ਨਾਜਾਇਜ਼ ਸਬੰਧਾਂ ਦੇ ਸ਼ੱਕ ''ਚ ਵਿਅਕਤੀ ''ਤੇ ਜਾਨਲੇਵਾ ਹਮਲਾ

Saturday, Oct 05, 2019 - 10:10 AM (IST)

ਨਾਜਾਇਜ਼ ਸਬੰਧਾਂ ਦੇ ਸ਼ੱਕ ''ਚ ਵਿਅਕਤੀ ''ਤੇ ਜਾਨਲੇਵਾ ਹਮਲਾ

ਮੋਗਾ (ਆਜ਼ਾਦ)—ਪਿੰਡ ਕਿਸ਼ਨਪੁਰਾ ਕਲਾਂ 'ਚ ਨਾਜਾਇਜ਼ ਸਬੰਧਾਂ ਦੇ ਸ਼ੱਕ ਕਾਰਣ ਹਥਿਆਰਬੰਦ ਵਿਅਕਤੀ ਵੱਲੋਂ ਜਾਨਲੇਵਾ ਹਮਲਾ ਕਰ ਕੇ ਮਨਦੀਪ ਸਿੰਘ ਨੂੰ ਬੁਰੀ ਤਰ੍ਹਾਂ ਨਾਲ ਜ਼ਖਮੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਦਾਖਲ ਕਰਵਾਉਣਾ ਪਿਆ। ਇਸ ਸਬੰਧੀ ਥਾਣਾ ਧਰਮਕੋਟ ਪੁਲਸ ਵੱਲੋਂ ਜ਼ਖਮੀ ਵਿਅਕਤੀ ਦੇ ਭਰਾ ਗੁਰਪ੍ਰੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਕਿਸ਼ਨਪੁਰਾ ਕਲਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਬੂਟਾ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਕਿਸ਼ਨਪੁਰਾ ਕਲਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਿਸ਼ਨਪੁਰਾ ਕਲਾਂ ਦੇ ਸਹਾਇਕ ਥਾਣੇਦਾਰ ਬੂਟਾ ਸਿੰਘ ਵੱਲੋਂ ਕੀਤੀ ਜਾ ਰਹੀ ਹੈ।

ਪੁਲਸ ਸੂਤਰਾਂ ਮੁਤਾਬਕ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਸ ਦਾ ਭਰਾ ਮਨਦੀਪ ਸਿੰਘ ਜਦੋਂ ਮੋਟਰਸਾਈਕਲ 'ਤੇ ਆਪਣੇ ਬੱਚਿਆਂ ਨੂੰ ਸਕੂਲ ਛੱਡ ਕੇ ਘਰ ਵਾਪਸ ਆ ਰਿਹਾ ਸੀ ਤਾਂ ਘਰ ਨੂੰ ਆਉਣ ਵਾਲੀ ਗਲੀ 'ਚ ਪੁੱਜਾ ਤਾਂ ਕਥਿਤ ਦੋਸ਼ੀ ਬੂਟਾ ਸਿੰਘ ਨੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਮੋਟਰਸਾਈਕਲ ਸਮੇਤ ਉਹ ਉਥੇ ਹੀ ਡਿੱਗ ਪਿਆ, ਮੇਰੇ ਭਰਾ ਵੱਲੋਂ ਰੌਲਾ ਪਾਉਣ 'ਤੇ ਜਦੋਂ ਮੈਂ ਉਥੇ ਪਹੁੰਚਿਆ ਤਾਂ ਦੇਖਿਆ ਕਿ ਉਕਤ ਦੋਸ਼ੀ ਛੁਰੇ ਨਾਲ ਵਾਰ-ਵਾਰ ਹਮਲਾ ਕਰ ਰਿਹਾ ਹੈ। ਮੇਰੇ ਉੱਥੇ ਪਹੁੰਚਣ 'ਤੇ ਉਕਤ ਦੋਸ਼ੀ ਉੱਥੋਂ ਭੱਜ ਨਿਕਲਿਆ। ਜ਼ਖਮੀ ਹਾਲਤ 'ਚ ਅਸੀਂ ਉਸ ਨੂੰ ਸਿਵਲ ਹਸਪਤਾਲ ਕੋਟ ਈਸੇ ਖਾਂ ਦਾਖਲ ਕਰਵਾਇਆ, ਨਾਜ਼ੁਕ ਹਾਲਤ ਵੇਖ ਕੇ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਉਣ ਲਈ ਕਿਹਾ, ਜਦੋਂ ਅਸੀਂ ਉਸ ਨੂੰ ਮੋਗਾ ਸਿਵਲ ਹਸਪਤਾਲ ਦਾਖਲ ਕਰਵਾਇਆ ਤਾਂ ਉਨ੍ਹਾਂ ਨੇ ਉਸ ਨੂੰ ਮੈਡੀਕਲ ਕਾਲਜ ਫ਼ਰੀਦਕੋਟ ਭੇਜ ਦਿੱਤਾ। ਉਸ ਨੇ ਕਿਹਾ ਕਿ ਬੂਟਾ ਸਿੰਘ ਨੂੰ ਸ਼ੱਕ ਸੀ ਕਿ ਮੇਰੇ ਭਰਾ ਮਨਦੀਪ ਸਿੰਘ ਦੇ ਉਸ ਦੀ ਪਤਨੀ ਨਾਲ ਨਾਜਾਇਜ਼ ਸਬੰਧ ਹਨ, ਜਿਸ ਕਾਰਣ ਉਸ ਨੇ ਮੇਰੇ ਭਰਾ 'ਤੇ ਜਾਨਲੇਵਾ ਹਮਲਾ ਕੀਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਹ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ, ਉਕਤ ਦੋਸ਼ੀ ਨੂੰ ਕਾਬੂ ਕਰਨ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ।


author

Shyna

Content Editor

Related News