ਅੱਗ ਨਾਲ ਸੜੀਆਂ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਸਰਕਾਰ : ਸੁਖਬੀਰ

04/24/2019 12:53:33 AM

ਚੰਡੀਗੜ੍ਹ(ਅਸ਼ਵਨੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਸੂਬੇ ਅੰਦਰ ਅੱਗ ਲੱਗਣ ਕਰਕੇ ਸੜੀਆਂ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਨੇ ਇਹ ਮੁਆਵਜ਼ਾ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਇਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਬਾਦਲ ਨੇ ਕਿਹਾ ਕਿ ਸਰਕਾਰ ਨੂੰ ਦੋ-ਤਿੰਨ ਦਿਨਾਂ ਦੇ ਅੰਦਰ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣਾ ਚਾਹੀਦਾ ਹੈ ਅਤੇ ਇਕ ਹਫ਼ਤੇ ਦੇ ਅੰਦਰ ਕਿਸਾਨਾਂ ਦੇ ਹੱਥਾਂ 'ਚ ਮੁਆਵਜ਼ਾ ਪੁੱਜਦਾ ਕਰਨਾ ਚਾਹੀਦਾ ਹੈ।
ਇਸ ਮਾਮਲੇ 'ਚ ਕੀਤੀ ਗਈ ਦੇਰੀ ਕਿਸਾਨਾਂ ਨੂੰ ਕੋਈ ਵੀ ਮੁਆਵਜ਼ਾ ਨਾ ਦੇਣ ਦੇ ਤੁਲ ਸਾਬਿਤ ਹੋਵੇਗੀ। ਬਾਦਲ ਨੇ ਮੁੱਖ ਮੰਤਰੀ ਨੂੰ ਇਹ ਵੀ ਚਿਤਾਵਨੀ ਦਿੱਤੀ ਕਿ ਉਹ ਮੁਆਵਜ਼ੇ ਦੇ ਨਾਂ 'ਤੇ ਕਿਸਾਨਾਂ ਨੂੰ ਮਾਮੂਲੀ ਰਾਸ਼ੀ ਦੇ ਕੇ ਡੰਗ ਟਪਾਉਣ ਤੋਂ ਗੁਰੇਜ਼ ਕਰਨ ਕਿਉਂਕਿ ਅਜਿਹਾ ਕਰਨਾ ਲੋੜਵੰਦ ਕਿਸਾਨਾਂ ਦੀਆਂ ਤਕਲੀਫਾਂ ਦਾ ਮਜ਼ਾਕ ਉਡਾਉਣ ਦੇ ਸਮਾਨ ਹੋਵੇਗਾ। ਉਨ੍ਹਾਂ ਕਿਹਾ ਕਿ ਅੱਗ ਲੱਗਣ 'ਤੇ 100 ਫੀਸਦੀ ਫਸਲ ਨੁਕਸਾਨੀ ਜਾਂਦੀ ਹੈ, ਇਸ ਲਈ ਮੁਆਵਜ਼ਾ ਵੀ ਉਸੇ ਅਨੁਸਾਰ ਦਿੱਤਾ ਜਾਣਾ ਚਾਹੀਦਾ ਹੈ।

satpal klair

This news is Content Editor satpal klair