ਕਿਸਾਨ ਪਿੰਡਾਂ ’ਚ ਸਮਾਰਟ ਮੀਟਰ ਨਹੀਂ ਲੱਗਣ ਦੇਣਗੇ : ਕ੍ਰਾਂਤੀਕਾਰੀ ਕਿਸਾਨ ਯੂਨੀਅਨ
Sunday, Mar 27, 2022 - 04:51 PM (IST)

ਫਿਰੋਜ਼ਪੁਰ (ਕੁਮਾਰ) : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਕਿਸਾਨ ਪੰਜਾਬ ਦੇ ਪਿੰਡਾਂ ਵਿੱਚ ਸਮਾਰਟ ਮੀਟਰ ਨਹੀਂ ਲੱਗਣ ਦੇਣਗੇ ਅਤੇ ਸਰਕਾਰ ਦੇ ਇਸ ਫੈਸਲੇ ਦਾ ਤਿੱਖਾ ਵਿਰੋਧ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਵੱਖ-ਵੱਖ ਸੁਫ਼ਨੇ ਦਿਖਾ ਕੇ ਅਤੇ ਮਹਿੰਗਾਈ ਤੋਂ ਰਾਹਤ ਦੇਣ ਦੇ ਨਾਂ ’ਤੇ ਵੋਟਾਂ ਲੈਣ ਵਾਲੀਆਂ ਸਰਕਾਰਾਂ ਸੱਤਾ ’ਚ ਆਉਣ ਤੋਂ ਬਾਅਦ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਅਕਸਰ ਭੁੱਲ ਜਾਂਦੀ ਹੈ । ਕਾਰਪੋਰੇਟ ਕੰਪਨੀਆਂ ਦੀਆਂ ਜੇਬਾਂ ਭਰਨ ਲਈ ਆਪਣੇ ਦੇਸ਼ ਦੇ ਹਿੱਤਾਂ ਨੂੰ ਵੇਚਣ ਤੋਂ ਵੀ ਗੁਰੇਜ਼ ਨਹੀਂ ਕਰਦੀਆਂ। ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਨਾਲ ਮੀਟਿੰਗ ਕਰਕੇ ਫੈਸਲਾ ਕੀਤਾ ਗਿਆ ਹੈ ਕਿ ਇਸ ਤਰ੍ਹਾਂ ਬਿਜਲੀ ਸੈਕਟਰ ਪੂਰੀ ਤਰ੍ਹਾਂ ਕਾਰਪੋਰੇਟ ਕੰਪਨੀਆਂ ਦੇ ਹੱਥਾਂ ਵਿੱਚ ਚਲਾ ਜਾਵੇਗਾ ਅਤੇ ਬਿਜਲੀ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਜਾਵੇਗੀ।
ਇਹ ਵੀ ਪੜ੍ਹੋ : CM ਬਣਨ ਤੋਂ ਬਾਅਦ ਪਹਿਲੀ ਵਾਰ ਮਾਨਸਾ ਪਹੁੰਚੇ ਭਗਵੰਤ ਮਾਨ, ਕਿਹਾ ਕਿਸਾਨਾਂ ਦੇ ਦੁੱਖ ਵੰਡਾਉਣ ਆਇਆ ਹਾਂ
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਘਰੇਲੂ ਖਪਤ ਵਾਲੇ ਬਿਜਲੀ ਮੀਟਰਾਂ ਨੂੰ ਸਮਾਰਟ ਮੀਟਰਾਂ ਵਿੱਚ ਬਦਲਣ ਦਾ ਸਰਕਾਰ ਦਾ ਫੈਸਲਾ ਬਹੁਤ ਖਤਰਨਾਕ ਹੈ, ਜਿਸਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮਾਜ ਵਿੱਚ ਬਿਜਲੀ ਲੋਕਾਂ ਦੀ ਪਹਿਲੀ ਲੋੜ ਹੈ ਅਤੇ ਜੇਕਰ ਬਿਜਲੀ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਦੇ ਦਿੱਤੀ ਗਈ ਤਾਂ ਲੋਕ ਬੁਰੀ ਤਰ੍ਹਾਂ ਆਰਥਿਕ ਮੰਦੀ ਦਾ ਸ਼ਿਕਾਰ ਹੋ ਜਾਣਗੇ। ਕਿਸਾਨ ਆਗੂਆਂ ਗੁਰਮੀਤ ਸਿੰਘ ਮਹਿਮਾ, ਅਵਤਾਰ ਸਿੰਘ ਮਹਿਮਾ, ਗੁਰਨਾਮ ਸਿੰਘ, ਲਖਵਿੰਦਰ ਸਿੰਘ ਅਤੇ ਨਿਰਮਲ ਸਿੰਘ ਨੇ ਕਿਹਾ ਕਿ ਪੰਜਾਬ ਅੰਦਰਲੇ ਕੁਦਰਤੀ ਸੋਮਿਆਂ ਤੋਂ ਪੈਦਾ ਹੋਣ ਵਾਲੀ ਬਿਜਲੀ ਆਮ ਲੋਕਾਂ ਅਤੇ ਕਿਸਾਨ ਮਜ਼ਦੂਰਾਂ ਨੂੰ ਪਹਿਲ ਦੇ ਆਧਾਰ ’ਤੇ ਦਿੱਤੀ ਜਾਵੇ, ਜਦੋਂਕਿ ਕੇਂਦਰ ਸਰਕਾਰ ਇਨ੍ਹਾਂ ਸਾਰੇ ਸਾਧਨਾਂ ਦਾ ਪ੍ਰਬੰਧ ਆਪਣੇ ਹੱਥਾਂ ਵਿੱਚ ਰੱਖਣਾ ਚਾਹੁੰਦੀ ਹੈ ਅਤੇ ਖਾਸ ਕਰਕੇ ਪੰਜਾਬ ਦਾ ਇਹ ਅਧਿਕਾਰ ਪੰਜਾਬ ਸਰਕਾਰ ਦੇ ਹੱਥਾਂ ਵਿੱਚ ਹੀ ਰਹਿਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਲੁਧਿਆਣਾ ’ਚ ਵਾਪਰੀ ਸ਼ਰਮਨਾਕ ਘਟਨਾ : ਚਾਕੂ ਦੀ ਨੋਕ ’ਤੇ ਨਾਬਾਲਗ ਨਾਲ ਕੀਤਾ ਜਬਰ ਜ਼ਿਨਾਹ
ਉਨ੍ਹਾਂ ਕਿਹਾ ਕਿ ਪੰਜਾਬ ਦੇ ਅੰਦਰਲ ਸਰਕਾਰ ਨੂੰ ਬੀ.ਬੀ.ਐੱਮ.ਬੀ ਦੇ ਮੁੱਦੇ ’ਤੇ ਜ਼ੋਰਦਾਰ ਆਵਾਜ਼ ਉਠਾਉਣੀ ਚਾਹੀਦੀ ਹੈ ਤਾਂ ਜੋ ਪੰਜਾਬ ਸਰਕਾਰ ਪਾਣੀ ਅਤੇ ਬਿਜਲੀ ਨੂੰ ਆਪਣੇ ਹੱਥਾਂ ਵਿੱਚ ਲੈ ਸਕੇ ਅਤੇ ਇਸ ਮੁੱਦੇ ’ਤੇ ਪੰਜਾਬ ਸਰਕਾਰ ਦਾ ਨਾ ਬੋਲਣਾ ਇਕ ਤਰ੍ਹਾਂ ਨਾਲ ਕੇਂਦਰ ਸਰਕਾਰ ਨੂੰ ਆਪਣੀ ਹਮਾਇਤ ’ਤੇ ਸਮਰਥਨ ਦੇਣ ਵਾਲਾ ਸਮਝਿਆ ਜਾਵੇਗਾ। ਉਨ੍ਹਾਂ ਕਿਸਾਨ ਆਗੂਆਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਾਰਮਿਕ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਕੂਲ ਸਿੱਖਿਆ ਬੋਰਡ ਵਿੱਚ ਬਦਲੇ ਗਏ ਸਿੱਖ ਇਤਿਹਾਸ ਬਾਰੇ ਆਪਣੀ ਚੁੱਪ ਤੋੜਨ ਅਤੇ ਇਸ ਦਾ ਸਖ਼ਤ ਵਿਰੋਧ ਕਰਨ ਤਾਂ ਜੋ ਸਾਡੇ ਇਤਿਹਾਸ ਨੂੰ ਖ਼ਤਰਨਾਕ ਮਨਸੂਬਿਆਂ ਤੋਂ ਬਚਾਇਆ ਜਾ ਸਕੇ। ਇਸ ਮੌਕੇ ਕਿਸਾਨ ਆਗੂ ਸਰਬਜੀਤ ਸਿੰਘ, ਗੁਰਮੀਤ ਸਿੰਘ, ਜੱਸਾ ਸਿੰਘ, ਜੋਗਿੰਦਰ ਸਿੰਘ, ਹਰਪਾਲ ਸਿੰਘ, ਭਗਵਾਨ ਸਿੰਘ, ਜਗੀਰ ਸਿੰਘ ਅਤੇ ਸਤਨਾਮ ਸਿੰਘ ਨੇ ਵੀ ਵਿਚਾਰ ਪ੍ਰਗਟ ਕੀਤੇ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ