ਦੀਵਾਲੀ ਮੌਕੇ ਵੀ CM ਮਾਨ ਦੀ ਕੋਠੀ ਅੱਗੇ ਡਟੇ ਰਹਿਣਗੇ ਕਿਸਾਨ, ਲੋਕਾਂ ਨੂੰ ਧਰਨੇ 'ਚ ਸ਼ਾਮਲ ਹੋਣ ਦੀ ਅਪੀਲ
Monday, Oct 24, 2022 - 11:24 AM (IST)
ਸੰਗਰੂਰ (ਸਿੰਗਲਾ) : ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ’ਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਟਾਲਮਟੋਲ ਵਿਰੁੱਧ ਸੰਗਰੂਰ 'ਚ ਲਾਏ ਗਏ ਪੱਕੇ ਕਿਸਾਨ ਮੋਰਚੇ ਦੇ 15ਵੇਂ ਦਿਨ ਵੀ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਵਿਚ ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਦਾ ਇਕੱਠ ਹੋਇਆ। ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਾਇਆ ਕਿ ਮੋਰਚੇ ਦੌਰਾਨ ਸ਼ਹੀਦ ਹੋਏ ਦੋਵੇਂ ਕਿਸਾਨਾਂ ਦੇ ਵਾਰਿਸਾਂ ਨੂੰ 10-10 ਲੱਖ ਰੁਪਏ ਦੇ ਮੁਆਵਜ਼ੇ ਬਾਰੇ ਵੀ ਸਰਕਾਰ ਚੁੱਪ ਧਾਰੀ ਬੈਠੀ ਹੈ, ਇਸ ਲਈ ਉਨ੍ਹਾਂ ਐਲਾਨ ਕੀਤਾ ਕਿ ਕਿਸਾਨਾਂ ਵਲੋਂ ਦੀਵਾਲੀ ਮੌਕੇ ਵੀ ਧਰਨਾ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਇਸ ਮੌਕੇ ਕਿਸਾਨਾਂ-ਮਜ਼ਦੂਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦਾ ਸੱਦਾ ਦਿੱਤਾ।
ਇਹ ਵੀ ਪੜ੍ਹੋ- ਸਿੱਧੂ ਦੇ ਕਤਲ ਤੋਂ ਬਾਅਦ ਗਮ ’ਚ ਡੁੱਬਾ ਪਿੰਡ ਮੂਸਾ, ਕਾਲੀ ਦੀਵਾਲੀ ਮਨਾਉਣ ਦਾ ਐਲਾਨ
ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ ਠੋਸ ਸੁਝਾਵਾਂ ਸਮੇਤ ਯਾਦ ਪੱਤਰ ’ਚ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਹਿੱਸੇ ਆਏ ਦਰਿਆਈ ਪਾਣੀ ਦੀ ਖੇਤੀ ਲਈ ਪੂਰੀ-ਪੂਰੀ ਵਰਤੋਂ ਦਾ ਰੋਡ ਮੈਪ ਤਿਆਰ ਕਰਕੇ ਕਿਸਾਨਾਂ ਨੂੰ ਤੁਰੰਤ ਦਿੱਤਾ ਜਾਵੇ, ਇਸਦੀ ਨਾ-ਮਾਤਰ ਵਰਤੋਂ ਬਾਰੇ 27-7-22 ਨੂੰ ਲੋਕ ਸਭਾ ਵਿਚ ਪੇਸ਼ ਕੀਤੀ ਗਈ ਰਿਪੋਰਟ ਦੇ ਵੇਰਵੇ ਜਨਤਕ ਕੀਤੇ ਜਾਣ, ਜ਼ੀਰੇ ਨੇੜੇ ਪ੍ਰਦੂਸ਼ਣ ਦਾ ਗੜ ਬਣੀ ਦੀਪ ਮਲਹੋਤਰਾ ਦੀ ਸ਼ਰਾਬ ਫੈਕਟਰੀ ਦਾ ਪ੍ਰਦੂਸ਼ਣ ਰੋਕਣ ਬਾਰੇ ਜਥੇਬੰਦੀ ਨਾਲ ਬਣੀ ਸਹਿਮਤੀ ਅਨੁਸਾਰ ਇਸ ਫੈਕਟਰੀ ਨੂੰ ਤੁਰੰਤ ਬੰਦ ਕੀਤਾ ਜਾਵੇ।
ਇਹ ਵੀ ਪੜ੍ਹੋ- ਘਰ ’ਚ ਸੁੱਤੇ ਪਏ ਪਰਿਵਾਰ ਨਾਲ ਵਾਪਰਿਆ ਦਿਲ ਕੰਬਾਊ ਹਾਦਸਾ, ਪਤੀ-ਪਤਨੀ ਨੂੰ ਇੰਝ ਆਵੇਗੀ ਮੌਤ ਸੋਚਿਆ ਨਾ ਸੀ
ਇਸ ਤੋਂ ਇਲਾਵਾ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਨਿੱਜੀਕਰਨ ਬਾਰੇ ਪੰਜਾਬ ਦੀਆਂ ਪਹਿਲੀਆਂ ਸਰਕਾਰਾਂ ਵਲੋਂ ਵਿਸ਼ਵ ਬੈਂਕ ਨਾਲ ਕੀਤੇ ਸਮਝੌਤੇ ਰੱਦ ਕਰਨ ਅਤੇ ਪੀਣ ਵਾਲੇ ਸਾਫ਼ ਪਾਣੀ ਲਈ ਸਰਕਾਰੀ ਜਲ ਸਪਲਾਈ ਪ੍ਰਬੰਧ ਪਹਿਲਾਂ ਵਾਂਗ ਮੁੜ ਬਹਾਲ ਕਰਨ ਬਾਰੇ ਠੋਸ ਰੋਡ ਮੈਪ ਬਣਾਉਣ ਦਾ ਵਚਨ ਦਿੱਤਾ ਜਾਵੇ। ਇਸ ਮੌਕੇ ਸੂਬਾ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ, ਸ਼ਿੰਗਾਰਾ ਸਿੰਘ ਮਾਨ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ ਅਤੇ ਜ਼ਿਲਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਸੰਗਰੂਰ, ਸੁਦਾਗਰ ਸਿੰਘ ਘੁਡਾਣੀ ਲੁਧਿਆਣਾ ਵੀ ਹਾਜ਼ਰ ਸਨ। ਲੋਕ ਕਲਾ ਮੰਚ ਮੁੱਲਾਂਪੁਰ ਦੀ ਟੀਮ ਵਲੋਂ ਹਰਕੇਸ਼ ਚੌਧਰੀ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦੀ ਜੇਲ ਜ਼ਿੰਦਗੀ ਨਾਲ ਸਬੰਧਿਤ ਇਨਕਲਾਬੀ ਨਾਟਕ ਛਿਪਣ ਤੋਂ ਪਹਿਲਾਂ ਖੇਡਿਆ ਗਿਆ। ਸਟੇਜ ਸਕੱਤਰ ਦੀ ਭੂਮਿਕਾ ਫਾਜ਼ਿਲਕਾ ਜ਼ਿਲੇ ਦੇ ਪ੍ਰਧਾਨ ਗੁਰਭੇਜ ਸਿੰਘ ਰੋਹੀਵਾਲਾ ਨੇ ਨਿਭਾਈ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।