ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

Thursday, Aug 22, 2019 - 02:58 PM (IST)

ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਗਿੱਦੜਬਾਹਾ (ਸੰਧਿਆ) - ਗਿੱਦੜਬਾਹਾ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਨੇ ਪ੍ਰਦਰਸ਼ਨ ਕਰਦੇ ਹੋਏ ਨੈਸ਼ਨਲ ਹਾਈਵੇ-15 'ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੌਰਾਨ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪਾਵਰਕਾਮ ਜ਼ੋਨ ਬਠਿੰਡਾ ਦੇ ਪ੍ਰੈਸ ਸਕੱਤਰ ਕਿਰਪਾਲ ਮੱਲ੍ਹੀ, ਪਾਵਰ ਕਾਮ ਐਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਗੁਰਲਾਲ ਨੇ ਕਿਹਾ ਕਿ ਗਿੱਦੜਬਾਹਾ ਡਵੀਜ਼ਨ 'ਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠਾਂ ਪੰਜਾਬ ਦੇ ਵਰਕਰ ਐਡਹਾਕ, ਕੰਟਰੈਕਚੂਅਲ, ਡੇਲੀਵੇਜ਼, ਟੈਂਪਰੇਰੀ, ਵਰਕਚਾਰਜ਼ ਐਂਡ ਆਊਟਸੋਰਸਡ ਇੰਮਪਲਾਇਜ਼ ਵੈੱਲਫੇਅਰ ਐਕਟ 2016 ਨੂੰ ਇਨਬਿਨ ਲਾਗੂ ਕਰਨ ਤੇ ਸਰਕਾਰੀ ਅਦਾਰਿਆਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ ਗਈ ਸੀ। ਇਸ ਮੰਗ ਦੇ ਸਬੰਧ 'ਚ 14 ਅਗਸਤ ਨੂੰ ਜਲੰਧਰ ਵਿਖੇ ਕਾਲੇ ਚੋਲੇ ਪਾ ਕੇ ਰੋਸ ਮਾਰਚ ਤੇ ਰਾਤ ਨੂੰ ਜਗਰਾਤਾ ਕੀਤਾ ਗਿਆ ਅਤੇ 15 ਅਗਸਤ ਨੂੰ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਸੂਬਾ ਪੱਧਰੀ ਸਮਾਗਮ ਵੱਲ ਰੋਸ ਮਾਰਚ ਕਰਨ ਦਾ ਸੰਘਰਸ਼ ਉਲੀਕਿਆ ਹੋਇਆ ਸੀ।

ਇਸ ਦੌਰਾਨ ਕੱਚੇ ਮੁਲਾਜ਼ਮਾਂ ਦੇ ਰੋਹ ਨੂੰ ਵੇਖਦੇ ਹੋਏ ਜਲੰਧਰ ਪ੍ਰਸ਼ਾਸਨ (ਡਿਪਟੀ ਕਮਿਸ਼ਨਰ) ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਨੂੰ 20 ਅਗਸਤ ਨੂੰ ਮੁੱਖ ਮੰਤਰੀ ਨਾਲ ਚੰਡੀਗੜ੍ਹ ਰਿਹਾਇਸ਼ 'ਤੇ ਮੀਟਿੰਗ ਕਰਨ ਦਾ ਲਿਖਤੀ ਪੱਤਰ ਦੇ ਕੇ ਪੈਨਲ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਸੀ, ਜੋ ਪੂਰਾ ਨਹੀਂ ਕੀਤਾ । ਮੀਟਿੰਗ ਨਾ ਹੋਣ ਦੇ ਵਿਰੋਧ ਵਜੋਂ ਸਮੂਹ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀਆਂ ਜਥੇਬੰਦੀਆਂ ਵਲੋਂ 21 ਅਗਸਤ ਤੋਂ ਲੈ ਕੇ 28 ਅਗਸਤ ਤੱਕ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਜਾਵੇਗਾ।ਇਸ ਮੌਕੇ ਜਰਨਲ ਸਕੱਤਰ ਖੁਸਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਰਕਰਾਂ ਨਾਲ ਕੀਤੇ ਵਾਅਦਿਆਂ ਤੋਂ ਸਰਕਾਰ ਨੂੰ ਭੱਜਣ ਨਹੀਂ ਦਿੱਤਾ ਜਾਵੇਗਾ ਤੇ 25 ਅਗਸਤ ਨੂੰ ਸੂਬਾ ਪੱਧਰੀਆਂ ਮੀਟਿੰਗ ਪਟਿਆਲਾ ਵਿਖੇ ਕੀਤੀ ਜਾਵੇ ਜਿਸ 'ਚ ਸੰਘਰਸ਼ਾਂ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਇਸ ਮੌਕੇ ਜਸਕਰਨ ਸਿੰਘ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਖਵੀਰ ਸਿੰਘ ਆਦਿ ਹਾਜ਼ਰ ਸਨ ।


author

rajwinder kaur

Content Editor

Related News