ਇਤਿਹਾਸਕ ਗੁਰਦੁਆਰਾ ਤਖਤੂਪੁਰਾ ਸਾਹਿਬ ਦੇ ਨਾਂ ''ਤੇ ਲੱਖਾਂ ਦੀ ਧੋਖਾਦੇਹੀ ਦਾ ਮਾਮਲਾ
Thursday, Jan 23, 2020 - 11:31 AM (IST)

ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ): ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਤਿੰਨ ਪਾਤਸ਼ਾਹੀਆਂ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਨਾਨਕਸਰ ਤਖਤੂਪੁਰਾ ਸਾਹਿਬ ਦੇ ਨਾਂ 'ਤੇ ਰਸੀਦਾਂ ਛਪਵਾ ਕੇ ਦੇਸ਼-ਵਿਦੇਸ਼ 'ਚੋਂ ਲੱਖਾਂ ਰੁਪਏ ਇਕੱਠੇ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਨਿਯੁਕਤ ਗੁਰਦੁਆਰਾ ਤਖਤੂਪੁਰਾ ਸਾਹਿਬ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਨੇ ਐੱਸ. ਡੀ. ਐੱਮ. ਨਿਹਾਲ ਸਿੰਘ ਵਾਲਾ ਰਾਮ ਸਿੰਘ ਨੂੰ ਸ਼ਿਕਾਇਤ ਪੱਤਰ ਦੇ ਕੇ ਉੱਚ ਪੱਧਰੀ ਜਾਂਚ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਅਮਲ 'ਚ ਲਿਆਉਣ ਦੀ ਮੰਗ ਕੀਤੀ ਗਈ ਹੈ। ਐੱਸ. ਡੀ. ਐੱਮ. ਨੇ ਇਸ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਡੀ. ਐੱਸ. ਪੀ. ਨਿਹਾਲ ਸਿੰਘ ਵਾਲਾ ਨੂੰ ਜਾਂਚ ਕਰ ਕੇ ਰਿਪੋਰਟ ਦੇਣ ਲਈ ਕਿਹਾ।
ਉਪਰੰਤ ਪ੍ਰੈੱਸ ਕਾਨਫਰੰਸ ਦੌਰਾਨ ਮੈਨੇਜਰ ਭਾਈ ਰਜਿੰਦਰ ਸਿੰਘ ਨੇ ਦੋਸ਼ ਲਾਇਆ ਕਿ ਮੇਜਰ ਸਿੰਘ, ਸੁਖਚੈਨ ਸਿੰਘ ਅਤੇ ਹੋਰ ਅਣਪਛਾਤੇ ਵਿਅਕਤੀਆਂ ਨੇ ਪ੍ਰੀਟਿੰਗ ਪ੍ਰੈੱਸ ਨਾਲ ਮਿਲ ਕੇ ਇਕ ਗਿਰੋਹ ਬਣਾਇਆ ਹੋਇਆ ਹੈ, ਜਿਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਨਾਂ 'ਤੇ ਰਸੀਦ ਬੁੱਕ ਛਪਵਾ ਕੇ ਪੰਜਾਬ ਤੋਂ ਇਲਾਵਾ ਅਮਰੀਕਾ, ਕੈਨੇਡਾ ਅਤੇ ਹੋਰ ਦੇਸ਼ਾਂ 'ਚੋਂ 35-36 ਲੱਖ ਦੇ ਕਰੀਬ ਰੁਪਏ ਇਕੱਠੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਮੇਜਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਇੰਸਪੈਕਟਰ ਦੀਵਾਨ ਸਿੰਘ ਅਤੇ ਲੋਕਲ ਗੁਰਦੁਆਰਾ ਕਮੇਟੀ ਪ੍ਰਧਾਨ ਕਰਨੈਲ ਸਿੰਘ ਦੀ ਹਾਜ਼ਰੀ 'ਚ ਵੀ ਕਬੂਲ ਕੀਤਾ ਹੈ ਕਿ ਉਨ੍ਹਾਂ ਕੋਲ 21 ਲੱਖ ਰੁਪਏ ਆਏ ਹਨ। ਭਾਈ ਰਜਿੰਦਰ ਸਿੰਘ ਨੇ ਕਿਹਾ ਕਿ 1925 ਦੇ ਗੁਰਦੁਆਰਾ ਐਕਟ ਤਹਿਤ ਗਵਰਨਰ ਸਾਹਿਬ ਕੋਲ ਹੀ ਰਸੀਦਾਂ ਅਤੇ ਲੈਟਰ ਪੈਡ ਛਪਵਾਉਣ ਦਾ ਅਧਿਕਾਰ ਹੈ ਪਰ ਉਕਤ ਵਿਅਕਤੀਆਂ ਨੇ ਗੁਰਦੁਆਰਾ ਸਾਹਿਬ ਦੇ ਨਾਂ 'ਤੇ ਧੋਖਾਦੇਹੀ ਕੀਤੀ ਹੈ, ਜਿਨ੍ਹਾਂ ਖਿਲਾਫ ਸਖਤ ਕਾਰਵਾਈ ਦੀ ਲੋੜ ਹੈ। ਮੈਨੇਜਰ ਰਜਿੰਦਰ ਸਿੰਘ ਨੇ ਕਿਹਾ ਕਿ ਇਸ ਦੀ ਸੂਚਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਨੂੰ ਵੀ ਦੇ ਦਿੱਤੀ ਗਈ ਹੈ। ਇਸ ਮੌਕੇ ਲੋਕ ਗੁਰਦੁਆਰਾ ਕਮੇਟੀ ਪ੍ਰਧਾਨ ਕਰਨੈਲ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਹਾਜ਼ਰ ਸਨ।