ਅਮਰੀਕਾ ਭੇਜਣ ਦੇ ਨਾਂ ''ਤੇ ਕੀਤੀ 8 ਲੱਖ ਦੀ ਠੱਗੀ

04/22/2019 8:27:14 PM

ਮੋਗਾ, (ਆਜ਼ਾਦ)- ਪਿੰਡ ਚੱਕ ਫਤਿਹਪੁਰ ਨਿਵਾਸੀ ਇਕ ਵਿਅਕਤੀ ਵੱਲੋਂ ਕੁਲਵੰਤ ਸਿੰਘ ਵਾਸੀ ਪਿੰਡ ਚੱਕ ਜੀਂਦੜਾ ਦੇ ਬੇਟੇ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 8 ਲੱਖ ਰੁਪਏ ਦੀ ਠੱਗੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਜਾਂਚ ਦੇ ਬਾਅਦ ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਜ਼ਿਲਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਕੁਲਵੰਤ ਸਿੰਘ ਨੇ ਕਿਹਾ ਕਿ ਕਰੀਬ 3 ਸਾਲ ਪਹਿਲਾਂ ਉਸ ਨੇ ਆਪਣੇ ਬੇਟੇ ਹਰਵਿੰਦਰ ਸਿੰਘ ਨੂੰ ਅਮਰੀਕਾ ਭੇਜਣ ਲਈ ਆਪਣੇ ਗੁਆਂਢੀਆਂ ਰਾਹੀਂ ਸਤਨਾਮ ਸਿੰਘ ਵਾਸੀ ਪਿੰਡ ਚੱਕ ਫਤਿਹਪੁਰ ਨਾਲ ਗੱਲਬਾਤ ਕੀਤੀ ਕਿਉਂਕਿ ਉਸ ਦੇ ਦੋ ਭਰਾ ਤੇ ਭੈਣਾਂ ਵੀ ਵਿਦੇਸ਼ ਰਹਿੰਦੀਆਂ ਹਨ। ਸਤਨਾਮ ਸਿੰਘ ਦੇ ਰਿਸ਼ਤੇਦਾਰ, ਜੋ ਉਨ੍ਹਾਂ ਦੇ ਗੁਆਂਢ 'ਚ ਰਹਿੰਦੇ ਹਨ, ਨੇ ਦੱਸਿਆ ਕਿ ਉਹ ਉਸ ਦੇ ਬੇਟੇ ਨੂੰ ਅਮਰੀਕਾ ਭੇਜ ਦੇਵੇਗਾ ਤੇ ਉਸ ਦਾ 25 ਲੱਖ ਰੁਪਏ ਖਰਚਾ ਆਵੇਗਾ।ਉਨ੍ਹਾਂ ਨੇ ਉਸ ਨੂੰ ਆਪਣੇ ਬੇਟੇ ਦਾ ਪਾਸਪੋਰਟ ਤੇ 8 ਲੱਖ ਰੁਪਏ ਦੇ ਦਿੱਤੇ। ਉਸ  ਨੇ ਕਿਹਾ ਕਿ ਉਹ ਜਲਦ ਹੀ ਉਹ ਹਰਵਿੰਦਰ ਸਿੰਘ ਨੂੰ ਅਮਰੀਕਾ ਭੇਜ ਦੇਵੇਗਾ ਪਰ ਉਹ ਬਾਅਦ 'ਚ ਟਾਲ-ਮਟੋਲ ਕਰਨ ਲੱਗਾ ਤੇ ਪੈਸੇ ਦੇਣ ਤੋਂ ਵੀ ਇਨਕਾਰ ਕਰ ਦਿੱਤਾ। 
ਜ਼ਿਲਾ ਪੁਲਸ ਮੁਖੀ ਮੋਗਾ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੀ ਜਾਂਚ ਡੀ.ਐੱਸ.ਪੀ. ਧਰਮਕੋਟ ਨੂੰ ਕਰਨ ਦਾ ਹੁਕਮ ਦਿੱਤਾ ਗਿਆ। ਜਾਂਚ ਤੋਂ ਬਾਅਦ ਸ਼ਿਕਾਇਤਕਰਤਾ ਦੇ ਦੋਸ਼ ਸਹੀ ਪਾਏ ਜਾਣ 'ਤੇ ਧਰਮਕੋਟ ਪੁਲਸ ਵੱਲੋਂ ਸਤਨਾਮ ਸਿੰਘ ਪੁੱਤਰ ਕਰਮ ਸਿੰਘ ਵਾਸੀ ਪਿੰਡ ਚੱਕ ਫਤਿਹਪੁਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਕਮਾਲਕੇ ਪੁਲਸ ਚੌਕੀ ਦੇ ਇੰਚਾਰਜ ਥਾਣੇਦਾਰ ਸੁਰਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


KamalJeet Singh

Content Editor

Related News