ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਕੀਤੀ ਜਾਵੇ ਸਖਤ ਕਾਰਵਾਈ :ਡੀ. ਕੇ.ਤਿਵਾੜੀ

10/19/2019 12:00:21 PM

ਮੋਗਾ (ਗੋਪੀ ਰਾਊਕੇ)—ਪੰਜਾਬ ਸਰਕਾਰ ਵਲੋਂ ਖੇਤਾਂ ਵਿਚ ਪਰਾਲੀ ਸਾੜਨ ਨੂੰ ਪ੍ਰਭਾਵੀ ਤਰੀਕੇ ਨਾਲ ਰੋਕਣ ਲਈ ਜ਼ਮੀਨੀ ਪੱਧਰ ਤੇ ਸਮੁੱਚੀ ਮਸ਼ੀਨਰੀ ਸਰਗਰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਲਈ ਪਰਾਲੀ ਸਾੜਨ ਨਾਲ ਵਾਤਾਵਰਨ ਅਤੇ ਸਿਹਤ ਨੂੰ ਹੋਣ ਵਾਲੇ ਖਤਰਨਾਕ ਨੁਕਸਾਨ ਤੋਂ ਲੋਕਾਂ ਨੂੰ ਵੱਧ ਤੋ ਵੱਧ ਜਾਗਰੂਕ ਕੀਤਾ ਜਾਵੇ ਅਤੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਹ ਪ੍ਰਗਟਾਵਾ ਡੀ.ਕੇ. ਤਿਵਾੜੀ ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਤੇ ਖੋਜ ਨੇ ਅੱਜ 'ਪਰਾਲੀ ਦੀ ਸੁਚੱਜੀ ਸਾਂਭ ਸੰਭਾਲ' ਬਾਰੇ ਸਮੀਖਿਆ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਸੰਦੀਪ ਹੰਸ, ਵਧੀਕ ਡਿਪਟੀ ਕਮਿਸ਼ਨਰ (ਜ਼) ਅਨੀਤਾ ਦਰਸ਼ੀ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ ਵੀ ਹਾਜ਼ਰ ਸਨ।

ਸ੍ਰੀ ਤਿਵਾੜੀ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਫਸਲੀ ਰਹਿੰਦ-ਖੂੰਹਦ ਦੇ ਮਸ਼ੀਨਾਂ ਰਾਹੀ ਸੁਚਾਰੂ ਪ੍ਰਬੰਧਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਖੇਤੀਬਾੜੀ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਕੰਬਾਇਨਾਂ ਦੇ ਨਾਲ ਸੁਪਰ ਸਟਰਾਅ ਮੈਨੇਜਮੈਟ ਸਿਸਟਮ (ਐੱਸ. ਐੱਮ. ਐੱਸ.) ਦੀ ਵਰਤੋ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਅਤੇ ਕਿਹਾ ਕਿ ਐੱਸ. ਐੱਮ. ਐੱਸ. ਤੋ ਬਿਨ੍ਹਾਂ ਚੱਲਣ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਜ਼ਿਲੇ ਅੰਦਰ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨਾ ਸਾੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਅਤੇ ਪੰਚਾਇਤਾਂ ਨੂੰ ਮਹੱਤਵਪੂਰਨ ਸਮਾਗਮਾਂ ਤੇ ਸਨਮਾਨਤ ਕੀਤਾ ਜਾਵੇ। ਉਨ੍ਹਾਂ ਪੇਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਠੇਕੇ 'ਤੇ ਦਿੱਤੀ ਗਈ ਪੰਚਾਇਤੀ ਜ਼ਮੀਨ ਦੇ ਕਾਸ਼ਤਕਾਰਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਵੀ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਉਨ੍ਹਾਂ ਸਰਕਾਰੀ ਮੁਲਾਜ਼ਮਾਂ ਨੂੰ ਵੀ ਆਪਣੇ ਖੇਤਾਂ ਵਿਚ ਪਰਾਲੀ ਨੂੰ ਅੱਗ ਨਾ ਲਾਉਣ ਦੀ ਹਦਾਇਤ ਕੀਤੀ।


Shyna

Content Editor

Related News