8 ਮਈ ਤੋਂ ਕਿਸਾਨ ਜਥੇਬੰਦੀਆਂ ਚਲਾਉਣਗੀਆਂ ਲਾਕਡਾਊਨ ਖੋਲ੍ਹੋ ਮੁਹਿੰਮ

05/06/2021 5:45:44 PM

ਬੁਢਲਾਡਾ (ਬਾਂਸਲ) : ਸਰਕਾਰ ਕੋਰੋਨਾ ਦਾ ਬਹਾਨਾ ਬਣਾ ਕੇ ਅੰਦੋਲਨ ਨੂੰ ਖਤਮ ਕਰਾਉਣ ਲਈ ਹੱਥਕੰਡੇ ਵਰਤ ਰਹੀ ਹੈ, ਇਸ ਲਈ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ 8 ਮਈ ਨੂੰ ਲਾਕਡਾਊਨ ਖੋਲ੍ਹੋ ਮੁਹਿੰਮ ਚਲਾਈ ਜਾਵੇਗੀ ਅਤੇ ਲਾਕਡਾਊਨ ਦਾ ਵਿਰੋਧ ਕੀਤਾ ਜਾਵੇਗਾ। ਇਹ ਸ਼ਬਦ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਮੀਟਿੰਗ ਮੌਕੇ ਜਥੇਬੰਦੀ ਦੇ ਬਲਾਕ ਪ੍ਰਧਾਨ ਸੱਤਪਾਲ ਸਿੰਘ ਬਰ੍ਹੇ ਨੇ ਕਹੇ।ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਖੋਲ੍ਹ ਲੈਣ, ਕਿਸਾਨ ਜਥੇਬੰਦੀਆਂ ਉਨ੍ਹਾਂ ਦੇ ਨਾਲ ਹਨ।

ਉਨ੍ਹਾਂ ਕਿਹਾ ਕਿ ਕੋਰੋਨਾ ਦਾ ਬਹਾਨਾ ਬਣਾ ਕੇ ਸਰਕਾਰਾਂ ਕਿਸਾਨੀ ਮੋਰਚੇ ਨੂੰ ਖਤਮ ਕਰਨਾ ਚਾਹੁੰਦੀਆਂ ਹਨ ਅਤੇ 5ਜੀ ਨੈੱਟਵਰਕ ਨੂੰ ਚਲਾਉਣਾ ਚਾਹੁੰਦੀਆਂ ਹਨ। ਲਾਕਡਾਊਨ ਲਗਾ ਕੇ ਸਰਕਾਰਾਂ ਆਮ ਲੋਕਾਂ ਅਤੇ ਦੁਕਾਨਦਾਰਾਂ ਦਾ ਕੰਮਕਾਜ ਠੱਪ ਕਰ ਰਹੀਆਂ ਹਨ, ਜਿਸ ਕਾਰਨ ਆਮ ਆਦਮੀ ਨੂੰ ਆਪਣੇ ਪਰਿਵਾਰ ਪਾਲਣ ਅਤੇ ਹੋਰ ਖਰਚਿਆਂ ਲਈ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਦੁਕਾਨਦਾਰਾਂ ਨੂੰ ਕਿਹਾ ਕਿ ਉਹ 8 ਮਈ ਨੂੰ ਲਾਕਡਾਊਨ ਖੋਲ੍ਹੋ ਮੁਹਿੰਮ ਦਾ ਸਾਥ ਦੇਣ ਅਤੇ ਆਪਣੀਆਂ ਦੁਕਾਨਾਂ ਖੋਲ੍ਹਣ। 10 ਅਤੇ 12 ਮਈ ਨੂੰ ਦਿੱਲੀ ਲਈ ਭਾਰੀ ਗਿਣਤੀ ’ਚ ਕਿਸਾਨਾਂ ਦਾ ਜਥਾ ਮੋਰਚੇ ’ਚ ਸ਼ਮੂਲੀਅਤ ਕਰਨ ਲਈ ਰਵਾਨਾ ਹੋਵੇਗਾ, ਜਿਸ ਵਿਚ ਹਜ਼ਾਰਾਂ ਕਿਸਾਨ ਸ਼ਾਮਲ ਹੋਣਗੇ।

ਇਸ ਮੌਕੇ ਮੀਟਿੰਗ ’ਚ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ, ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ, ਬਲਾਕ ਸਕੱਤਰ ਤਾਰਾ ਚੰਦ ਬਰ੍ਹੇਂ, ਦਰਸ਼ਨ ਸਿੰਘ ਗੁਰਨੇ ਕਲਾਂ, ਵਸਾਵਾ ਸਿੰਘ, ਗੁਰਮੇਲ ਜਲਵੇੜਾ, ਬਲਦੇਵ ਪਿੱਪਲੀਆਂ, ਬਾਰੂ ਮੱਲ ਸਿੰਘ ਵਾਲਾ ਆਦਿ ਹਾਜ਼ਰ ਸਨ।


Manoj

Content Editor

Related News