ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

Thursday, Apr 04, 2019 - 12:30 AM (IST)

ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ,(ਕਾਂਸਲ): ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਇਕਾਈ ਦੀ ਅਗਵਾਈ ਹੇਠ ਬੁੱਧਵਾਰ ਸਥਾਨਕ ਅਨਾਜ਼ ਮੰਡੀ ਵਿਖੇ ਮਾਰਕਿਟ ਕਮੇਟੀ ਦਫ਼ਤਰ ਵਿਖੇ ਇਕਠੇ ਹੋਏ ਕਿਸਾਨਾਂ ਨੇ ਪੰਜਾਬ 'ਚ ਲਗਾਤਾਰ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਆਤਮ ਹੱਤਿਆਵਾਂ ਦੇ ਦੌਰ ਨੂੰ ਰੋਕਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕੋਈ ਵਿਸ਼ੇਸ਼ ਉਪਰਾਲੇ ਨਾ ਕੀਤੇ ਜਾਣ ਦੇ ਰੋਸ ਵਜੋਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਆਪਣੇ ਸੰਬੋਧਨ 'ਚ ਯੂਨੀਅਨ ਦੇ ਜ਼ਿਲਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਜੋ ਕਿਸਾਨ ਮਾਰੂ ਨੀਤੀਆਂ ਅਪਣਾ ਕੇ ਕਿਸਾਨਾਂ ਨੂੰ ਖ਼ਤਮ ਕੀਤਾ ਜਾ ਰਿਹਾ ਹੈ ਅਤੇ ਕਿਸਾਨ ਨੂੰ ਕੋਈ ਵੀ ਸਹੀ ਸਹੂਲਤ ਨਹੀਂ ਦਿੱਤੀ ਜਾ ਰਹੀ। ਜਿਸ ਕਰਕੇ ਹੀ ਆਰਥਿਕ ਤੌਰ 'ਤੇ ਕਰਜ਼ਾਈ ਹੋਇਆ ਕਿਸਾਨ ਆਪਣੇ ਆਪ ਨੂੰ ਖ਼ਤਮ ਕਰਨ ਲਈ ਖੁਦਕੁਸ਼ੀਆਂ ਦੇ ਰਾਹ ਪਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਨਾ ਹੀ ਕੇਂਦਰ ਸਰਕਾਰ ਵਲੋਂ ਫਸਲਾਂ ਦੇ ਭਾਅ ਸੂਚਕ ਅੰਕ ਨਾਲ ਜੋੜੇ ਗਏ ਹਨ ਅਤੇ ਨਾ ਹੀ ਕਿਸਾਨੀ ਖ਼ੁਦਕੁਸ਼ੀਆਂ ਨੂੰ ਰੋਕਣ ਲਈ ਦੋਵੇਂ ਕੇਂਦਰ ਅਤੇ ਸੂਬਾਂ ਸਰਕਾਰਾਂ ਵਲੋਂ ਕੋਈ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ 6 ਅਪ੍ਰੈਲ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਮੀਟਿੰਗ ਕੀਤੀ ਜਾਵੇਗੀ, ਜਿਸ 'ਚ ਕਿਸਾਨੀ ਮੰਗਾਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ ਅਤੇ ਯੂਨੀਅਨ ਦੇ ਉÎÎੱਚ ਆਗੂਆਂ ਦੀ ਸਲਾਹ ਅਤੇ ਹਰ ਜ਼ਿਲਾ ਪੱਧਰ ਦੇ ਡੈਲੀਗੇਟਾਂ ਦੀ ਸਹਿਮਤੀ ਨਾਲ ਲੋਕ ਸਭਾ ਚੋਣਾਂ ਸਬੰਧੀ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਸਮੂਹ ਡੈਲੀਗੇਟਾਂ ਨੂੰ ਇਸ ਮੀਟਿੰਗ 'ਚ ਪਹੁੰਚਣ ਦਾ ਸੱਦਾ ਦਿੱਤਾ। ਇਸ ਮੌਕੇ 'ਤੇ ਬਲਾਕ ਪ੍ਰਧਾਨ ਦਰਬਾਰਾ ਸਿੰਘ ਨਾਗਰਾ ਨੇ ਮੰਡੀਆਂ 'ਚ ਕਿਸਾਨਾਂ ਨੂੰ ਕਣਕ ਵੇਚਣ ਸਮੇਂ ਕੋਈ ਮੁਸ਼ਕਲ ਨਾ ਆਉਣ ਦੇਣ ਲਈ ਕਣਕ ਦੀ ਖ਼ਰੀਦ ਸਬੰਧੀ ਮੰਡੀਕਰਨ ਬੋਰਡ ਤੋਂ ਅਨਾਜ ਮੰਡੀਆਂ 'ਚ ਢੁਕਵੇਂ ਪ੍ਰਬੰਧ ਕਰਨ ਦੀ ਮੰਗ ਕਰਦਿਆਂ ਜ਼ਿਲਾ ਪ੍ਰਧਾਨ ਨੂੰ ਵੀ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੂੰ ਮਿਲਣ ਸਬੰਧੀ ਕਿਹਾ।


Related News