ਬਰਨਾਲਾ ''ਚ ਦਿਨ-ਦਿਹਾੜੇ ਚੱਲੀਆਂ ਗੋਲ਼ੀਆਂ, ਗਲੀ ''ਚ ਖੜੇ ਮੁੰਡੇ ''ਤੇ ਹੋਈ FIRING

Friday, May 15, 2026 - 06:41 PM (IST)

ਬਰਨਾਲਾ ''ਚ ਦਿਨ-ਦਿਹਾੜੇ ਚੱਲੀਆਂ ਗੋਲ਼ੀਆਂ, ਗਲੀ ''ਚ ਖੜੇ ਮੁੰਡੇ ''ਤੇ ਹੋਈ FIRING

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਬਰਨਾਲਾ ਦੇ ਸਥਾਨਕ ਕੱਚਾ ਕਾਲਜ ਰੋਡ 'ਤੇ ਉਸ ਵੇਲੇ ਸਨਸਨੀ ਫੈਲ ਗਈ ਅਤੇ ਆਸ-ਪਾਸ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਇਕ ਨੌਜਵਾਨ 'ਤੇ ਦਿਨ-ਦਿਹਾੜੇ ਫਾਇਰਿੰਗ ਕਰ ਦਿੱਤੀ ਗਈ। ਇਸ ਹਮਲੇ ਵਿਚ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।

ਮਿਲੀ ਜਾਣਕਾਰੀ ਅਨੁਸਾਰ, ਸੇਖਾ ਰੋਡ ਦਾ ਰਹਿਣ ਵਾਲਾ ਰੋਹਣ ਕੁਮਾਰ ਜਦੋਂ ਕੱਚਾ ਕਾਲਜ ਰੋਡ 'ਤੇ ਸਥਿਤ ਇਕ ਗਲੀ ਦੇ ਨੇੜੇ ਮੌਜੂਦ ਸੀ, ਤਾਂ ਤਿੰਨ ਤੋਂ ਚਾਰ ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ। ਹਮਲਾਵਰਾਂ ਨੇ ਅਚਾਨਕ ਰੋਹਣ ਕੁਮਾਰ 'ਤੇ ਗੋਲੀ ਚਲਾ ਦਿੱਤੀ। ਗੋਲੀ ਰੋਹਣ ਦੀ ਪਿੱਠ 'ਤੇ ਲੱਗੀ, ਜਿਸ ਕਾਰਨ ਉਹ ਡਿੱਗ ਪਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ।

ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਇਲਾਕੇ ਵਿਚ ਭਾਜੜ ਮਚ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀ ਰੋਹਣ ਕੁਮਾਰ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।

ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਵਨ ਦੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਵਨ ਦੇ ਮੁੱਖ ਅਫ਼ਸਰ ਇੰਸਪੈਕਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲੈ ਰਹੀ ਹੈ। ਉਨ੍ਹਾਂ ਕਿਹਾ ਸਾਡੀ ਟੀਮ ਵੱਲੋਂ ਘਟਨਾ ਸਥਾਨ ਅਤੇ ਆਸ-ਪਾਸ ਦੇ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਇਸ ਦੇ ਨਾਲ ਹੀ ਪੀੜਤ ਵਿਅਕਤੀ ਰੋਹਣ ਕੁਮਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰਕੇ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ। ਇਸ ਵਾਰਦਾਤ ਤੋਂ ਬਾਅਦ ਸ਼ਹਿਰ ਵਾਸੀਆਂ ਵਿਚ ਸੁਰੱਖਿਆ ਨੂੰ ਲੈ ਕੇ ਚਿੰਤਾ ਪਾਈ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਸ਼ਹਿਰ ਦੀ ਅਮਨ-ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਬਹੁਤ ਜਲਦ ਇਸ ਮਾਮਲੇ ਦੀ ਗੁੱਥੀ ਸੁਲਝਾ ਲਈ ਜਾਵੇਗੀ।
 


author

Anmol Tagra

Content Editor

Related News