ਫਿਰੋਜ਼ਪੁਰ : ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਚੱਕਾ ਜਾਮ

07/31/2022 5:26:45 PM

ਫਿਰੋਜ਼ਪੁਰ(ਕੁਮਾਰ) : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਫਿਰੋਜ਼ਪੁਰ ਛਾਉਣੀ ਦੇ ਰੇਲਵੇ ਸਟੇਸ਼ਨ, ਬਸਤੀ ਟੈਂਕਾਂ ਵਾਲੀ, ਰੇਲਵੇ ਸਟੇਸ਼ਨ ਮੱਲਾਂਵਾਲਾ ਅਤੇ ਮਖੂ ਆਦਿ ਵਿਖੇ 11 ਵਜੇ ਤੋਂ 3 ਵਜੇ ਤੱਕ ਰੇਲ ਚੱਕਾ ਜਾਮ ਰੱਖਿਆ ਗਿਆ। ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਸਮੇਂ ਕੀਤੇ ਵਾਅਦੇ ਵਿੱਚੋਂ ਇੱਕ ਵੀ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਕਿਸਾਨ ਮਜ਼ਦੂਰ ਜਥੇਬੰਦੀਆਂ ਨੂੰ ਰੇਲਾਂ ਦਾ ਚੱਕਾ ਜਾਮ ਕਰਨ ਲਈ ਮਜ਼ਬੂਰ ਹੋਣਾ ਪਿਆ ਹੈ।  

ਇਹ ਵੀ ਪੜ੍ਹੋ- ਮਾਲੇਰਕੋਟਲਾ ’ਚ ਵੱਡੀ ਵਾਰਦਾਤ, ‘ਆਪ’ ਕੌਂਸਲਰ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

ਕਿਸਾਨ ਮਜ਼ਦੂਰ ਸੰਗਠਨ ਦੇ ਅਧਿਕਾਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ 23  ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦ ਦੀ ਗਾਰੰਟੀ ਦਾ ਨੋਟੀਫਿਕੇਸ਼ਨ ਜਾਰੀ ਕਰੇ, ਘੱਟੋ-ਘੱਟ ਸਮਰਥਨ ਮੁੱਲ ’ਤੇ ਬਣੀ ਕਮੇਟੀ ਨੂੰ ਭੰਗ ਕਰਕੇ ਡਾ: ਸਵਾਮੀਨਾਥਨ ਦੀ ਰਿਪੋਰਟ ਨੂੰ ਜਲਦੀ ਲਾਗੂ ਕੀਤਾ ਜਾਵੇ। ਇਸ ਤੋਂ ਇਲਾਵਾ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕਰਕੇ ਜੇਲ੍ਹ ਵਿਚ ਬੰਦ ਕੀਤਾ ਜਾਵੇ। ਕਿਸਾਨ ਅੰਦੋਲਨ ਦੌਰਾਨ ਅੰਦੋਲਨਕਾਰੀ ਕਿਸਾਨਾਂ ’ਤੇ ਦਰਜ ਸਾਰੇ ਕੇਸ ਰੱਦ ਕੀਤੇ ਜਾਣ, ਮ੍ਰਿਤਕ ਕਿਸਾਨਾ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਅਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਮ੍ਰਿਤਕ ਕਿਸਾਨ ਮਜ਼ਦੂਰਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto