ਮੂੰਗੀ ਦੀ ਫ਼ਸਲ ਦਾ ਖਰੀਦ ਮੁੱਲ ਪੂਰਾ ਨਾ ਮਿਲਣ ਕਰਕੇ ਮਿੱਟੀ ਦੇ ਭਾਅ ਵੇਚਣ ਲਈ ਮਜਬੂਰ ਹੋਏ ਕਿਸਾਨ

06/26/2023 2:23:59 PM

ਚੰਡੀਗੜ੍ਹ - ਪੰਜਾਬ ਵਿੱਚ ਬਹੁਤ ਸਾਰੇ ਕਿਸਾਨ ਮੂੰਗੀ ਦੀ ਫ਼ਸਲ ਦੀ ਕਾਸ਼ਤ ਕਰਦੇ ਹਨ। ਉਕਤ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਪੂਰਾ ਖਰੀਦ ਮੁੱਲ ਨਹੀਂ ਮਿਲ ਰਿਹਾ, ਜਿਸ ਕਾਰਨ ਉਹ ਪਰੇਸ਼ਾਨ ਹੁੰਦੇ ਹਨ। ਫ਼ਸਲੀ ਵੰਨ-ਸੁਵੰਨਤਾ ਦੇ ਰਾਹ ਪੈਣ ਵਾਲੇ ਕਿਸਾਨ ਆਪਣੀ ਮੂੰਗੀ ਦੀ ਫ਼ਸਲ ਮਿੱਟੀ ਦੇ ਭਾਅ ਵੇਚਣ ਲਈ ਮਜਬੂਰ ਹੋ ਰਹੇ ਹਨ। ਭਾਵੇਂ ਪੰਜਾਬ ਸਰਕਾਰ ਫਸਲਾਂ ਦੀ ਵਿਭਿੰਨਤਾ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਆਪਣੀ ਯੋਜਨਾ ਦੇ ਹਿੱਸੇ ਵਜੋਂ ਮੂੰਗੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰ ਰਹੀ ਹੈ, ਪਰ ਇਸ ਸਾਲ ਮੂੰਗੀ ਦੀ ਸਰਕਾਰੀ ਖਰੀਦ ਪਿਛਲੇ ਸਾਲ ਨਾਲੋਂ ਹੁਣ ਤੱਕ 77 ਫ਼ੀਸਦੀ ਘੱਟ ਹੈ।

ਇਹ ਵੀ ਪੜ੍ਹੋ : ਰਾਤ ਨੂੰ AC ਚਲਾਇਆ ਤਾਂ ਆਵੇਗਾ ਜ਼ਿਆਦਾ ਬਿੱਲ, ਸਰਕਾਰ ਵੱਲੋਂ ਨਵੇਂ ਟੈਰਿਫ਼ ਨੂੰ ਮਨਜ਼ੂਰੀ

ਜਿਹੜੇ ਕਿਸਾਨਾਂ ਨੇ ਮੂੰਗੀ ਦੀ ਕਾਸ਼ਤ ਕੀਤੀ ਹੈ, ਉਨ੍ਹਾਂ ਨੂੰ ਆਪਣੀ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ ਨਹੀਂ ਮਿਲ ਰਿਹਾ। ਮੂੰਗੀ ਦੀ ਫ਼ਸਲ ਦਾ ਸਰਕਾਰੀ ਭਾਅ 7755 ਰੁਪਏ ਪ੍ਰਤੀ ਕੁਇੰਟਲ ਹੈ ਤੇ ਪੰਜਾਬ ਵਿਚ ਮੂੰਗੀ 6100 ਰੁਪਏ ਪ੍ਰਤੀ ਕੁਇੰਟਲ ਤੱਕ ਵਿਕੀ ਹੈ। ਇਸ ਤਰ੍ਹਾਂ ਪੰਜਾਬ ਦੀ ਕਰੀਬ 83 ਫ਼ੀਸਦੀ ਮੂੰਗੀ ਦੀ ਫ਼ਸਲ ਸਰਕਾਰੀ ਭਾਅ ਤੋਂ ਹੇਠਾਂ ਵਿਕੀ ਹੈ। ਮੂੰਗੀ ਦੀ ਫ਼ਸਲ ਦੀ ਸਰਕਾਰ ਵਲੋਂ ਮਾਮੂਲੀ ਮਾਤਰਾ ਵਿੱਚ ਖਰੀਦ ਕੀਤੀ ਜਾਂਦੀ ਹੈ। 

ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ: 4-5 ਰੁਪਏ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ, ਜਾਣੋ ਕੰਪਨੀਆਂ ਕਦੋਂ ਕਰਨਗੀਆਂ ਐਲਾਨ

ਪੰਜਾਬ ਸਰਕਾਰ ਨੇ ਮੂੰਗੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਵਾਸਤੇ ਪਿਛਲੇ ਵਰ੍ਹੇ ਸਰਕਾਰੀ ਭਾਅ ਤੋਂ ਹੇਠਾਂ ਵਿਕਣ ਵਾਲੀ ਫ਼ਸਲ ’ਤੇ ਇੱਕ ਹਜ਼ਾਰ ਰੁਪਏ ਤੱਕ ਦੀ ਮਾਲੀ ਮਦਦ ਦੇਣ ਦਾ ਫ਼ੈਸਲਾ ਕੀਤਾ ਸੀ। ਪੰਜਾਬ ਵਿਚ ਹੁਣ ਤੱਕ 1.49 ਲੱਖ ਕੁਇੰਟਲ ਮੂੰਗੀ ਦੀ ਫ਼ਸਲ ਦੀ ਖ਼ਰੀਦ ਹੋਈ ਹੈ, ਜਿਸ ਵਿੱਚੋਂ ਸਰਕਾਰੀ ਖ਼ਰੀਦ ਸਿਰਫ਼ ਡੇਢ ਫ਼ੀਸਦ (2280 ਕੁਇੰਟਲ) ਹੀ ਹੋਈ ਹੈ। ਇਸ ਮੌਕੇ ਜੇਕਰ ਜਗਰਾਉਂ ਮੰਡੀ ਦੀ ਗੱਲ ਕਰੀਏ ਤਾਂ ਉਥੇ ਹੁਣ ਤੱਕ 1.18 ਲੱਖ ਕੁਇੰਟਲ ਫ਼ਸਲ ਦੀ ਖਰੀਦ ਹੋਈ ਹੈ, ਜਿਸ ’ਚੋਂ ਸਿਰਫ਼ 596 ਕੁਇੰਟਲ ਦੀ ਖਰੀਦ ਸਰਕਾਰ ਨੇ ਕੀਤੀ ਹੈ। ਮੰਡੀ ਵਿੱਚ ਰੋਜ਼ਾਨਾ 15 ਹਜ਼ਾਰ ਬੋਰੀ ਫ਼ਸਲ ਪਹੁੰਚ ਰਹੀ ਹੈ, ਜਿਸ ’ਚੋਂ ਸਰਕਾਰੀ ਖਰੀਦ ਸਿਰਫ਼ 500 ਬੋਰੀਆਂ ਦੀ ਹੈ। 

ਇਹ ਵੀ ਪੜ੍ਹੋ : ਜਾਬ ਸਕੈਮ ਦਾ ਵੱਡਾ ਖੁਲਾਸਾ : TCS 'ਚ ਨੌਕਰੀ ਦੇਣ ਦੇ ਬਦਲੇ ਲੋਕਾਂ ਤੋਂ ਲਏ 100 ਕਰੋੜ ਰੁਪਏ

ਪੰਜਾਬ ਸਰਕਾਰ ਨੇ ਇਸ ਵਾਰ ਕਪਾਹ ਪੱਟੀ ਦੇ ਚਾਰ ਜ਼ਿਲ੍ਹਿਆਂ ਬਠਿੰਡਾ, ਮਾਨਸਾ, ਫਾਜ਼ਿਲਕਾ ਅਤੇ ਮੁਕਤਸਰ ਸਾਹਿਬ ਦੇ ਕਿਸਾਨਾਂ ਨੂੰ ਮੁੰਗੀ ਦੀ ਕਾਸ਼ਤ ਕਰਨ ਤੋਂ ਮਨਾ ਕੀਤਾ ਸੀ। ਇਸੇ ਤਰ੍ਹਾਂ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ, ਫ਼ਤਹਿਗੜ੍ਹ ਸਾਹਿਬ, ਜਲੰਧਰ ਤੇ ਗੁਰਦਾਸਪੁਰ ਵਿੱਚ ਹਾਲੇ ਤੱਕ ਮੂੰਗੀ ਦੀ ਖਰੀਦ ਦਾ ਖਾਤਾ ਨਹੀਂ ਖੁੱਲ੍ਹਿਆ। ਇਸ ਦੌਰਾਨ ਜ਼ਿਲ੍ਹਾ ਫ਼ਰੀਦਕੋਟ ਵਿਚ ਸਭ ਤੋਂ ਘੱਟ 150 ਕੁਇੰਟਲ ਮੂੰਗੀ ਦੀ ਫ਼ਸਲ ਆਈ ਹੈ। 
 

rajwinder kaur

This news is Content Editor rajwinder kaur