450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਗੁਰਮਤਿ ਸਮਾਗਮ
Saturday, Sep 07, 2024 - 05:20 AM (IST)
ਜੈਤੋ (ਰਘੂਨੰਦਨ ਪਰਾਸ਼ਰ) - ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ 'ਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਕਥਾ ਵੀਚਾਰ ਕਰਦਿਆਂ ਗੁਰੂ ਸਾਹਿਬਾਨ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਮਰਦਾਸ ਜੀ ਨੇ ਸ੍ਰੀ ਗੋਇੰਦਵਾਲ ਸਾਹਿਬ ਵਸਾ ਕੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਨੂੰ ਅੱਗੇ ਤੋਰਿਆ ਅਤੇ ਵੱਖ-ਵੱਖ ਇਲਾਕਿਆਂ ਵਿਚ 22 ਮੰਜੀਆਂ (ਪ੍ਰਚਾਰਕ) ਥਾਪ ਕੇ ਧਰਮ ਪ੍ਰਚਾਰ ਹਿੱਤ ਭੇਜਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਮਾਜਿਕ ਬੁਰਾਈ ਸਤੀ ਪ੍ਰਥਾ ਦਾ ਵਿਰੋਧ ਕਰਨ ਦੇ ਨਾਲ-ਨਾਲ ਨੌਜਵਾਨੀ ਨੂੰ ਸਰੀਰਕ ਤੌਰ ’ਤੇ ਬਲਵਾਨ ਕਰਨ ਲਈ ਮੱਲ ਅਖਾੜੇ ਤਿਆਰ ਕਰਵਾਏ। ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤਾਂ ਨੂੰ ਗੁਰੂ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕਰਦਿਆਂ ਸ਼ਤਾਬਦੀ ਸਮਾਗਮਾਂ ਦੌਰਾਨ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਲਈ ਕਿਹਾ।
ਇਸ ਮੌਕੇ ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਤਾਬਦੀ ਦਿਹਾੜੇ ਸਿੱਖ ਧਰਮ ਇਤਿਹਾਸ ਦੇ ਮਹੱਤਵਪੂਰਨ ਦਿਨ ਹਨ, ਜਿਸ ਮੌਕੇ ਸਾਡਾ ਫ਼ਰਜ਼ ਬਣਦਾ ਹੈ ਕਿ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਸਮਾਗਮਾਂ ਦੀ ਸ਼ਲਾਘਾ ਕੀਤੀ ਅਤੇ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ। ਸਮਾਗਮ ਸਮੇਂ ਭਾਈ ਅਮਨਦੀਪ ਸਿੰਘ, ਭਾਈ ਜਤਿੰਦਰ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਸੁਲਖਣ ਸਿੰਘ ਰਿਆੜ ਤੇ ਸਤਪਾਲ ਸਿੰਘ ਐਮਏ ਦੇ ਜਥਿਆਂ ਨੇ ਸੰਗਤ ਨੂੰ ਇਤਿਹਾਸ ਨਾਲ ਜੋੜਿਆ। ਸਟੇਜ ਦੀ ਸੇਵਾ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆ ਨੇ ਨਿਭਾਈ। ਸਮਾਗਮ ਮੌਕੇ ਬਾਬਾ ਲੱਖਾ ਸਿੰਘ ਕੋਟਾ ਵਾਲਿਆਂ ਵੱਲੋ ਬਾਬਾ ਬਲਵਿੰਦਰ ਸਿੰਘ ਕੋਟੇ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂਵਾਲਾ, ਭਾਈ ਅਜਾਇਬ ਸਿੰਘ ਅਭਿਆਸੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਬਾਬਾ ਕੁਲਵਿੰਦਰ ਸਿੰਘ, ਲੋਕਲ ਕਮੇਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਟੋਨੀ, ਮੀਤ ਪ੍ਰਧਾਨ ਅਵਤਾਰ ਸਿੰਘ ਜਾਮਾਰਾਏ, ਜਥੇਦਾਰ ਪਿਆਰਾ ਸਿੰਘ ਲੁਹਾਰ, ਪ੍ਰਚਾਰਕ ਭਾਈ ਲਖਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।