ਚੰਡੀਗੜ੍ਹ ਦੇ ਮੁੱਦੇ ''ਤੇ ਮੰਤਰੀ ਹਰਭਜਨ ਸਿੰਘ ETO ਦਾ ਅਹਿਮ ਬਿਆਨ
Friday, Nov 15, 2024 - 06:44 PM (IST)

ਚੰਡੀਗੜ੍ਹ- ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਵਿਧਾਨ ਸਭਾ ਭਵਨ ਦੀ ਉਸਾਰੀ ਲਈ ਹਰਿਆਣਾ ਨੂੰ ਚੰਡੀਗੜ੍ਹ 'ਚ ਜ਼ਮੀਨ ਅਲਾਟ ਕਰਨ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਇਸ ਕਦਮ ਨੂੰ ਦੋਵਾਂ ਰਾਜਾਂ ਦਰਮਿਆਨ ਤਣਾਅ ਪੈਦਾ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ ਅਤੇ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਬਾਰੇ ਪੰਜਾਬ ਦੇ ਇਤਿਹਾਸਕ ਅਤੇ ਕਾਨੂੰਨੀ ਦਾਅਵਿਆਂ ਦਾ ਸਨਮਾਨ ਕਰਨ ਦੀ ਅਪੀਲ ਕਰਦਿਆਂ ਇਸ ਦੀ ਸਥਿਤੀ ਨੂੰ ਬਦਲਣ ਵਾਲੀ ਕਿਸੇ ਵੀ ਕਾਰਵਾਈ ਨੂੰ ਤੁਰੰਤ ਰੋਕਣ ਦੀ ਅਪੀਲ ਕੀਤੀ ਹੈ।
ਅੱਜ ਜਾਰੀ ਪ੍ਰੈਸ ਬਿਆਨ ਵਿੱਚ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ. ਨੇ ਜ਼ੋਰ ਦੇ ਕੇ ਕਿਹਾ ਕਿ ਚੰਡੀਗੜ੍ਹ, ਪੰਜਾਬ ਦੀ ਰਾਜਧਾਨੀ ਹੋਣ ਦੇ ਨਾਤੇ ਇਥੋਂ ਦੇ ਲੋਕਾਂ ਦੇ ਦਿਲਾਂ ਵਿੱਚ ਇਕ ਵਿਸ਼ੇਸ਼ ਸਥਾਨ ਰੱਖਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਚੰਡੀਗੜ੍ਹ ਦੀ ਜ਼ਮੀਨ ਹਰਿਆਣਾ ਨੂੰ ਅਲਾਟ ਕਰਨ ਦਾ ਕੋਈ ਵੀ ਕਦਮ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਏਗਾ।
ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਦੀ ਮੌਤ ਦੇ ਮਾਮਲੇ 'ਚ ਖੁੱਲ੍ਹੀਆਂ ਵੱਡੀਆਂ ਪਰਤਾਂ, ਖੜ੍ਹੇ ਹੋਣ ਲੱਗੇ ਵੱਡੇ ਸਵਾਲ
ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ, ਜੋ ਪਹਿਲਾਂ ਪੰਜਾਬ ਅਤੇ ਹਰਿਆਣਾ ਦੋਵਾਂ ਦੇ ਕਿਸਾਨਾਂ ਵੱਲੋਂ ਵਿਖਾਏ ਗਏ ਏਕੇ ਅੱਗੇ ਝੁਕ ਗਈ ਸੀ, ਵੱਲੋਂ ਇਸ ਫ਼ੈਸਲੇ ਨੂੰ ਦੋਵਾਂ ਰਾਜਾਂ ਦਰਮਿਆਨ ਟਕਰਾਅ ਪੈਦਾ ਕਰਨ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸੂਬੇ ਵਿੱਚੋਂ ਚੌਲਾਂ ਦੀ ਲਿਫ਼ਟਿੰਗ ਵਿੱਚ ਕੀਤੀ ਦੇਰੀ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਦੌਰਾਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਦਲੀਲ ਦਿੱਤੀ ਕਿ ਇਹ ਫ਼ੈਸਲਾ ਵੀ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਫੰਡ ਰੋਕਣ ਅਤੇ ਸੂਬੇ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਨ ਦੀਆਂ ਕਾਰਵਾਈਆਂ ਵਾਂਗ ਪੰਜਾਬ ਪ੍ਰਤੀ ਚਿੰਤਾਜਨਕ ਰਵੱਈਏ ਨੂੰ ਦਰਸਾਉਂਦਾ ਹੈ।
ਪੰਜਾਬ ਸਰਕਾਰ ਦੇ ਸਪਸ਼ਟ ਰੁਖ ਦੀ ਪੁਸ਼ਟੀ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਚੰਡੀਗੜ੍ਹ 'ਤੇ ਸੂਬੇ ਦੇ ਦਾਅਵੇ 'ਤੇ ਡਟ ਕੇ ਖੜ੍ਹੀ ਹੈ ਅਤੇ ਇਸ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਵਿੱਚ ਮਤਭੇਦ ਬੀਜਣ ਜਾਂ ਨਫ਼ਰਤ ਨੂੰ ਭੜਕਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਅਜਿਹੇ ਪਾੜਾ ਪਾਉਣ ਵਾਲੇ ਯਤਨਾਂ ਦਾ ਡੱਟ ਕੇ ਮੁਕਾਬਲਾ ਕੀਤਾ ਜਾਵੇਗਾ,ਅਤੇ ਅਸੀਂ ਸਾਡੇ ਦੋਵਾਂ ਰਾਜਾਂ ਵਿੱਚ ਮੌਜੂਦ ਸਦਭਾਵਨਾ ਅਤੇ ਏਕਤਾ ਨੂੰ ਕਾਇਮ ਰੱਖਣ ਲਈ ਹਰ ਉਪਰਾਲਾ ਕਰਾਂਗੇ।
ਇਹ ਵੀ ਪੜ੍ਹੋ- ਪਟਿਆਲਾ 'ਚ ਵੱਡੀ ਵਾਰਦਾਤ, ਤੈਸ਼ 'ਚ ਆਏ ਜੇਠ ਨੇ ਭਾਬੀ ਦਾ ਕਰ 'ਤਾ ਬੇਰਹਿਮੀ ਨਾਲ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8