ਜ਼ਿਲ੍ਹਾ ਫ਼ਿਰੋਜ਼ਪੁਰ ’ਚ ਪ੍ਰਸ਼ਾਸਨ ਵੱਲੋਂ ਕੇਂਦਰ ਸਰਕਾਰ ਤੋਂ 40 ਕੰਪਨੀਆਂ ਮੰਗੀਆਂ ਗਈਆਂ

01/18/2022 5:48:10 PM

ਫਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰੀ ਦਵਿੰਦਰ ਸਿੰਘ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਹੈ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ, ਫਿਰੋਜ਼ਪੁਰ ਦਿਹਾਤੀ, ਜ਼ੀਰਾ ਅਤੇ ਗੁਰੂਹਰਸਹਾਏ ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਤਾਇਨਾਤ ਕੀਤੇ ਗਏ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ 40 ਕੰਪਨੀਆਂ ਮੰਗੀਆਂ ਹਨ, ਜਿਨ੍ਹਾਂ ਵਿੱਚੋਂ ਕੁਝ ਕੰਪਨੀਆਂ ਪਹਿਲਾਂ ਹੀ ਫਿਰੋਜ਼ਪੁਰ ਪਹੁੰਚ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ 4 ਵਿਧਾਨ ਸਭਾ ਹਲਕਿਆਂ ਲਈ ਕੁੱਲ 902 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਮੁੱਖ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਸਾਰੇ ਪੋਲਿੰਗ ਬੂਥਾਂ ’ਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। 

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਕੁੱਲ 7 ਲੱਖ 14 ਹਜ਼ਾਰ 685 ਵੋਟਰ ਹਨ, ਜਿਨ੍ਹਾਂ ਵਿੱਚੋਂ 3 ਲੱਖ 75 ਹਜ਼ਾਰ 845 ਪੁਰਸ਼ ਅਤੇ 3 ਲੱਖ 38 ਹਜ਼ਾਰ 825 ਔਰਤਾਂ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਫ਼ਿਰੋਜ਼ਪੁਰ ਸ਼ਹਿਰੀ ਹਲਕਾ ਵਿੱਚ 212, ਹਲਕਾ ਦਿਹਾਤੀ ਵਿੱਚ 241, ਜ਼ੀਰਾ ’ਚ 231 ਅਤੇ ਗੁਰੂਹਰਸਹਾਏ ’ਚ 218 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸਾਰੇ ਵਿਭਾਗਾਂ ਨੂੰ ਹੁਕਮ ਦੇ ਕੇ ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਉਹ ਚੋਣਾਂ ਸਬੰਧੀ ਆਪਣੇ ਰੋਜ਼ਾਨਾ ਦੇ ਕੰਮਾਂ ਦੀ ਰਿਪੋਰਟ ਭੇਜਣ। ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪਣੀ ਚੋਣ ਮੁਹਿੰਮ ਚਲਾਉਣ ਦੀ ਅਪੀਲ ਕੀਤੀ ਹੈ ਅਤੇ ਉਨ੍ਹਾਂ ਨੂੰ ਆਪਣੀ ਚੋਣ ਮੁਹਿੰਮ ’ਚ ਕੋਵਿਡ ਨਾਲ ਸਬੰਧਤ ਜਾਰੀ ਹਦਾਇਤਾਂ ਦਾ ਪੂਰਾ ਧਿਆਨ ਰੱਖਣ।

ਇਹ ਵੀ ਪੜ੍ਹੋ : ਕਾਂਗਰਸ ਲਈ ਇਕ ਹੋਰ ਖ਼ਤਰੇ ਦੀ ਘੰਟੀ, ਟਿਕਟ ਨਾ ਮਿਲਣ ’ਤੇ ‘ਆਪ’ ’ਚੋਂ ਆਏ ਵਿਧਾਇਕ ਕਰ ਸਕਦੇ ਨੇ ਬਗਾਵਤ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੈਸ਼ਨਲ ਐਵਰੇਜ਼ ਨੂੰ ਲੈ ਕੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਕੋਰੋਨਾ ਦੀ ਪਹਿਲੀ ਅਤੇ ਦੂਜੀ ਖੁਰਾਕ ਦੀ ਐਵਰੇਜ ਬਹੁਤ ਘੱਟ ਹੈ, ਇਸ ਲਈ 10 ਦਿਨਾਂ ਦੇ ਅੰਦਰ-ਅੰਦਰ ਸਿਹਤ ਵਿਭਾਗ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਐਨ.ਜੀ.ਓਜ਼ ਦੇ ਸਹਿਯੋਗ ਨਾਲ ਇਸ ਐਵਰੇਜ ਨੂੰ ਵਧਾਉਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਕਿਹਾ ਗਿਆ ਹੈ ਕਿ ਉਹ ਕੋਸ਼ਿਸ਼ ਕਰਨ ਕਿ ਕੋਈ ਵੀ ਵਿਅਕਤੀ ਟੀਕਾ ਲਗਵਾਏ ਬਿਨਾਂ ਨਾ ਰਹੇ। ਉਨ੍ਹਾਂ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਸਰਕਾਰੀ ਜਾਇਦਾਦ, ਸੜਕਾਂ ਜਾਂ ਚੌਕਾਂ ’ਤੇ ਕਿਸੇ ਕਿਸਮ ਦਾ ਫਲੈਕਸ ਜਾਂ ਬੋਰਡ ਨਹੀਂ ਲਗਾ ਸਕਦੀ ਅਤੇ ਕਿਸੇ ਵੀ ਨਿੱਜੀ ਜਾਇਦਾਦ ਦੇ ਮਾਲਕ ਦੀ ਸਹਿਮਤੀ ਤੋਂ ਬਿਨਾਂ ਕੋਈ ਵੀ ਪੋਸਟਰ, ਫਲੈਕਸ ਅਤੇ ਬੋਰਡ ਆਦਿ ਨਹੀਂ ਲਗਾਏ ਜਾ ਸਕਦੇ ਹਨ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Anuradha

This news is Content Editor Anuradha