ਉਦਯੋਗਿਕ ਸੰਸਥਾਵਾਂ ''ਚ ਖਾਲੀ ਸੀਟਾਂ ਦੀ ਸੂਚਨਾਂ ਉਪਲਬੱਧ ਕਰਵਾਈ ਜਾਵੇ: ਏ.ਡੀ.ਸੀ

06/19/2018 10:57:54 AM

ਸ੍ਰੀ ਮੁਕਤਸਰ ਸਾਹਿਬ, (ਪਵਨ ਤਨੇਜਾ, ਸੁਖਪਾਲ ਢਿੱਲੋਂ)— ਪੰਜਾਬ ਸਰਕਾਰ ਵੱਲੋਂ ਜਾਰੀ ਘਰ-ਘਰ ਰੋਜ਼ਗਾਰ ਸਕੀਮ ਨੂੰ ਜ਼ਿਲੇ ਵਿੱਚ ਸਖਤੀ ਨਾਲ ਲਾਗੂ ਕਰਨ ਸਬੰਧੀ ਐਚ.ਐਸ. ਸਰਾਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਵਿਖੇ ਹੋਈ, ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ  ਗੋਪਾਲ ਸਿੰਘ ਸਹਾਇਕ ਕਮਿਸ਼ਨਰ ਜਨਰਲ, ਜਗਮੋਹਨ ਸਿੰਘ ਮਾਨ ਜ਼ਿਲਾ ਭਲਾਈ ਅਫਸਰ ,ਜ਼ਿਲਾ ਰੋਜ਼ਗਾਰ ਉਤਪਤੀ-ਨੋਡਲ ਅਫ਼ਸਰ ਅਸ਼ੋਕ ਜ਼ਿੰਦਲ ਤੋਂ ਇਲਾਵਾ ਜ਼ਿਲੇ ਵਿੱਚ ਚੱਲ ਰਹੀਆਂ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਪ੍ਰਤੀਨਿਧਾਂ ਨੇ ਭਾਗ ਲਿਆ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਰਾਂ ਨੇ ਸਿਖਲਾਈ ਸੰਸਥਾਵਾਂ ਦੇ ਪ੍ਰਤੀਨਿਧਾਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਦੀਆਂ ਸੰਸਥਾਵਾਂ ਵਿੱਚ ਟਰੇਨਿੰਗ ਪ੍ਰਾਪਤ ਕਰਨ ਲਈ ਕਿੰਨੀਆਂ ਸੀਟਾਂ ਖਾਲੀ ਪਈਆਂ ਤਾਂ ਜੋ ਇਨ੍ਹਾਂ ਸੰਸਥਾਵਾਂ ਵਿੱਚ ਪੜ੍ਹੇ ਲਿਖੇ ਬੇਰੁਜ਼ਗਾਰਾਂ ਨੂੰ ਟਰੇਨਿੰਗ ਦੇਣ ਲਈ ਯੋਗ ਟਰੇਨਿੰਗ ਦਾ ਪ੍ਰਬੰਧ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਉਨ੍ਹਾਂ ਦੀਆਂ ਸੰਸਥਾਵਾਂ ਵਿੱਚ ਕਿਹੜੀਆਂ-ਕਿਹੜੀਆਂ ਟਰੇਡਾਂ ਲਈ ਕਿੰਨੇ-ਕਿੰਨੇ ਵਿਦਿਆਰਥੀਆਂ ਕਿੰਨੇ ਸਮੇਂ ਲਈ ਟਰੇਨਿੰਗ ਪ੍ਰਾਪਤ ਕਰ ਰਹੇ ਹਨ ਦੀਆਂ ਸੂਚੀਆਂ ਵੀ ਜ਼ਿਲਾ ਪ੍ਰਸ਼ਾਸਨ ਨੂੰ ਉਪਲਬੱਧ ਕਰਵਾਈਆਂ ਜਾਣ ਤਾਂ ਜੋ ਪੰਜਾਬ ਸਰਕਾਰ ਦੀ ਸ਼ੁਰੂ ਕੀਤੀ ਗਈ ਘਰ-ਘਰ ਨੌਕਰੀ ਪ੍ਰੋਗਰਾਮ ਤਹਿਤ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਇਆ ਜਾ ਸਕੇ। 
ਉਨ੍ਹਾਂ ਜ਼ਿਲਾ ਰੋਜ਼ਗਾਰ ਉਤਪਤੀ-ਨੋਡਲ ਅਫ਼ਸਰ ਨੂੰ ਵੀ ਹਦਾਇਤ ਕੀਤੀ ਕਿ ਉਹ ਜ਼ਿਲੇ ਦੀਆਂ ਸਿੱਖਿਆ ਸੰਸਥਾਵਾਂ ਨਾਲ ਨਿਰੰਤਰ ਤਾਲਮੇਲ ਰੱਖਣ ਤਾਂ ਜੋ ਪੰਜਾਬ ਸਰਕਾਰ ਦੀ ਸ਼ੁਰੂ ਕੀਤੀ ਗਈ ਇਸ ਸਕੀਮ ਨੂੰ ਸਫਲਤਾ ਪੂਰਵਕ ਨੇਪਰੇ ਚੜਾਇਆ ਜਾ ਸਕੇ।