਿਆਰ ਕਰਕੇ ਕਿਸਾਨਾਂ ਨੂੰ ਤੁਰਤ ਦਿੱਤਾ ਜਾਵੇ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਕੇਂਦਰ ਸਰਕਾਰ ਦੁਆਰਾ ਕਣਕ ਦੇ ਐੱਮ ਐੱਸ ਪੀ ਵਿੱਚ ਕੀਤਾ ਗਿਆ ਨਿਗੂਣਾ ਵਾਧਾ ਰੱਦ ਕਰਦਿਆਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਲਾਭਕਾਰੀ ਐੱਮ ਐੱਸ ਪੀ ਮਿਥਣ ਦੀ ਮੰਗ ਕੀਤੀ। ਉਨ੍ਹਾਂ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਜਥੇਬੰਦੀ ਦੀ ਧਰਮ ਨਿਰਪੱਖਤਾ ਅਤੇ ਵੋਟ ਸਿਆਸਤ ਤੋਂ ਨਿਰਲੇਪਤਾ ਦੀ ਨੀਤੀ ਉੱਤੇ ਪਹਿਰਾ ਦੇਣ ਅਤੇ ਮੰਨੀਆਂ ਹੋਈਆਂ ਮੰਗਾਂ ਲਾਗੂ ਕੀਤੇ ਜਾਣ ਤੱਕ ਮੋਰਚੇ ਵਿੱਚ ਡਟੇ ਰਹਿਣ ਦਾ ਸੱਦਾ ਦਿੱਤਾ।
ਔਰਤ ਵਿੰਗ ਦੀ ਆਗੂ ਹਰਿੰਦਰ ਕੌਰ ਬਿੰਦੂ ਨੇ ਇਨ੍ਹਾਂ ਭਖੇ ਹੋਏ ਮੁੱਦਿਆਂ ਦੇ ਔਰਤਾਂ ਦੀ ਹੋਣੀ ਅਤੇ ਸਮਾਜਿਕ ਬਰਾਬਰੀ ਨਾਲ ਗਹਿਰੇ ਸੰਬੰਧਾਂ ਨੂੰ ਉਭਾਰਿਆ। ਭਰਾਤਰੀ ਜਥੇਬੰਦੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਨੇ ਕਿਸਾਨਾਂ ਮਜ਼ਦੂਰਾਂ ਦੀ ਸੰਘਰਸ਼ ਏਕਤਾ ਉੱਤੇ ਜ਼ੋਰ ਦਿੱਤਾ ਅਤੇ ਆਪਣੀ ਜਥੇਬੰਦੀ ਵੱਲੋਂ ਕਿਸਾਨ ਘੋਲ਼ ਦੀ ਡਟਵੀਂ ਹਮਾਇਤ ਜਾਰੀ ਰੱਖਣ ਦਾ ਐਲਾਨ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਸ਼ਿੰਗਾਰਾ ਸਿੰਘ ਮਾਨ ਨੇ ਨਿਭਾਈ ਅਤੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਨ ਵਾਲੇ ਹੋਰ ਬੁਲਾਰਿਆਂ ਵਿੱਚ ਰੂਪ ਸਿੰਘ ਛੰਨਾਂ ਜਨਕ ਸਿੰਘ ਭੁਟਾਲ ਅਤੇ ਜਗਤਾਰ ਸਿੰਘ ਕਾਲਾਝਾੜ ਸ਼ਾਮਲ ਸਨ।