ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 7 ਕਾਬੂ

Monday, Jun 15, 2026 - 06:19 PM (IST)

ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 7 ਕਾਬੂ

ਮੋਗਾ (ਆਜ਼ਾਦ) : ਜ਼ਿਲਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮੋਗਾ ਪੁਲਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ 7 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਥਾਣਾ ਬਾਘਾ ਪੁਰਾਣਾ ਦੇ ਮੁੱਖ ਅਫਸਰ ਜਨਕ ਰਾਜ ਦੀ ਅਗਵਾਈ ਵਿਚ ਸਹਾਇਕ ਥਾਣੇਦਾਰ ਬਿੰਦਰ ਪਾਲ ਕੌਰ ਨੇ ਗਸ਼ਤ ਦੌਰਾਨ ਗੁਰਦੀਪ ਸਿੰਘ ਉਰਫ ਦੀਪਾ ਅਤੇ ਉਸ ਦੀ ਪਤਨੀ ਮਨਦੀਪ ਕੌਰ ਉਰਫ ਸੰਦੀਪ ਦੋਨੋਂ ਨਿਵਾਸੀ ਸਮਾਧ ਭਾਈ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਥਾਣਾ ਸਮਾਲਸਰ ਦੇ ਸਹਾਇਕ ਥਾਣੇਦਾਰ ਰਜੇਸ਼ ਕੁਮਾਰ ਨੇ ਪੁਲਸ ਪਾਰਟੀ ਸਹਿਤ ਗਸ਼ਤ ਦੌਰਾਨ ਚਮਕੌਰ ਸਿੰਘ ਉਰਫ ਬਤੋ ਨਿਵਾਸੀ ਠੱਠੀ ਭਾਈ ਨੂੰ ਕਾਬੂ ਕਰ ਕੇ ਉਸ ਕੋਲੋਂ 55 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਥਾਣਾ ਨਿਹਾਲ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਗੁਰਵਿੰਦਰ ਸਿੰਘ ਨੇ ਗਸ਼ਤ ਦੌਰਾਨ ਨਾਨਕ ਜੀਤ ਸਿੰਘ ਨਿਵਾਸੀ ਪਿੰਡ ਪੱਤੋਂ ਹੀਰਾ ਸਿੰਘ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਕੋਟ ਇਸੇ ਖਾਂ ਅਧੀਨ ਪੈਂਦੀ ਪੁਲਸ ਚੌਕੀ ਦੌਲੇਵਾਲਾ ਦੇ ਇੰਚਾਰਜ ਜਗਮੋਹਨ ਸਿੰਘ ਨੇ ਗਸ਼ਤ ਦੌਰਾਨ ਮਹਾਂਵੀਰ ਸਿੰਘ ਅਤੇ ਰਾਮ ਸਿੰਘ ਦੋਨੋਂ ਨਿਵਾਸੀ ਪਿੰਡ ਖੋਸਾ ਕੋਟਲਾ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 38 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਸੇ ਤਰ੍ਹਾਂ ਥਾਣਾ ਕੋਟ ਈਸੇ ਖਾਂ ਅਧੀਨ ਪੈਂਦੀ ਪੁਲਸ ਚੌਕੀ ਬਲਖੰਡੀ ਦੇ ਇੰਚਾਰਜ ਸਹਾਇਕ ਥਾਣੇਦਾਰ ਰਮਨਦੀਪ ਸਿੰਘ ਨੇ ਗਸ਼ਤ ਦੌਰਾਨ ਦਿਆਲ ਸਿੰਘ ਉਰਫ ਭਾਡੂ ਨਿਵਾਸੀ ਦੌਲੇਵਾਲਾ ਨੂੰ ਕਾਬੂ ਕਰ ਕੇ ਉਸ ਕੋਲੋਂ 24 ਗ੍ਰਾਮ ਹੈਰੋਇਨ ਬਰਾਮਦ ਕੀਤੀ। ਸਾਰੇ ਕਥਿਤ ਮੁਲਜਮਾਂ ਖਿਲਾਫ ਵੱਖ-ਵੱਖ ਥਾਣਿਆਂ ਵਿਚ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਨੂੰ ਪੁੱਛ-ਗਿੱਛ ਦੇ ਬਾਅਦ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।


author

Gurminder Singh

Content Editor

Related News