ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਫੂਕਿਆ ਮੋਦੀ ਤੇ ਟਰੰਪ ਦਾ ਪੁਤਲਾ

02/24/2020 4:01:39 PM

ਗੁਰੂਹਰਸਹਾਏ (ਆਵਲਾ): ਅੱਜ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਗੁਰੂਹਰਸਹਾਏ ਵਿਖੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਨ ਸਾਮਰਾਜ ਦੇ ਨੁਮਾਇੰਦੇ ਰਾਸ਼ਟਰਪਤੀ ਟਰੰਪ ਦਾ ਪੁਤਲਾ ਫੂਕਿਆ ਗਿਆ।ਇਕੱਠੇ ਹੋਏ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਅਤੇ ਟਰੰਪ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ।

ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆ ਸੂਬਾ ਆਗੂ ਅਵਤਾਰ ਸਿੰਘ ਮਹਿਮਾ ਨੇ ਕਿਹਾ ਕਿ ਭਾਰਤ ਦੇ ਲੋਕਾਂ ਦੇ ਟੈਕਸਾਂ ਨਾਲ ਇਕੱਠਾ ਹੋਇਆ ਪੈਸਾ ਮੋਦੀ ਸਰਕਾਰ ਵੱਲੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਵਾਗਤ ਲਈ ਪਾਣੀ ਵਾਂਗ ਵਹਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਮੂਰਖ ਬਣਾ ਕੇ ਜੋ ਵਪਾਰਕ ਸਮਝੌਤੇ ਕੀਤੇ ਜਾ ਰਹੇ ਹਨ ਇਹ ਲੋਕ ਵਿਰੋਧੀ ਅਤੇ ਕਿਸਾਨ ਵਿਰੋਧੀ ਹਨ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਫਸਲਾਂ ਦੀ ਸਰਕਾਰੀ ਖ਼ਰੀਦ ਬੰਦ ਕਰਕੇ ਕਿਸਾਨਾਂ ਨੂੰ ਖੁੱਲ੍ਹੀ ਮੰਡੀ ਵਿੱਚ ਸੁੱਟਣ ਜਾ ਰਹੀ ਹੈ ਜਿਸ ਵਿੱਚ ਭਾਰਤ ਦੇ ਕਿਸਾਨ ਦੂਜੇ ਦੇਸ਼ਾਂ ਦੇ ਕਿਸਾਨਾਂ ਦਾ ਮੁਕਾਬਲਾ ਨਹੀਂ ਕਰ ਸਕਣਗੇ। ਇਸ ਤਰ੍ਹਾਂ ਨਾਲ ਭਾਰਤ ਦੇ ਗਰੀਬ ਕਿਸਾਨਾਂ ਨੂੰ ਖੇਤੀ ਸੈਕਟਰ ਵਿੱਚੋਂ ਬਾਹਰ ਧੱਕ ਦਿੱਤਾ ਜਾਵੇਗਾ ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਭਾਰਤ ਭੁੱਖਮਰੀ ਗ਼ਰੀਬੀ ਅਤੇ ਹੋਰ ਅਲਾਮਤਾਂ ਨਾਲ ਜੂਝ ਰਿਹਾ ਹੈ ਜਿਸ ਵਾਸਤੇ ਸਰਕਾਰ ਕਹਿੰਦੀ ਹੈ ਕਿ ਸਾਡੇ ਕੋਲ ਖ਼ਰਚਣ ਲਈ ਪੈਸਾ ਨਹੀਂ ਹੈ ਪਰ ਅੱਜ ਉਸੇ ਹੀ ਸਰਕਾਰ ਵੱਲੋ ਅਮਰੀਕੀ ਸਾਮਰਾਜ ਦੇ ਨੁਮਾਇੰਦੇ ਨੂੰ ਖੁਸ਼ ਕਰਨ ਲਈ ਕਰੋੜਾਂ ਅਰਬਾਂ ਰੁਪਿਆ ਪਾਣੀ ਵਾਂਗ ਵਹਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਇਸ ਦਾ ਸਖ਼ਤ ਨਿਖੇਧੀ ਕਰਦੀ ਹੈ ਤੇ ਇਸ ਦੇ ਖਿਲਾਫ ਕਿਸਾਨਾਂ ਨੂੰ ਲਾਮਬੰਦ ਕਰਕੇ ਕਿਸਾਨਾਂ ਦੀ ਮੁਕਤੀ ਤੱਕ ਸੰਘਰਸ਼ ਜਾਰੀ ਰੱਖੇਗੀ । ਇਸ ਮੌਕੇ ਜ਼ਿਲ੍ਹਾ ਆਗੂ ਮਾਸਟਰ ਦੇਸ ਰਾਜ ਤੋਂ ਇਲਾਵਾ ਮਾਲਕ ਦੱਤਾ, ਗੁਰਦੀਪ ਸਿੰਘ, ਸੁਖਜੀਤ ਸਿੰਘ, ਵੀਰ ਦਵਿੰਦਰ, ਹਰਜੀਤ ਸਿੰਘ, ਗੁਰਭੇਜ ਸਿੰਘ, ਗੁਰਮੀਤ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।


Shyna

Content Editor

Related News