ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਫਿਰ ਵਿਵਾਦਾਂ ’ਚ, ਜ਼ਮੀਨ ਦਾ ਰੇਟ ਘੱਟ ਦੇਣ ਕਾਰਨ ਕਿਸਾਨਾਂ ਨੇ ਦਿੱਤਾ ਧਰਨਾ

07/17/2022 6:00:06 PM

ਭਵਾਨੀਗੜ੍ਹ(ਕਾਂਸਲ) :  ਕੇਂਦਰ ਸਰਕਾਰ ਵੱਲੋਂ ਭਾਰਤ ਮਾਲਾ ਪ੍ਰੋਜੈਕਟ ਤਹਿਤ ਬਣਾਏ ਜਾ ਰਹੇ ਦਿੱਲੀ-ਕੱਟੜਾ ਐਕਸਪ੍ਰੈੱਸ ਲਈ ਨੇੜਲੇ ਪਿੰਡ ਹਰਕਿਸ਼ਨਪੁਰਾ, ਸੰਤੋਖਪੁਰਾ ਤੇ ਖੇੜੀ ਚੰਦਵਾਂ ਦੀਆਂ ਜ਼ਮੀਨਾਂ ਨੂੰ ਐਕਵਾਇਰ ਕਰਨ ਸਬੰਧੀ ਕਥਿਤ ਤੌਰ ’ਤੇ ਕਿਸਾਨਾਂ ਤੋਂ ਸਸਤੇ ਭਾਅ ‘ਚ ਜ਼ਬਰੀ ਜ਼ਮੀਨਾਂ ਐਕਵਾਇਰ ਕਰਨ ਦੀ ਕਾਰਵਾਈ ਦੇ ਵਿਰੋਧ ‘ਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਪੀੜਤ ਕਿਸਾਨਾਂ ਵੱਲੋਂ ਪਿੰਡ ਜਲਾਣ ਵਿਖੇ ਪੱਕਾ ਮੋਰਚਾ ਸ਼ੁਰੂ ਕਰਦਿਆਂ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਸਖ਼ਤ ਕਦਮ, ਟ੍ਰੈਫਿਕ ਨਿਯਮ ਤੋੜਨ ’ਤੇ ਹੋਵੇਗੀ ਵੱਡੀ ਕਾਰਵਾਈ, ਦੁੱਗਣਾ ਕੀਤਾ ਜੁਰਮਾਨਾ

ਇਸ ਮੌਕੇ ਪੀੜਤ ਕਿਸਾਨਾਂ ਐਡਵੋਕੇਟ ਹਰਵਿੰਦਰ ਸਿੰਘ ਦੁੱਲਟ, ਧਰਮਿੰਦਰ ਸਿੰਘ ਸੰਤੋਖਪੁਰਾ ਤੇ ਪ੍ਰਿਤਪਾਲ ਸਿੰਘ ਆਦਿ ਨੇ ਦੱਸਿਆ ਕਿ ਦਿੱਲੀ-ਕੱਟੜਾ ਐਕਸਪ੍ਰੈੱਸ ਵੇ ਦੇ ਨਿਰਮਾਣ ਲਈ ਐੱਨ.ਐੱਚ.ਏ.ਆਈ ਤੇ ਪ੍ਰਸ਼ਾਸਨ ਪਹਿਲਾਂ ਕਿਸਾਨਾਂ ਤੋਂ 20 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਜ਼ਮੀਨ ਐਕਆਇਰ ਕਰ ਰਿਹਾ ਸੀ ਪਰ ਕਿਸਾਨਾਂ ਵੱਲੋਂ ਤਿੱਖਾ ਸੰਘਰਸ਼ ਕਰਕੇ ਇਸ ਜ਼ਮੀਨ ਦਾ ਰੇਟ 74 ਲੱਖ ਰੁਪਏ ਪ੍ਰਤੀ ਏਕੜ ਕਰਨ ਦੀ ਮੰਗ ਮੰਨਵਾ ਲਿਆ ਗਿਆ ਸੀ, ਜਿਸ ਦੇ ਤਹਿਤ ਨੇੜਲੇ ਪਿੰਡ ਫੱਗੂਵਾਲਾ ਜੋ ਕਿ ਇੱਥੋਂ ਸਿਰਫ਼ 2 ਕਿਲੋਮੀਟਰ ਦੀ ਦੂਰੀ 'ਤੇ ਹੈ ਦੇ ਕਿਸਾਨਾਂ ਦੀ ਐਕਵਾਇਰ ਕੀਤੀ ਜ਼ਮੀਨ ਦਾ ਰੇਟ 74 ਲੱਖ ਰੁਪਏ ਦੇ ਹਿਸਾਬ ਨਾਲ ਦਿੱਤਾ ਗਿਆ ਹੈ। ਕਿਸਾਨਾਂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਤੇ ਸਬੰਧਤ ਅਥਾਰਿਟੀ ਹੁਣ ਸੰਤੋਖਪੁਰਾ, ਹਰਕਿਸ਼ਨਪੁਰਾ ਤੇ ਖੇੜੀ ਚੰਦਵਾਂ ਪਿੰਡਾਂ ’ਚ ਕਿਸਾਨਾਂ ਦੀ ਜ਼ਮੀਨ ਨੂੰ  ਉਹੀ ਪੁਰਾਣੇ 20 ਲੱਖ ਰੁਪਏ ਦੇ ਰੇਟ ‘ਤੇ ਹੀ  ਐਕਆਇਰ ਕਰਨ ਲਈ ਧੱਕਾ ਕਰ ਰਹੀ ਹੈ। ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਇਹ ਵੀ ਪੜ੍ਹੋ- ਪੰਜਾਬ ਨੂੰ ਸਿਹਤ ਸੇਵਾਵਾਂ ਦੇ ਮਾਮਲੇ ਵਿੱਚ ਦੇਸ਼ ਦਾ ਇਕ ਨੰਬਰ ਸੂਬਾ ਬਣਾਵਾਂਗੇ : ਚੇਤਨ ਸਿੰਘ ਜੌੜਾਮਾਜਰਾ

ਇਸ ਮੌਕੇ ਭਾਕਿਯੂ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਸਮੇਤ ਬਲਾਕ ਕਮੇਟੀ ਨੇ ਐਲਾਨ ਕੀਤਾ ਕਿ ਜਥੇਬੰਦੀ ਵੱਲੋਂ ਪ੍ਰਸ਼ਾਸਨ ਨੂੰ ਕਿਸੇ ਵੀ ਕਿਸਾਨਾਂ ਦੀ ਜ਼ਮੀਨ ਜ਼ਬਰੀ ਐਕਵਾਇਰ ਕਰਨ ਨਹੀਂ ਦਿੱਤੀ ਜਾਵੇਗੀ ਅਤੇ ਇਸ ਬੇਇਨਸਾਫੀ ਦੇ ਵਿਰੁੱਧ ਕਿਸਾਨਾਂ ਵੱਲੋਂ ਪੱਕਾ ਧਰਨਾ ਸ਼ੁਰੂ ਕੀਤਾ ਗਿਆ ਹੈ । ਇਸ ਦੌਰਾਨ ਸੜਕ ਨਿਰਮਾਣ ਕਰਨ ਵਾਲੀ ਕੰਪਨੀ 'ਤੇ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੂੰ ਜ਼ਮੀਨ ‘ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਕਿਸਾਨਾਂ ਨੇ ਐੱਨ.ਐੱਚ.ਏ.ਆਈ ਤੇ ਪ੍ਰਸ਼ਾਸਨ ਖ਼ਿਲਾਫ਼ ਵੀ ਨਾਅਰੇਬਾਜੀ ਕੀਤੀ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Gurminder Singh

Content Editor

Related News