ਹੈਰੋਇਨ ਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 3 ਗ੍ਰਿਫ਼ਤਾਰ
Saturday, Oct 17, 2026 - 06:16 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਦੋ ਵੱਖ-ਵੱਖ ਮਾਮਲਿਆਂ ਵਿਚ 2 ਗ੍ਰਾਮ ਹੈਰੋਇਨ ਅਤੇ 50 ਨਸ਼ੇ ਵਾਲੀਆਂ ਗੋਲੀਆਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਹਿਲੇ ਮਾਮਲੇ ’ਚ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੇ ਸਹਾਇਕ ਥਾਣੇਦਾਰ ਸ਼ਮਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਗਸ਼ਤ ਅਤੇ ਚੈਕਿੰਗ ਦੇ ਸਬੰਧ ’ਚ ਸ੍ਰੀ ਮੁਕਤਸਰ ਸਾਹਿਬ ਤੋਂ ਪਿੰਡ ਥਾਂਦੇਵਾਲਾ ਪੁੱਜੀ ਤਾਂ ਇਕ ਨੌਜਵਾਨ ਸੜਕ ਦੇ ਕਿਨਾਰੇ ਆਉਂਦਾ ਦਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ। ਪੁਲਸ ਨੇ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਕਤ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਕਤ ਵਿਅਕਤੀ ਤੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਵਿਅਕਤੀ ਦੀ ਪਛਾਣ ਅਰਸ਼ਦੀਪ ਸਿੰਘ ਵਾਸੀ ਸਦਰਵਾਲਾ ਵਜੋਂ ਹੋਈ।
ਇਸੇ ਤਰ੍ਹਾਂ ਦੂਜੇ ਮਾਮਲੇ ’ਚ ਥਾਣਾ ਬਰੀਵਾਲਾ ਪੁਲਸ ਨੇ 50 ਨਸ਼ੇ ਵਾਲੀਆਂ ਗੋਲੀਆਂ ਸਮੇਤ ਗੁਰਚਰਨ ਸਿੰਘ ਉਰਫ਼ ਅਜੈ ਅਤੇ ਸ਼ੁਭਦੀਪ ਸਿੰਘ ਵਾਸੀ ਬਰੀਵਾਲਾ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਨੇ ਉਕਤ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
