ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪਾਇਲ ਪੁਲਸ ਨੇ ਵਿਸ਼ੇਸ਼ ਨਾਕਾਬੰਦੀ ਕਰ ਕੇ ਵਾਹਨਾਂ ਦੀ ਕੀਤੀ ਚੈਕਿੰਗ

08/03/2021 10:16:48 PM

ਪਾਇਲ (ਵਿਨਾਇਕ)-ਖੰਨਾ ਪੁਲਸ ਜ਼ਿਲ੍ਹੇ ਦੇ ਸੀਨੀਅਰ ਪੁਲਸ ਕਪਤਾਨ ਗੁਰਸ਼ਰਨਦੀਪ ਸਿੰਘ ਗਰੇਵਾਲ ਐੱਸ. ਐੱਸ. ਪੀ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 15 ਅਗਸਤ ਨੂੰ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਅਤੇ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਅੱਜ ਥਾਣਾ ਪਾਇਲ ਦੇ ਮੁਖੀ ਇੰਸਪੈਕਟਰ ਕਰਨੈਲ ਸਿੰਘ ਦੀ ਅਗਵਾਈ ਹੇਠ ਪਾਇਲ ਪੁਲਸ ਨੇ ਭਾਡੇਵਾਲ ਨਹਿਰ ਪੁਲ ਨੇੜੇ ਵਿਸ਼ੇਸ਼ ਨਾਕਾਬੰਦੀ ਕਰ ਕੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਸਖ਼ਤ ਚੈਕਿੰਗ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਕਰਨੈਲ ਸਿੰਘ ਐੱਸ. ਐੱਚ. ਓ. ਪਾਇਲ ਨੇ ਕਿਹਾ ਕਿ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਨਾਲ ਸਖਤੀ ਨਾਲ ਨਜਿੱਠਣ ਲਈ ਸੁਰੱਖਿਆ ਪ੍ਰਬੰਧ ਸਖਤ ਕੀਤੇ ਗਏ ਹਨ ਅਤੇ ਵਿਧਾਨ ਸਭਾ ਹਲਕਾ ਪਾਇਲ ਦੇ ਵੱਖ-ਵੱਖ ਹੋਟਲਾਂ, ਢਾਬਿਆਂ ਅਤੇ ਬੱਸ ਸਟੈਂਡਾਂ ਦੀ ਜੰਗੀ ਪੱਧਰ ’ਤੇ ਚੈਕਿੰਗ ਸ਼ੁਰੂ ਕੀਤੀ ਗਈ ਹੈ ਅਤੇ ਇਸ ਤੋਂ ਇਲਾਵਾ ਪਾਇਲ ਖੇਤਰ ’ਚ ਥਾਂ-ਥਾਂ ਨਾਕੇ ਲਗਾ ਕੇ ਆਉਣ ਤੇ ਜਾਣ ਵਾਲੇ ਵਾਹਨਾਂ ਦੀ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਹਨੀ ਸਿੰਘ ਖ਼ਿਲਾਫ਼ ਪਤਨੀ ਨੇ ਦਰਜ ਕਰਵਾਇਆ ਘਰੇਲੂ ਹਿੰਸਾ ਦਾ ਕੇਸ, ਅਦਾਲਤ ਵੱਲੋਂ ਨੋਟਿਸ ਜਾਰੀ

ਉਨ੍ਹਾਂ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਤਾੜਨਾ ਕਰਦਿਆਂ ਆਖਿਆ ਕਿ ਕਿਸੇ ਵੀ ਕੀਮਤ ’ਤੇ ਹੁੱਲੜਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਨੂੰ ਕੋਈ ਵੀ ਗਲਤ ਜਾਂ ਸ਼ੱਕੀ ਵਿਅਕਤੀ ਜਾਂ ਕੋਈ ਲਾਵਾਰਿਸ ਵਸਤੂ ਨਜ਼ਰ ਆਉਂਦੀ ਹੈ ਤਾਂ ਤੁਰੰਤ ਬੇਝਿਜਕ ਪੁਲਸ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਹੋਟਲਾਂ ਤੇ ਢਾਬੇ ਵਾਲਿਆਂ ਨੂੰ ਆਖਿਆ ਕਿ ਜੇਕਰ ਕੋਈ ਵੀ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ ਜਾਂ ਠਹਿਰਦਾ ਹੈ ਤਾਂ ਉਸ ਦਾ ਪਛਾਣ ਪੱਤਰ ਚੈੱਕ ਕੀਤਾ ਜਾਵੇ ਅਤੇ ਪੁਲਸ ਨੂੰ ਦੱਸਿਆ ਜਾਵੇ। ਉਨ੍ਹਾਂ ਆਖਿਆ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਹਲਕੇ ਅੰਦਰ ਅਮਨ ਸ਼ਾਂਤੀ ਰੱਖਣ ਲਈ ਅੱਜ ਤੋਂ 15 ਅਗਸਤ ਤੱਕ ਖੁਫੀਆ ਤੰਤਰ ਵੀ ਤਾਇਨਾਤ ਕਰ ਦਿੱਤਾ ਗਿਆ ਹੈ, ਜੋ ਪਲ-ਪਲ ਦੀ ਖਬਰ ਪੁਲਸ ਕੰਟਰੋਲ ਰੂਮ ਨੂੰ ਦੇਵੇਗਾ ਅਤੇ ਚੈਕਿੰਗ ਵੀ ਜਾਰੀ ਰਹੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਏ. ਐੱਸ. ਆਈ. ਮੁਖਤਿਆਰ ਸਿੰਘ ਸਮੇਤ ਹੋਰ ਪੁਲਸ ਮੁਲਾਜ਼ਮ ਹਾਜ਼ਰ ਸਨ।

Manoj

This news is Content Editor Manoj